ਕਿਸਾਨ ਨੇਤਾਵਾਂ ਅਤੇ ਕੇਂਦਰ ਸਰਕਾਰ ਵਿਚਾਲੇ ਐਤਵਾਰ ਨੂੰ ਚੌਥੇ ਦੌਰ ਦੀ ਬੈਠਕ ‘ਚ ਕੇਂਦਰੀ ਮੰਤਰੀਆਂ ਨੇ 3 ਫਸਲਾਂ ਮੱਕੀ, ਕਪਾਹ ਅਤੇ ਦਾਲਾਂ (ਅਰਹਰ ਅਤੇ ਉੜਦ) ‘ਤੇ ਘੱਟੋ-ਘੱਟ ਸਮਰਥਨ ਮੁੱਲ ਦੇਣ ਦਾ ਪ੍ਰਸਤਾਵ ਰੱਖਿਆ। ਇਹ ਪੰਜ ਸਾਲਾਂ ਲਈ ਸਹਿਕਾਰੀ ਸਭਾਵਾਂ ਰਾਹੀਂ ਖਰੀਦੇ ਜਾਣਗੇ। ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਕਿਹਾ ਕਿ ਇਹ 5 ਸਾਲ ਦਾ ਇਕਰਾਰਨਾਮਾ NAFED ਅਤੇ NCCF ਨਾਲ ਹੋਵੇਗਾ।

ਕੇਂਦਰੀ ਮੰਤਰੀਆਂ ਅਤੇ ਕਿਸਾਨਾਂ ਦੀ ਮੀਟਿੰਗ ਡੀਗੜ੍ਹ ਦੇ ਸੈਕਟਰ-26 ਸਥਿਤ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ ਦੇ ਅਹਾਤੇ ਵਿੱਚ ਐਤਵਾਰ ਸ਼ਾਮ ਸਾਢੇ ਅੱਠ ਵਜੇ ਸ਼ੁਰੂ ਹੋਈ। ਇਹ 5 ਘੰਟੇ ਤੋਂ ਵੱਧ ਸਮਾਂ ਚੱਲਿਆ। ਮੀਟਿੰਗ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਸਮੇਤ ਕੇਂਦਰੀ ਮੰਤਰੀ ਅਰਜੁਨ ਮੁੰਡਾ, ਨਿਤਿਆਨੰਦ ਰਾਏ, ਪਿਊਸ਼ ਗੋਇਲ, ਕਿਸਾਨ ਆਗੂ ਸਰਵਣ ਸਿੰਘ ਪੰਧੇਰ, ਜਗਜੀਤ ਸਿੰਘ ਡੱਲੇਵਾਲ ਹਾਜ਼ਰ ਸਨ।
ਕੇਂਦਰ ਦੇ ਇਸ ਪ੍ਰਸਤਾਵ ‘ਤੇ ਮੀਟਿੰਗ ‘ਚ ਮੌਜੂਦ ਕਿਸਾਨ ਆਗੂਆਂ ਨੇ ਕਿਹਾ ਕਿ ਉਹ ਸਾਰੀਆਂ ਜਥੇਬੰਦੀਆਂ ਨਾਲ ਗੱਲਬਾਤ ਕਰਕੇ ਮੰਗਲਵਾਰ ਯਾਨੀ ਭਲਕੇ ਅੰਤਿਮ ਫੈਸਲਾ ਦੇਣਗੇ। ਮੀਟਿੰਗ ਖਤਮ ਹੋਣ ਤੋਂ ਬਾਅਦ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਅਸੀਂ ਆਪਣੇ ਫੋਰਮ ਅਤੇ ਮਾਹਿਰਾਂ ਨਾਲ ਸਰਕਾਰ ਦੇ ਪ੍ਰਸਤਾਵ (ਐੱਮ.ਐੱਸ.ਪੀ.) ‘ਤੇ ਚਰਚਾ ਕਰਾਂਗੇ ਅਤੇ ਫਿਰ ਕਿਸੇ ਨਤੀਜੇ ‘ਤੇ ਪਹੁੰਚਾਂਗੇ।

ਪੰਜਾਬ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਉਹ 19 ਅਤੇ 20 ਫਰਵਰੀ ਨੂੰ ਸਮੂਹ ਜਥੇਬੰਦੀਆਂ ਨਾਲ ਗੱਲਬਾਤ ਕਰਨਗੇ। ਇਸ ਤੋਂ ਬਾਅਦ 20 ਤਰੀਕ ਦੀ ਸ਼ਾਮ ਨੂੰ ਅਸੀਂ ਆਪਣਾ ਫੈਸਲਾ ਸੁਣਾਵਾਂਗੇ। ਉਨ੍ਹਾਂ ਕਿਹਾ ਸਰਕਾਰ ਹੋਰ ਮੰਗਾਂ ‘ਤੇ ਵੀ ਵਿਚਾਰ ਕਰੇਗੀ। ਜੇਕਰ ਕੋਈ ਨਤੀਜਾ ਨਾ ਨਿਕਲਿਆ ਤਾਂ ਅਸੀਂ 21 ਫਰਵਰੀ ਨੂੰ ‘ਦਿੱਲੀ ਚਲੋ’ ਮਾਰਚ ਜਾਰੀ ਰੱਖਾਂਗੇ।