ਪੰਜਾਬ ਦੀ ਸਿਆਸਤ ਨਾਲ ਜੁੜੀ ਇਸ ਵੇਲੇ ਦੀ ਵੱਡੀ ਖ਼ਬਰ ਹੁਸ਼ਿਆਰਪੁਰ ਤੋਂ ਸਾਹਮਣੇ ਆ ਰਹੀ ਹੈ, ਜਿੱਥੇ ਪੰਜਾਬ ਦੀ ਪਿਛਲੀ ਕਾਂਗਰਸ ਸਰਕਾਰ ਵਿੱਚ ਉਦਯੋਗ ਮੰਤਰੀ ਰਹੇ ਸੁੰਦਰ ਸ਼ਾਮ ਅਰੋੜਾ ਦੀਆਂ ਮੁਸ਼ਕਿਲਾਂ ਇੱਕ ਵਾਰ ਫਿਰ ਵਧਦੀਆਂ ਨਜ਼ਰ ਆ ਰਹੀਆਂ ਹਨ। ਅੱਜ ਸਵੇਰੇ ਤੜਕਸਾਰ ਕਰੀਬ 5 ਵਜੇ ਕੇਂਦਰੀ ਜਾਂਚ ਏਜੰਸੀਆਂ ਦੀਆਂ ਟੀਮਾਂ ਨੇ ਸੁੰਦਰ ਸ਼ਾਮ ਅਰੋੜਾ ਦੀ ਹੁਸ਼ਿਆਰਪੁਰ ਸਥਿਤ ਰਿਹਾਇਸ਼ ‘ਤੇ ਦਸਤਕ ਦਿੱਤੀ। ਜਾਣਕਾਰੀ ਮੁਤਾਬਕ ਇਨਕਮ ਟੈਕਸ ਵਿਭਾਗ ਅਤੇ ਇਨਫੋਰਸਮੈਂਟ ਡਾਇਰੈਕਟੋਰੇਟ ਯਾਨੀ ਈ.ਡੀ. ਦੀਆਂ ਟੀਮਾਂ ਵੱਲੋਂ ਇਹ ਛਾਪੇਮਾਰੀ ਕੀਤੀ ਗਈ ਹੈ।
ਸਵੇਰੇ-ਸਵੇਰੇ ਹੋਈ ਇਸ ਕਾਰਵਾਈ ਤੋਂ ਬਾਅਦ ਇਲਾਕੇ ਵਿੱਚ ਹਲਚਲ ਮਚ ਗਈ। ਜਾਂਚ ਏਜੰਸੀਆਂ ਦੀਆਂ ਵੱਖ-ਵੱਖ ਟੀਮਾਂ ਨੇ ਰਿਹਾਇਸ਼ ਨੂੰ ਘੇਰੇ ਵਿੱਚ ਲੈ ਕੇ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ, ਇਸ ਕਾਰਵਾਈ ਪਿੱਛੇ ਕੀ ਕਾਰਨ ਹਨ ਅਤੇ ਜਾਂਚ ਦਾ ਮੁੱਖ ਕੇਂਦਰ ਕੀ ਹੈ, ਇਸ ਬਾਰੇ ਅਜੇ ਤੱਕ ਕੋਈ ਅਧਿਕਾਰਤ ਵੇਰਵਾ ਸਾਹਮਣੇ ਨਹੀਂ ਆਇਆ। ਤੁਹਾਨੂੰ ਦੱਸ ਦੇਈਏ ਕਿ ਸੁੰਦਰ ਸ਼ਾਮ ਅਰੋੜਾ ਦੇ ਘਰ ਜਾਂਚ ਏਜੰਸੀਆਂ ਦੀ ਇਹ ਪਹਿਲੀ ਕਾਰਵਾਈ ਨਹੀਂ ਹੈ। ਇਸ ਤੋਂ ਪਹਿਲਾਂ ਵੀ ਉਨ੍ਹਾਂ ਦੀ ਰਿਹਾਇਸ਼ ‘ਤੇ ਆਮਦਨ ਕਰ ਵਿਭਾਗ ਵੱਲੋਂ ਲਗਾਤਾਰ ਤਿੰਨ ਦਿਨ, ਯਾਨੀ ਕਰੀਬ 62 ਘੰਟਿਆਂ ਤੱਕ ਜਾਂਚ ਕੀਤੀ ਗਈ ਸੀ।
ਉਸ ਸਮੇਂ ਸੁੰਦਰ ਸ਼ਾਮ ਅਰੋੜਾ ਨੇ ਸਪੱਸ਼ਟ ਕੀਤਾ ਸੀ ਕਿ ਇਹ ਕਾਰਵਾਈ ਸੀ.ਬੀ.ਆਈ. ਵੱਲੋਂ ਨਹੀਂ, ਸਗੋਂ ਇਨਕਮ ਟੈਕਸ ਵਿਭਾਗ ਵੱਲੋਂ ਕੀਤੀ ਗਈ ਸੀ। ਉਨ੍ਹਾਂ ਮੁਤਾਬਕ ਇਹ ਜਾਂਚ ਉਨ੍ਹਾਂ ਦੇ ਬੇਟੇ ਦੇ ਪ੍ਰਾਪਰਟੀ ਕਾਰੋਬਾਰ ਨਾਲ ਸਬੰਧਤ ਸੀ। ਉਨ੍ਹਾਂ ਨੇ ਇਹ ਵੀ ਦਾਅਵਾ ਕੀਤਾ ਸੀ ਕਿ ਜਾਂਚ ਦੌਰਾਨ ਟੀਮਾਂ ਨੂੰ ਕੋਈ ਵੀ ਗੈਰ-ਕਾਨੂੰਨੀ ਚੀਜ਼ ਨਹੀਂ ਮਿਲੀ ਸੀ। ਫਿਲਹਾਲ ਅੱਜ ਦੀ ਛਾਪੇਮਾਰੀ ਨੂੰ ਲੈ ਕੇ ਸਭ ਦੀਆਂ ਨਜ਼ਰਾਂ ਜਾਂਚ ਏਜੰਸੀਆਂ ਦੀ ਅਗਲੀ ਕਾਰਵਾਈ ‘ਤੇ ਟਿਕੀਆਂ ਹੋਈਆਂ ਹਨ। ਹੁਣ ਦੇਖਣਾ ਹੋਵੇਗਾ ਕਿ ਇਸ ਜਾਂਚ ਵਿੱਚ ਕੀ ਕੁਝ ਸਾਹਮਣੇ ਆਉਂਦਾ ਹੈ।














