ਪੰਜਾਬੀ ਗਾਇਕ ਦਿਲਜੀਤ ਦੁਸਾਂਝ ਦੇ ਘਰ ਦੇ ਨੇੜੇ ਇੱਕ ਕੰਧ ‘ਤੇ ਗਰਮਖਿਆਲੀ ਪੱਖੀ ਅਤੇ ਹੋਰ ਵਿਵਾਦਿਤ ਨਾਅਰੇ ਲਿਖੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਦਲਜੀਤ ਦੋਸਾਂਝ ਦੇ ਜੱਦੀ ਪਿੰਡ ਦੋਸਾਂਝ ਕਲਾਂ ਨੇੜੇ ਗੁਰਾਇਆ ਵਿਖੇ ਗਰਮਖਿਆਲੀ ਨਾਅਰੇ ਲਿਖੇ ਹੋਏ ਹੋਣ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਦਿਲਜੀਤ ਦੋਸਾਂਝ ਦੇ ਇੱਕ ਗੁਆਂਢੀ ਨੇ ਦੱਸਿਆ ਕਿ ਰਾਤ ਕਰੀਬ ਡੇਢ ਵਜੇ ਚਾਰ-ਪੰਜ ਵਿਅਕਤੀ, ਜਿਨ੍ਹਾਂ ਨੇ ਆਪਣੇ ਚਿਹਰੇ ਢਕੇ ਹੋਏ ਸਨ, ਉੱਥੇ ਪਹੁੰਚੇ ਤੇ ਸਪਰੇਅ ਦੀ ਮਦਦ ਨਾਲ ਉਸ ਦੇ ਘਰ ਦੀ ਕੰਧ ਤੇ ਨਾਅਰੇ ਲਿਖ ਗਏ। ਗੁਆਂਢੀ ਨੇ ਸਪੱਸ਼ਟ ਕੀਤਾ ਕਿ ਇਹ ਦਿਲਜੀਤ ਦੋਸਾਂਝ ਦਾ ਘਰ ਨਹੀਂ ਹੈ, ਸਗੋਂ ਉਨ੍ਹਾਂ ਦੇ ਘਰ ਤੋਂ ਕਰੀਬ 100 ਗਜ਼ ਦੀ ਦੂਰੀ ਤੇ ਸਥਿਤ ਘਰ ਹੈ। ਉਸ ਨੇ ਇਹ ਵੀ ਕਿਹਾ ਕਿ ਉਸ ਦਾ ਕਿਸੇ ਵੀ ਸਿਆਸੀ ਪਾਰਟੀ ਨਾਲ ਕੋਈ ਸਬੰਧ ਨਹੀਂ ਹੈ।

ਘਟਨਾ ਤੋਂ ਬਾਅਦ ਪਿੰਡ ਦੀ ਪੰਚਾਇਤ ਵੱਲੋਂ ਕੰਧ ਤੇ ਲਿਖੇ ਨਾਅਰੇ ਮਿਟਾ ਦਿੱਤੇ ਗਏ। ਇਸ ਦੇ ਨਾਲ ਹੀ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਸੂਚਨਾ ਮਿਲਦੇ ਹੀ ਡੀਐਸਪੀ ਭਰਤ ਮਸੀਹ ਪੁਲਿਸ ਟੀਮ ਸਮੇਤ ਮੌਕੇ ਤੇ ਪਹੁੰਚੇ ਅਤੇ ਘਟਨਾ ਦੀ ਜਾਂਚ ਸ਼ੁਰੂ ਕੀਤੀ। ਪੁਲਿਸ ਵੱਲੋਂ ਇਲਾਕੇ ‘ਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ।

ਡੀਐਸਪੀ ਭਰਤ ਮਸੀਹ ਨੇ ਦੱਸਿਆ ਕਿ ਇਸ ਮਾਮਲੇ ‘ਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਮੁਤਾਬਕ ਸੀਸੀਟੀਵੀ ਫੁਟੇਜ ਤੇ ਹੋਰ ਸਬੂਤਾਂ ਦੇ ਆਧਾਰ ਤੇ ਮੁਲਜ਼ਮਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਜਾਂਚ ਅੱਗੇ ਵਧਾਈ ਜਾ ਰਹੀ ਹੈ।