ਚੰਡੀਗੜ੍ਹ: ਪੰਜਾਬ ਵਿਧਾਨਸਭਾ ਦੀਆਂ ਚੋਣਾਂ ਦਾ ਆਗਾਜ਼ ਹੋ ਚੁੱਕਾ ਹੈ। ਸਿਆਸੀ ਪਾਰਟੀਆਂ ਵਿੱਚ ਜੋੜ ਤੋੜ ਦੀ ਰਾਜਨੀਤੀ ਦਾ ਦੌਰ ਸ਼ੁਰੂ ਹੋ ਚੁੱਕਾ ਹੈ। ਜਲੰਧਰ ਉੱਤਰੀ ਵਿਧਾਨ ਸਭਾ ਸੀਟ ਤੋਂ AAP ਦੇ ਹਲਕਾ ਇੰਚਾਰਜ ਰਹੇ ਦਿਨੇਸ਼ ਢੱਲ ਨੇ ਅੱਜ ਭਾਜਪਾ ਜੁਆਇਨ ਕਰ ਲਈ ਹੈ। ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਉਨ੍ਹਾਂ ਨੂੰ ਭਾਜਪਾ ਵਿੱਚ ਸ਼ਾਮਿਲ ਕਰਵਾਇਆ। ਇਸ ਤੋਂ ਪਹਿਲਾਂ ਦਿਨੇਸ਼ ਢੱਲ ਨੇ ਹੋਟਲ ਰੈਡਿਸਨ ਵਿੱਚ ਪੰਜਾਬ ਭਾਜਪਾ ਪ੍ਰਧਾਨ ਨਾਲ ਮੁਲਾਕਾਤ ਕੀਤੀ ਅਤੇ ਪਾਰਟੀ ਵਿੱਚ ਸ਼ਾਮਿਲ ਹੋਣ ਦੀ ਇੱਛਾ ਜਤਾਈ ਸੀ।

ਦਿਨੇਸ਼ ਢੱਲ ਦੇ ਭਾਜਪਾ ਵਿੱਚ ਸ਼ਾਮਿਲ ਹੋਣ ਨਾਲ ਜਲੰਧਰ ਸੈਂਟਰਲ ਤੋਂ ਆਮ ਆਦਮੀ ਵਿਧਾਇਕ ਦੇ ਨਾਮ ਬਾਰੇ ਚਰਚਾ ਸ਼ੁਰੂ ਹੋ ਗਈ ਹੈ। ਰਾਜਨੀਤਿਕ ਹਲਕਿਆਂ ਵਿੱਚ ਚਰਚਾ ਹੈ ਕਿ ਰਮਨ ਅਰੋੜਾ ਵੀ ਭਾਜਪਾ ਵਿੱਚ ਸ਼ਾਮਿਲ ਹੋ ਸਕਦੇ ਹਨ। ਹਾਲਾਂਕਿ, ਅਰੋੜਾ ਨੇ ਅਜਿਹੀਆਂ ਕਿਸੇ ਵੀ ਚਰਚਾ ਦੀ ਪੁਸ਼ਟੀ ਨਹੀਂ ਕੀਤੀ ਹੈ।

ਵਿਨੀਤ ਧੀਰ ਦੇ ਹਲਕਾ ਇੰਚਾਰਜ ਬਣਨ ਤੋਂ ਬਾਅਦ ਦਿਨੇਸ਼ ਢੱਲ ਪਾਰਟੀ ਹਾਈਕਮਾਨ ਤੋਂ ਨਾਰਾਜ਼ ਚੱਲ ਰਹੇ ਸਨ। ਹਲਕਾ ਇੰਚਾਰਜ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਇੱਕ ਇੰਟਰਵਿਊ ਵਿੱਚ ਉਨ੍ਹਾਂ ਨੇ ਕਿਹਾ ਸੀ ਕਿ ਸਮਾਂ ਆਉਣ ‘ਤੇ ਪਤਾ ਲੱਗ ਜਾਵੇਗਾ ਕਿ ਉਹ ਕੀ ਕਦਮ ਚੁੱਕਣਗੇ।