ਨਵੀਂ ਦਿੱਲੀ: ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵੀਰਵਾਰ ਨੂੰ 92 ਸਾਲਾਂ ਦੇ ਹੋ ਗਏ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਵੱਖ-ਵੱਖ ਸਿਆਸੀ ਅਤੇ ਸਮਾਜਿਕ ਹਸਤੀਆਂ ਨੇ ਉਨ੍ਹਾਂ ਨੂੰ ਜਨਮਦਿਨ ਦੀਆਂ ਵਧਾਈਆਂ ਦਿੱਤੀਆਂ ਹਨ। ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਸਾਬਕਾ ਪ੍ਰਧਾਨ ਮੰਤਰੀ ਦੀ ਹਲੀਮੀ, ਸਿਆਣਪ ਅਤੇ ਸੇਵਾ ਭਾਵਨਾ ਦੀ ਸ਼ਲਾਘਾ ਕੀਤੀ ਹੈ। ਡਾ. ਮਨਮੋਹਨ ਸਿੰਘ 2004 ਤੋਂ 2014 ਤੱਕ ਯੂਪੀਏ ਸਰਕਾਰ ਵਿਚ

ਪ੍ਰਧਾਨ ਮੰਤਰੀ ਰਹੇ। ਇਸ ਤੋਂ ਪਹਿਲਾਂ ਉਹ 1991 ਤੋਂ 1996 ਤੱਕ ਪੀਵੀ ਨਰਸਿਮਹਾ ਰਾਓ ਦੇ ਪ੍ਰਧਾਨ ਮੰਤਰੀ ਹੁੰਦਿਆਂ ਵਿੱਤ ਮੰਤਰੀ ਰਹੇ ਅਤੇ ਇਸ ਦੌਰਾਨ ਉਨ੍ਹਾਂ ਮੁਲਕ ਵਿਚ ਵਿਆਪਕ ਸੁਧਾਰਾਂ ਅਤੇ ਉਦਾਰੀਕਰਨ ਦੀਆਂ ਨੀਤੀਆਂ ਦੀ ਸ਼ੁਰੂਆਤ ਕੀਤੀ ਸੀ। ਉਨ੍ਹਾਂ ਦਾ ਜਨਮ 1932 ਵਿਚ ਲਹਿੰਦੇ ਪੰਜਾਬ ਦੇ ਚਕਵਾਲ ਜ਼ਿਲ੍ਹੇ ਦੇ ਪਿੰਡ ਗਾਹ ਵਿਚ ਹੋਇਆ ਸੀ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਐਕਸ’ ਉਤੇ ਇਕ ਪੋਸਟ ਵਿਚ ਕਿਹਾ, ‘ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਜੀ ਨੂੰ ਜਨਮਦਿਨ ਦੀਆਂ ਵਧਾਈਆਂ। ਮੈਂ ਉਨ੍ਹਾਂ ਦੀ ਲੰਬੀ ਤੇ ਸਿਹਤਮੰਦ ਜ਼ਿੰਦਗੀ ਲਈ ਪ੍ਰਾਰਥਨਾ ਕਰਦਾ ਹਾਂ।’ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸਾਬਕਾ ਪ੍ਰਧਾਨ ਮੰਤਰੀ ਨੂੰ ਜਨਮਦਿਨ ਦੀ ‘ਨਿੱਘੀ’ ਮੁਬਾਰਕਬਾਦ ਦਿੱਤੀ। ਰਾਹੁਲ ਗਾਂਧੀ ਨੇ ਵੀ ਉਨ੍ਹਾਂ ਨੂੰ ‘ਐਕਸ’ ਉਤੇ ਵਧਾਈ ਦਿੰਦਿਆਂ ਕਿਹਾ, ‘ਡਾ. ਮਨਮੋਹਨ ਸਿੰਘ ਜੀ ਜਨਮਦਿਨ ਦੀਆਂ ਮੁਬਾਰਕਾਂ। ਸਾਡੇ ਦੇਸ਼ ਦੇ ਨਿਰਮਾਣ ਲਈ ਤੁਹਾਡੀ ਹਲੀਮੀ, ਸਿਆਣਪ ਅਤੇ ਨਿਰਸਵਾਰਥ ਸੇਵਾ ਭਾਵਨਾ ਮੇਰੇ ਸਮੇਤ ਕਰੋੜਾਂ ਭਾਰਤੀਆਂ ਨੂੰ ਪ੍ਰੇਰਣਾ ਦਿੰਦੀ ਹੈ।’’