ਪਟਿਆਲਾ ਨਗਰ ਨਿਗਮ ਚੋਣਾਂ ਦੌਰਾਨ ਮਾਹੌਲ ਉਸ ਸਮੇਂ ਗਰਮਾ ਗਿਆ, ਜਦੋਂ ਵਾਰਡ ਨੰਬਰ 32 ਵਿੱਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਵਿਚਕਾਰ ਵਿਵਾਦ ਸਾਹਮਣੇ ਆਇਆ। ਕਾਂਗਰਸ ਦੀ ਮਹਿਲਾ ਉਮੀਦਵਾਰ ਰੇਖਾ ਅਗਰਵਾਲ ਨੇ ‘ਆਪ’ ਉਮੀਦਵਾਰ ਰਣਜੀਤ ਸਿੰਘ ‘ਤੇ ਬਦਸਲੂਕੀ ਕਰਨ, ਗਾਲੀ-ਗਲੋਚ ਕਰਨ ਅਤੇ ਇਤਰਾਜ਼ਯੋਗ ਇਸ਼ਾਰੇ ਕਰਨ ਦੇ ਗੰਭੀਰ ਦੋਸ਼ ਲਗਾਏ ਹਨ। ਦਰਅਸਲ, ਰੇਖਾ ਅਗਰਵਾਲ ਦਾ ਦੋਸ਼ ਹੈ ਕਿ ਚੋਣ ਪ੍ਰਕਿਰਿਆ ਦੌਰਾਨ ਉਨ੍ਹਾਂ ਨਾਲ ਬਦਸਲੂਕੀ ਕੀਤੀ ਗਈ ਅਤੇ ਉਨ੍ਹਾਂ ਨੂੰ ਅੱਖਾਂ ਦਿਖਾਉਣ ਦੇ ਨਾਲ-ਨਾਲ ਗਾਲੀ-ਗਲੋਚ ਵੀ ਕੀਤਾ ਗਿਆ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਪਟਿਆਲਾ ਕਾਂਗਰਸ ਦੇ ਕੋਆਰਡੀਨੇਟਰ ਅਤੇ ਪੰਜਾਬ ਦੇ ਸਾਬਕਾ ADGP ਗੁਰਿੰਦਰ ਢਿੱਲੋਂ ਮੌਕੇ ‘ਤੇ ਪਹੁੰਚ ਗਏ। ਉੱਥੇ ਹੀ ਪੁਲਿਸ ਅਧਿਕਾਰੀਆਂ ਨੇ ਵੀ ਘਟਨਾ ਸਥਾਨ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ।

ਇਸ ਮੌਕੇ ਗੁਰਿੰਦਰ ਢਿੱਲੋਂ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਹੁਕਮਾਂ ਦੇ ਬਾਵਜੂਦ ਚੋਣਾਂ ਦੌਰਾਨ ਇਸ ਤਰ੍ਹਾਂ ਦੀਆਂ ਘਟਨਾਵਾਂ ਸਾਹਮਣੇ ਆਉਣਾ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਸਵੇਰੇ 10 ਵਜੇ ਤੱਕ ਦੀ ਵੋਟਿੰਗ ਪ੍ਰਕਿਰਿਆ ਦੌਰਾਨ ਵੀ ਅਜਿਹਾ ਮਾਹੌਲ ਬਣਾਇਆ ਜਾ ਰਿਹਾ ਹੈ, ਜੋ ਚੋਣਾਂ ਦੀ ਨਿਰਪੱਖਤਾ ‘ਤੇ ਸਵਾਲ ਖੜ੍ਹੇ ਕਰਦਾ ਹੈ। ਗੁਰਿੰਦਰ ਢਿੱਲੋਂ ਨੇ ਕਿਹਾ ਕਿ ਪਟਿਆਲਾ ਵਿੱਚ ਆਮ ਆਦਮੀ ਪਾਰਟੀ ਜਾਂ ਕਿਸੇ ਵੀ ਹੋਰ ਸਿਆਸੀ ਪਾਰਟੀ ਦਾ ਉਮੀਦਵਾਰ ਜੇਕਰ ਕਿਸੇ ਨਾਲ ਧੱਕੇਸ਼ਾਹੀ ਕਰਨ ਦੀ ਕੋਸ਼ਿਸ਼ ਕਰੇਗਾ ਤਾਂ ਕਾਂਗਰਸ ਇਸ ਦਾ ਢੁਕਵਾਂ ਜਵਾਬ ਦੇਵੇਗੀ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਚੋਣਾਂ ਨਿਰਪੱਖ ਅਤੇ ਸ਼ਾਂਤਮਈ ਢੰਗ ਨਾਲ ਹੋਣੀਆਂ ਚਾਹੀਦੀਆਂ ਹਨ ਅਤੇ ਕਿਸੇ ਵੀ ਉਮੀਦਵਾਰ ਜਾਂ ਵੋਟਰ ਨੂੰ ਡਰਾਉਣ-ਧਮਕਾਉਣ ਦੀ ਇਜਾਜ਼ਤ ਨਹੀਂ ਹੋਣੀ ਚਾਹੀਦੀ। ਫਿਲਹਾਲ ਇਸ ਮਾਮਲੇ ਵਿੱਚ ਲੱਗੇ ਦੋਸ਼ਾਂ ਨੂੰ ਲੈ ਕੇ ਦੂਜੇ ਪੱਖ ਦਾ ਜਵਾਬ ਅਤੇ ਪੁਲਿਸ ਦੀ ਅਗਲੀ ਕਾਰਵਾਈ ਅਹਿਮ ਰਹੇਗੀ।