ਨਵੀਂ ਦਿੱਲੀ: ਖ਼ਾਲਸਾ ਕਾਲਜ ਵਿੱਚ ਸਿੱਖ ਵਿਦਿਆਰਥੀ ਦੀ ਦਸਤਾਰ ਉਤਾਰਨ ਵਾਲਿਆਂ ਖ਼ਿਲਾਫ਼ ਧਾਰਾ 299ਏ ਅਤੇ ਹੋਰ ਕਈ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋ ਅਤੇ ਕਾਲਜ ਦੇ ਖ਼ਜ਼ਾਨਚੀ ਇੰਦਰ ਪ੍ਰੀਤ ਸਿੰਘ ਮੌਂਟੀ ਨੇ ਉੱਤਰੀ ਦਿੱਲੀ ਦੇ ਡੀਸੀਪੀ ਸੁਧਾਂਸ਼ੂ ਵਰਮਾ ਨਾਲ ਮੁਲਾਕਾਤ ਕੀਤੀ, ਜਿਸ ਤੋਂ ਬਾਅਦ ਪੁਲੀਸ ਨੇ ਸਖ਼ਤ ਕਾਰਵਾਈ ਕਰਦਿਆਂ ਹੇਠਲੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਦਿੱਲੀ ਕਮੇਟੀ ਆਪਣੀ ਜਿੰਮੇਵਾਰੀ ਅਨੁਸਾਰ ਲੋੜੀਂਦੀ ਕਾਰਵਾਈ ਕਰ ਰਹੀ ਹੈ ਪਰ ਕੁਝ ਲੋਕ ਆਪਣੀ ਸਿਆਸਤ ਚਮਕਾਉਣ ਲਈ ਸੰਗਤਾਂ ਨੂੰ ਗੁੰਮਰਾਹ ਕਰ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਇਸੇ ਲਈ ਅਸੀਂ ਨਹੀਂ ਚਾਹੁੰਦੇ ਸੀ ਕਿ ਖਾਲਸਾ ਕਾਲਜਾਂ ਦੇ ਬੱਚੇ ਚੋਣਾਂ ਵਿੱਚ ਹਿੱਸਾ ਲੈਣ ਪਰ ਅਕਾਲੀ ਦਲ ਬਾਦਲ ਨੇ ਅਦਾਲਤ ਵਿੱਚ ਜਾ ਕੇ ਕੇਸ ਦਾਇਰ ਕਰ ਦਿੱਤਾ ਅਤੇ ਸਾਨੂੰ ਚੋਣ ਲੜਨ ਲਈ ਮਜਬੂਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇੱਕ ਲੜਕੇ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਵਿੱਚ ਸ਼ਾਮਲ ਬਾਕੀਆਂ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।