ਚੰਡੀਗੜ੍ਹ – ਪੰਜਾਬ ’ਚ ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀਆਂ ਦੀ ਸ਼ੁਰੂਆਤ 7 ਮਈ ਤੋਂ ਹੋ ਗਈ ਹੈ ਤੇ ਇਸ ਦੀ ਆਖਰੀ ਤਰੀਕ ਮੰਗਲਵਾਰ 14 ਮਈ ਹੈ। ਇਸ ਦੇ ਨਾਲ ਹੀ ਕਾਂਗਰਸ ਵੱਲੋਂ ਪੰਜਾਬ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦਾ ਵੇਰਵਾ ਵੀ ਜਾਰੀ ਕਰ ਦਿੱਤਾ ਗਿਆ ਹੈ। ਕਾਂਗਰਸ ਦੇ ਉਮੀਦਵਾਰ 8 ਮਈ ਨੂੰ ਸੁਖਪਾਲ ਸਿੰਘ ਖਹਿਰਾ ਸੰਗਰੂਰ ਤੋਂ, ਡਾ. ਧਰਮਵੀਰ ਗਾਂਧੀ ਪਟਿਆਲਾ ਤੋਂ, 9 ਮਈ ਨੂੰ ਕੁਲਬੀਰ ਸਿੰਘ ਜ਼ੀਰਾ ਖਡੂਰ ਸਾਹਿਬ ਤੋਂ, ਸੁਖਜਿੰਦਰ ਸਿੰਘ ਰੰਧਾਵਾ ਗੁਰਦਾਸਪੁਰ ਤੋਂ, ਚਰਨਜੀਤ ਸਿੰਘ ਚੰਨੀ ਜਲੰਧਰ ਤੋਂ, ਯਾਮਿਨੀ ਗੋਮਰ ਹੁਸ਼ਿਆਰਪੁਰ ਤੋਂ, ਡਾ. ਅਮਰ ਸਿੰਘ ਫ਼ਤਿਹਗੜ੍ਹ ਸਾਹਿਬ, ਅਮਰਜੀਤ ਕੌਰ ਸਾਹੋਕੇ ਫਰੀਦਕੋਟ ਤੋਂ, 10 ਮਈ ਨੂੰ ਜੀਤ ਮਹਿੰਦਰਜੀਤ ਸਿੰਘ ਸਿੱਧੂ ਬਠਿੰਡਾ ਤੋਂ, 11 ਮਈ ਨੂੰ ਗੁਰਜੀਤ ਸਿੰਘ ਔਜਲਾ ਅੰਮ੍ਰਿਤਸਰ ਤੋਂ ਅਤੇ ਵਿਜੇ ਇੰਦਰ ਸਿੰਗਲਾ ਤੋਂ, 13 ਮਈ ਨੂੰ ਸ੍ਰੀ ਅਨੰਦਪੁਰ ਸਾਹਿਬ ਤੋਂ ਨਾਮਜ਼ਦਗੀ ਕਾਗਜ਼ ਦਾਖ਼ਲ ਕਰਨਗੇ।
ਲੋਕ ਸਭਾ ਚੋਣਾਂ ਲਈ ਪੰਜਾਬ ‘ਚ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 14 ਮਈ ਮੰਗਲਵਾਰ ਹੈ ਅਤੇ ਨਾਮਜ਼ਦਗੀਆਂ ਦੀ ਪੜਤਾਲ 15 ਮਈ ਬੁੱਧਵਾਰ ਨੂੰ ਹੋਵੇਗੀ। ਉਮੀਦਵਾਰ 17 ਮਈ ਸ਼ੁੱਕਰਵਾਰ ਤੱਕ ਆਪਣੀਆਂ ਨਾਮਜ਼ਦਗੀਆਂ ਵਾਪਸ ਲੈ ਸਕਦੇ ਹਨ। ਸੂਬੇ ਵਿਚ 1 ਜੂਨ ਸ਼ਨੀਵਾਰ ਨੂੰ ਵੋਟਾਂ ਪੈਣਗੀਆਂ। ਵੋਟਾਂ ਪੈਣ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗਾ। ਪੰਜਾਬ ਸਮੇਤ ਦੇਸ਼ ’ਚ ਪਈਆਂ ਵੋਟਾਂ ਦੀ ਗਿਣਤੀ 4 ਜੂਨ ਮੰਗਲਵਾਰ ਨੂੰ ਕੀਤੀ ਜਾਵੇਗੀ। ਚੋਣਾਂ ਦੇ ਮੁਕੰਮਲ ਹੋਣ ਦੀ ਅੰਤਿਮ ਮਿਤੀ 6 ਜੂਨ ਵੀਰਵਾਰ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 7 ਮਈ ਤੋਂ 14 ਮਈ ਤਕ ਜਨਤਕ ਛੁੱਟੀ ਤੋਂ ਇਲਾਵਾ ਬਾਕੀ ਸਾਰੇ ਨਿਰਧਾਰਤ ਦਿਨਾਂ ਦੌਰਾਨ ਹਲਕਿਆਂ ਦੇ ਡਿਪਟੀ ਕਮਿਸ਼ਨਰਾਂ-ਕਮ-ਰਿਟਰਨਿੰਗ ਅਫ਼ਸਰਾਂ ਕੋਲ ਸਵੇਰੇ 11 ਵਜੇ ਤੋਂ ਸ਼ਾਮ 3 ਵਜੇ ਤੱਕ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾ ਸਕਦੇ ਹਨ।
ਦੱਸਣਯੋਗ ਹੈ ਕਿ ਨਾਮਜ਼ਦਗੀ ਪੱਤਰ ਫਾਰਮ 2A ’ਚ ਭਰੇ ਜਾਣੇ ਹਨ। ਖ਼ਾਲੀ ਫ਼ਾਰਮ ਸਬੰਧਤ ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੋਲ ਉਪਲਬਧ ਹਨ। ਟਾਈਪ ਕੀਤੇ ਨਾਮਜ਼ਦਗੀ ਪੱਤਰ ਵੀ ਸਵੀਕਾਰ ਕੀਤੇ ਜਾਣਗੇ ਬਸ਼ਰਤੇ ਉਹ ਮੁੱਖ ਚੋਣ ਦਫ਼ਤਰ ਦੀ ਵੈੱਬਸਾਈਟ (https://www.ceopunjab.gov.in) ’ਤੇ ਦਰਸਾਏ ਗਏ ਨਿਰਧਾਰਤ ਫਾਰਮੈਟ ਵਿੱਚ ਹੋਣ। ਉਨ੍ਹਾਂ ਕਿਹਾ ਕਿ 10 ਮਈ ਭਗਵਾਨ ਪਰਸ਼ੂਰਾਮ ਜੈਅੰਤੀ ਵਾਲੇ ਦਿਨ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ 1881 ਤਹਿਤ ਛੁੱਟੀ ਨਹੀਂ ਹੈ। ਇਸ ਲਈ 10 ਮਈ ਨੂੰ ਨਾਮਜ਼ਦਗੀ ਪੱਤਰ ਰਿਟਰਨਿੰਗ ਅਫ਼ਸਰ ਕੋਲ ਭਰੇ ਜਾ ਸਕਦੇ ਹਨ। ਉਨ੍ਹਾਂ ਅੱਗੇ ਦੱਸਿਆ ਕਿ 11 ਮਈ ਨੂੰ ਦੂਜਾ ਸ਼ਨੀਵਾਰ ਅਤੇ 12 ਮਈ ਨੂੰ ਐਤਵਾਰ ਹੋਣ ਕਰਕੇ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਤਹਿਤ ਛੁੱਟੀ ਹੋਵੇਗੀ। ਇਸ ਲਈ ਇਨ੍ਹਾਂ ਦੋਵੇਂ ਦਿਨਾਂ ਦੌਰਾਨ ਨਾਮਜ਼ਦਗੀ ਪੱਤਰ ਨਹੀਂ ਭਰੇ ਜਾ ਸਕਣਗੇ।