ਚੰਡੀਗੜ੍ਹ : ਅੱਜ ਪੰਜਾਬ ਸਮੇਤ ਦੇਸ਼ ਦੇ ਕਈ ਰਾਜਾਂ ਵਿੱਚ ਕਿਸਾਨਾਂ ਨੇ ਕੇਂਦਰ ਸਰਕਾਰ ਦੀਆਂ ਨੀਤੀਆਂ ਅਤੇ ਪ੍ਰਸਤਾਵਿਤ ਭਾਰਤ-ਅਮਰੀਕਾ ਵਪਾਰ ਸਮਝੌਤੇ ਦੇ ਵਿਰੋਧ ਵਿੱਚ ਮੋਟਰਸਾਈਕਲ ਮਾਰਚ ਕੱਢਿਆ। ਅੰਮ੍ਰਿਤਸਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਹਜ਼ਾਰਾਂ ਕਿਸਾਨ ਸੜਕਾਂ ‘ਤੇ ਉਤਰੇ ਅਤੇ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਇਹ ਸਮਝੌਤਾ ਕਿਸਾਨਾਂ, ਮਜ਼ਦੂਰਾਂ, ਛੋਟੇ ਵਪਾਰੀਆਂ ਅਤੇ ਆਮ ਲੋਕਾਂ ਦੇ ਹਿੱਤਾਂ ਦੇ ਖ਼ਿਲਾਫ਼ ਹੈ।
ਅੰਮ੍ਰਿਤਸਰ ਜ਼ਿਲ੍ਹੇ ਦੇ ਜੰਡਿਆਲਾ ਗੁਰੂ, ਮਜੀਠਾ, ਅਜਨਾਲਾ, ਲੋਪੋਕੇ, ਚੋਗਾਵਾਂ ਅਤੇ ਬਾਬਾ ਬਕਾਲਾ ਸਮੇਤ ਕਈ ਇਲਾਕਿਆਂ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਇਸ ਮਾਰਚ ਵਿੱਚ ਸ਼ਾਮਲ ਹੋਏ। ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਪ੍ਰਸਤਾਵਿਤ ਭਾਰਤ-ਅਮਰੀਕਾ ਵਪਾਰ ਸਮਝੌਤਾ ਦੇਸ਼ ਦੀ ਖੇਤੀ, ਡੇਅਰੀ, ਤੇਲਬੀਜ ਉਦਯੋਗ ਅਤੇ ਸੂਖਮ, ਲਘੂ ਤੇ ਦਰਮਿਆਨੇ ਉਦਯੋਗ (MSME) ਸੈਕਟਰ ਲਈ ਗੰਭੀਰ ਖ਼ਤਰਾ ਬਣ ਸਕਦਾ ਹੈ।
ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜੇਕਰ ਇਹ ਸਮਝੌਤਾ ਲਾਗੂ ਹੁੰਦਾ ਹੈ ਤਾਂ ਵਿਦੇਸ਼ੀ ਉਤਪਾਦਾਂ ਲਈ ਭਾਰਤੀ ਬਾਜ਼ਾਰ ਹੋਰ ਜ਼ਿਆਦਾ ਖੁੱਲ੍ਹ ਜਾਵੇਗਾ, ਜਿਸ ਨਾਲ ਕਿਸਾਨਾਂ ਅਤੇ ਛੋਟੇ ਉਦਯੋਗਾਂ ਨੂੰ ਸਖ਼ਤ ਮੁਕਾਬਲੇ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਦਾ ਦੋਸ਼ ਹੈ ਕਿ ਇਸ ਦਾ ਸਭ ਤੋਂ ਵੱਡਾ ਅਸਰ ਕਿਸਾਨਾਂ ਦੀ ਆਮਦਨ ਅਤੇ ਪੇਂਡੂ ਆਰਥਿਕਤਾ ‘ਤੇ ਪਵੇਗਾ।
ਕਿਸਾਨ ਆਗੂ ਪੰਧੇਰ ਨੇ ਦੱਸਿਆ ਕਿ ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਮੋਟਰਸਾਈਕਲ ਮਾਰਚ ਕੱਢੇ ਗਏ, ਜਿਨ੍ਹਾਂ ਵਿੱਚ ਕਿਸਾਨ ਮਜ਼ਦੂਰ ਮੋਰਚਾ, ਸੰਯੁਕਤ ਕਿਸਾਨ ਮੋਰਚਾ (ਗ਼ੈਰ-ਸਿਆਸੀ), ਆਜ਼ਾਦ ਕਿਸਾਨ ਮੋਰਚਾ ਸਮੇਤ ਕਈ ਕਿਸਾਨ ਜਥੇਬੰਦੀਆਂ ਨੇ ਹਿੱਸਾ ਲਿਆ। ਉਨ੍ਹਾਂ ਕਿਹਾ ਕਿ ਪੰਜਾਬ ਤੋਂ ਇਲਾਵਾ ਹਰਿਆਣਾ, ਰਾਜਸਥਾਨ, ਹਿਮਾਚਲ ਪ੍ਰਦੇਸ਼, ਉੱਤਰ ਪ੍ਰਦੇਸ਼, ਉੱਤਰਾਖੰਡ, ਮੱਧ ਪ੍ਰਦੇਸ਼, ਓਡੀਸ਼ਾ, ਦਿੱਲੀ ਅਤੇ ਮਹਾਰਾਸ਼ਟਰ ਸਮੇਤ ਕਈ ਰਾਜਾਂ ਵਿੱਚ ਵੀ ਵਿਰੋਧ ਪ੍ਰਦਰਸ਼ਨ, ਮੋਟਰਸਾਈਕਲ ਮਾਰਚ ਅਤੇ ਸਾਈਕਲ ਰੈਲੀਆਂ ਕੀਤੀਆਂ ਗਈਆਂ।














