ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਕਥਿਤ ਖੁਦਕੁਸ਼ੀ ਦੇ ਮਾਮਲੇ ਵਿੱਚ ਨਵਾਂ ਮੋੜ ਆਇਆ ਹੈ। ਸਾਬਕਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਮੰਡੀ ਗੋਬਿੰਦਗੜ੍ਹ ਤੋਂ ਗ੍ਰਿਫ਼ਤਾਰੀ ਤੋਂ ਬਾਅਦ ਹੁਣ ਮ੍ਰਿਤਕ ਦੇ ਪਰਿਵਾਰ ਨੇ ਮਾਮਲੇ ਦੀ ਸੀਬੀਆਈ (CBI) ਜਾਂਚ ਅਤੇ ਪੀਜੀਆਈ (PGI) ਚੰਡੀਗੜ੍ਹ ਦੇ ਡਾਕਟਰਾਂ ਦੇ ਵਿਸ਼ੇਸ਼ ਪੈਨਲ ਰਾਹੀਂ ਪੋਸਟਮਾਰਟਮ ਕਰਵਾਉਣ ਦੀ ਮੰਗ ਕੀਤੀ ਹੈ। ਮ੍ਰਿਤਕ ਦੀ ਪਤਨੀ ਉਪਿੰਦਰ ਕੌਰ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਭੁੱਲਰ ਦੇ ਪਿਤਾ ਸੁਖਦੇਵ ਸਿੰਘ ਅਤੇ ਨਿੱਜੀ ਸਹਾਇਕ ਦਿਲਬਾਗ ਸਿੰਘ ਗ੍ਰਿਫ਼ਤਾਰ ਨਹੀਂ ਹੁੰਦੇ, ਇਨਸਾਫ਼ ਅਧੂਰਾ ਹੈ।

ਜਾਂਚ ’ਤੇ ਸਵਾਲ ਉਠਾਉਂਦਿਆਂ ਮ੍ਰਿਤਕ ਦੀ 17 ਸਾਲਾ ਧੀ ਹਰਸੀਰਤ ਕੌਰ ਨੇ ਭਾਵੁਕ ਹੁੰਦਿਆਂ ਪੁੱਛਿਆ ਕਿ ਹੁਣ ਤੱਕ ਪੁਲੀਸ ਨੇ ਉਨ੍ਹਾਂ ਵਟਸਐਪ ਕਾਲਾਂ ਅਤੇ ਧਮਕੀਆਂ ਦੀ ਜਾਂਚ ਕਿਉਂ ਨਹੀਂ ਕੀਤੀ, ਜਿਨ੍ਹਾਂ ਨੇ ਉਸ ਦੇ ਪਿਤਾ ਨੂੰ ਇਸ ਮੌਤ ਦੇ ਮੂੰਹ ਵੱਲ ਧੱਕਿਆ।
ਪਰਿਵਾਰ ਨੇ 10 ਲੱਖ ਰੁਪਏ ਦੀ ਰਿਸ਼ਵਤ ਨਾਲ ਜੁੜੀ ਇੱਕ ਕਥਿਤ ਵੀਡੀਓ ਦੀ ਸਾਈਬਰ ਜਾਂਚ ਕਰਵਾਉਣ ’ਤੇ ਵੀ ਜ਼ੋਰ ਦਿੱਤਾ ਹੈ। ਪਰਿਵਾਰਕ ਮੈਂਬਰਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਨਿਰਪੱਖ ਜਾਂਚ ਦੀ ਗੁਹਾਰ ਲਗਾਈ ਹੈ ਅਤੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਪੁਲੀਸ ਨੇ ਪੂਰੀ ਪਾਰਦਰਸ਼ਤਾ ਨਾ ਦਿਖਾਈ ਤਾਂ ਉਹ ਵੱਡਾ ਅੰਦੋਲਨ ਸ਼ੁਰੂ ਕਰਨਗੇ।