ਪੰਜਾਬ ਦੀ ਸਿਆਸਤ ਵਿੱਚ ਅਕਾਲੀ ਦਲ ਅਤੇ ਭਾਜਪਾ ਦੇ ਮੁੜ ਇਕੱਠੇ ਹੋਣ ਤੋਂ ਬਾਅਦ ਹੁਣ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਗਠਜੋੜ ਦੇ ਐਲਾਨ ਤੋਂ ਬਾਅਦ ਦੋਵਾਂ ਪਾਰਟੀਆਂ ਦੇ ਵੱਡੇ ਆਗੂਆਂ ਦੀ ਪਹਿਲੀ ਮੀਟਿੰਗ ਹੋਈ ਹੈ ਅਤੇ ਇਸ ਮੀਟਿੰਗ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਰਣਨੀਤੀ ਬਣਾਉਣ ਦੀ ਕਵਾਇਦ ਸ਼ੁਰੂ ਹੋ ਗਈ ਹੈ। ਸਭ ਤੋਂ ਵੱਡੀ ਗੱਲ ਇਹ ਹੈ ਕਿ ਇਸ ਮੀਟਿੰਗ ਵਿੱਚ 8 ਦਸੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੋਗਾ ਵਿੱਚ ਹੋਣ ਵਾਲੀ ਰੈਲੀ ਨੂੰ ਲੈ ਕੇ ਖ਼ਾਸ ਤੌਰ ‘ਤੇ ਵਿਚਾਰ-ਚਰਚਾ ਕੀਤੀ ਗਈ। ਦਰਅਸਲ, ਇਹ ਮੀਟਿੰਗ ਚੰਡੀਗੜ੍ਹ ਦੇ ਸੈਕਟਰ-9 ਸਥਿਤ ਸੁਖਬੀਰ ਸਿੰਘ ਬਾਦਲ ਦੀ ਰਿਹਾਇਸ਼ ‘ਤੇ ਹੋਈ। ਇਸ ਵਿੱਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਤੋਂ ਇਲਾਵਾ ਬਲਵਿੰਦਰ ਸਿੰਘ ਭੂੰਦੜ, ਸੁਨੀਲ ਜਾਖੜ, ਅਸ਼ਵਨੀ ਸ਼ਰਮਾ, ਸਿਕੰਦਰ ਸਿੰਘ ਮਲੂਕਾ, ਅਨਿਲ ਸਰੀਨ ਅਤੇ ਬੰਟੀ ਰੋਮਾਣਾ ਸਮੇਤ ਕਈ ਸੀਨੀਅਰ ਆਗੂ ਸ਼ਾਮਲ ਹੋਏ।

ਮੀਟਿੰਗ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਭਾਜਪਾ ਆਗੂਆਂ ਨੂੰ ਆਉਣ ਵਾਲੀ ਮੁਹਿੰਮ ਅਤੇ ਪ੍ਰਧਾਨ ਮੰਤਰੀ ਮੋਦੀ ਦੀ 8 ਦਸੰਬਰ ਨੂੰ ਹੋਣ ਵਾਲੀ ਰੈਲੀ ਦੀਆਂ ਤਿਆਰੀਆਂ ਬਾਰੇ ਚਰਚਾ ਕਰਨ ਲਈ ਸੱਦਾ ਦਿੱਤਾ ਗਿਆ ਸੀ। ਉੱਧਰ ਭਾਜਪਾ ਆਗੂ ਸੁਨੀਲ ਜਾਖੜ ਨੇ ਵੀ ਸਪੱਸ਼ਟ ਕੀਤਾ ਕਿ ਮੀਟਿੰਗ ਵਿੱਚ ਫਿਲਹਾਲ ਟਿਕਟਾਂ ਜਾਂ ਸੀਟਾਂ ਦੀ ਵੰਡ ਬਾਰੇ ਕੋਈ ਚਰਚਾ ਨਹੀਂ ਹੋਈ। ਉਨ੍ਹਾਂ ਕਿਹਾ ਕਿ ਇਸ ਸਮੇਂ ਸਾਰਾ ਧਿਆਨ ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਦੀਆਂ ਤਿਆਰੀਆਂ ‘ਤੇ ਹੈ। ਜਾਖੜ ਨੇ ਇਹ ਵੀ ਕਿਹਾ ਕਿ ਗਠਜੋੜ ਵਿੱਚ ਕਿਸੇ ਤਰ੍ਹਾਂ ਦਾ ਡੈੱਡਲਾਕ ਨਹੀਂ ਹੈ ਅਤੇ NDA ਦੇ ਸਾਰੇ ਮੈਂਬਰਾਂ ਦਾ ਮੁੜ ਇਕੱਠੇ ਹੋਣਾ ਗੱਲਬਾਤ ਦਾ ਇੱਕ ਚੰਗਾ ਮੌਕਾ ਹੈ।

ਹੁਣ ਇੱਥੇ ਇੱਕ ਹੋਰ ਅਹਿਮ ਗੱਲ ਸਾਹਮਣੇ ਆਉਂਦੀ ਹੈ। ਦੋਵੇਂ ਪਾਰਟੀਆਂ ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਲਈ ਚੋਣ ਮੈਦਾਨ ਵਿੱਚ ਉਤਰਨ ਦੀ ਤਿਆਰੀ ਕਰ ਰਹੀਆਂ ਹਨ। ਅਜਿਹੇ ਵਿੱਚ ਆਉਣ ਵਾਲੇ ਸਮੇਂ ਦੌਰਾਨ ਸੀਟਾਂ ਦੀ ਵੰਡ ਅਤੇ ਉਮੀਦਵਾਰਾਂ ਦੀ ਚੋਣ ਸਭ ਤੋਂ ਵੱਡਾ ਸਿਆਸੀ ਮੁੱਦਾ ਬਣ ਸਕਦੀ ਹੈ। ਜ਼ਿਕਰਯੋਗ ਹੈ ਕਿ ਮੋਗਾ ਦੀ ਧਰਤੀ ਅਕਾਲੀ ਦਲ ਅਤੇ ਭਾਜਪਾ ਦੇ ਪੁਰਾਣੇ ਗਠਜੋੜ ਦੇ ਇਤਿਹਾਸ ਨਾਲ ਵੀ ਜੁੜੀ ਹੋਈ ਹੈ। ਸਾਲ 1996 ਵਿੱਚ ਇੱਥੇ ਹੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੇ ਭਾਜਪਾ ਨਾਲ ਗਠਜੋੜ ਦਾ ਐਲਾਨ ਕੀਤਾ ਸੀ। ਹੁਣ ਇੱਕ ਵਾਰ ਫਿਰ ਦੋਵੇਂ ਪਾਰਟੀਆਂ ਇਕੱਠੀਆਂ ਹੋਈਆਂ ਹਨ ਅਤੇ 8 ਦਸੰਬਰ ਦੀ ਰੈਲੀ ਨੂੰ 2027 ਦੀਆਂ ਚੋਣਾਂ ਦੇ ਮੱਦੇਨਜ਼ਰ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ। ਸਵਾਲ ਇਹ ਹੈ ਕਿ ਕੀ ਮੋਗਾ ਦੀ ਇਹ ਰੈਲੀ ਪੰਜਾਬ ਵਿੱਚ ਅਕਾਲੀ ਦਲ-ਭਾਜਪਾ ਦੀ ਸਾਂਝੀ ਚੋਣ ਮੁਹਿੰਮ ਦਾ ਰਸਮੀ ਆਗਾਜ਼ ਬਣੇਗੀ? ਅਤੇ ਸਭ ਤੋਂ ਅਹਿਮ, 117 ਸੀਟਾਂ ਦੀ ਵੰਡ ਦਾ ਫਾਰਮੂਲਾ ਕੀ ਹੋਵੇਗਾ? ਇਸ ‘ਤੇ ਹੁਣ ਸਾਰਿਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।