ਅੰਮ੍ਰਿਤਸਰ: ਪੰਜਾਬ ‘ਚ ਅੱਜ ਇਕ ਵਾਰ ਫਿਰ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਮੰਦਭਾਗੀ ਘਟਨਾ ਵਾਪਰੀ ਤਾਜ਼ਾ ਜਾਣਕਾਰੀ ਅਨੁਸਾਰ ਹਲਕਾ ਬਾਬਾ ਬਕਾਲਾ ਸਾਹਿਬ ਦੇ ਅਧੀਨ ਆਉਂਦੇ ਪਿੰਡ ਸਠਿਆਲਾ ਵਿੱਚ ਸਵੇਰੇ ਗੁਰੂਦੁਆਰਾ ਪਾਤਸ਼ਾਹੀ ਨੌਵੀਂ ਸ੍ਰੀ ਗੁਰੂ ਤੇਗ ਬਹਾਦਰ ਜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਵਾਪਤੀ। ਜਿਸ ਤੋਂ ਬਾਅਦ ਪਿੰਡ ਦੇ ਲੋਕਾਂ ਵਿੱਚ ਭਾਰੀ ਰੋਸ ਹੈ ।
ਮੌਕੇ ਤੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਅੰਗ ਗਲੀਆਂ ਵਿੱਚ ਖਿਲਰੇ ਹੋਏ ਮਿਲੇ। ਗੁਰਦੁਆਰਾ ਸਾਹਿਬ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਵਿੱਚ ਸਾਹਮਣੇ ਆਇਆ ਕਿ ਕੁਝ ਅਣਪਛਾਤੇ ਵਿਅਕਤੀਆਂ ਨੇ ਤਾਰਾਂ ਕੱਟ ਕੇ ਗੁਰਦੁਆਰਾ ਕੰਪਲੈਕਸ ਵਿੱਚ ਭੰਨਤੋੜ ਕੀਤੀ ਅਤੇ ਘਟਨਾ ਨੂੰ ਅੰਜ਼ਾਮ ਦਿੱਤਾ। ਇਸ ਘਟਨਾ ਨਾਲ ਪੂਰੇ ਪਿੰਡ ਵਿੱਚ ਸਨਸਨੀ ਫੈਲ ਗਈ ਅਤੇ ਲੋਕ ਤੁਰੰਤ ਮੌਕੇ ‘ਤੇ ਇਕੱਠੇ ਹੋਣੇ ਸ਼ੁਰੂ ਹੋ ਗਏ। ਪਿੰਡ ਵਾਸੀਆਂ ਨੇ ਤੁਰੰਤ ਪੁਲਿਸ ਨੂੰ ਘਟਨਾ ਦੀ ਜਾਣਕਾਰੀ ਦਿੱਤੀ। ਜਿਸ ਤੋਂ ਬਾਅਦ ਪੁਲਿਸ ਟੀਮ ਘਟਨਾ ਸਥਾਨ ‘ਤੇ ਪਹੁੰਚੀ।
ਬਾਬਾ ਬਕਾਲਾ ਦੇ ਡੀਐਸਪੀ ਅਰੁਣ ਸ਼ਰਮਾ ਨੇ ਆਪਣੀ ਟੀਮ ਸਮੇਤ ਮੌਕੇ ‘ਤੇ ਪਹੁੰਚ ਕੇਗੁਰਦੁਆਰਾ ਸਾਹਿਬ ਤੇ ਆਲੇ-ਦੁਆਲੇ ਦੇ ਇਲਾਕੇ ਦਾ ਜਾਇਜ਼ਾ ਲਿਆ। ਪੁਲਿਸ ਨੇ ਗੁਰਦੁਆਰਾ ਸਾਹਿਬ ਦੀ ਸੀਸੀਟੀਵੀ ਫੁਟੇਜ ਅਤੇ ਹੋਰ ਸੁਰਾਗਾਂ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਤਾਂ ਜੋ ਦੋਸ਼ੀਆਂ ਦੀ ਪਛਾਣ ਕੀਤੀ ਜਾ ਸਕੇ। ਦੱਸ ਦਈਏ ਕਿ ਇਸ ਘਟਨਾ ਨੇ ਨਾ ਸਿਰਫ਼ ਪਿੰਡ ਦੇ ਲੋਕਾਂ ਦੇ ਮਨਾ ਨੂੰ ਠੇਸ ਪਹੁੰਚਾਈ ਹੈ, ਸਗੋਂ ਸ਼ਰਧਾਲੂਆਂ ਵਿੱਚ ਡੂੰਘਾ ਦੁੱਖ ਅਤੇ ਗੁੱਸਾ ਵੀ ਪੈਦਾ ਕੀਤਾ ਹੈ। ਸਥਾਨਕ ਪ੍ਰਸ਼ਾਸਨ ਨੇ ਵੀ ਘਟਨਾ ਸਥਾਨ ਦਾ ਦੌਰਾ ਕੀਤਾ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦਾ ਭਰੋਸਾ ਦਿੱਤਾ ।
