ਸਰਕਾਰੀ ਮੁਲਾਜ਼ਮੋ, ਹੁਣ ਜੇਕਰ ਤੁਸੀਂ ਵੀ ਦਫ਼ਤਰ ਵਿੱਚ ਸਮੇਂ ਸਿਰ ਪਹੁੰਚਣ ਦੀ ਬਜਾਏ ਲੇਟ ਲਤੀਫ਼ੀ ਕਰਦੇ ਹੋ ਤਾਂ ਸਾਵਧਾਨ ਹੋ ਜਾਓ! ਕਿਉਂਕਿ ਪੰਜਾਬ ਸਰਕਾਰ ਨੇ ਸਰਕਾਰੀ ਦਫ਼ਤਰਾਂ ਵਿੱਚ ਮੁਲਾਜ਼ਮਾਂ ਦੀ ਹਾਜ਼ਰੀ ਅਤੇ ਸਮੇਂ ਦੀ ਪਾਬੰਦੀ ਨੂੰ ਲੈ ਕੇ ਸਖ਼ਤੀ ਕਰਨੀ ਸ਼ੁਰੂ ਕਰ ਦਿੱਤੀ ਹੈ। ਹੁਣ ਸਰਕਾਰ ਦੇ ਮੰਤਰੀ ਖ਼ੁਦ ਮੈਦਾਨ ਵਿੱਚ ਉਤਰ ਕੇ ਸਰਕਾਰੀ ਦਫ਼ਤਰਾਂ ਦੀ ਚੈਕਿੰਗ ਕਰ ਰਹੇ ਹਨ। ਇਸੇ ਤਹਿਤ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੰਗਰੂਰ ਵਿੱਚ GST ਅਤੇ ਆਬਕਾਰੀ ਵਿਭਾਗ ਦੇ ਦਫ਼ਤਰ ਦਾ ਅਚਾਨਕ ਦੌਰਾ ਕਰਕੇ ਮੁਲਾਜ਼ਮਾਂ ਦੀ ਹਾਜ਼ਰੀ ਚੈੱਕ ਕੀਤੀ। ਦਫ਼ਤਰ ਪਹੁੰਚਦਿਆਂ ਹੀ ਵਿੱਤ ਮੰਤਰੀ ਨੇ ਸਭ ਤੋਂ ਪਹਿਲਾਂ ਮੁਲਾਜ਼ਮਾਂ ਦੀ ਹਾਜ਼ਰੀ ਦਾ ਰਿਕਾਰਡ ਤਲਬ ਕੀਤਾ ਅਤੇ ਹਾਜ਼ਰੀ ਰਜਿਸਟਰ ਦੀ ਜਾਂਚ ਕੀਤੀ। ਉਨ੍ਹਾਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਕਿ ਦਫ਼ਤਰ ਵਿੱਚ ਤਾਇਨਾਤ ਮੁਲਾਜ਼ਮ ਆਪਣੇ ਨਿਰਧਾਰਤ ਸਮੇਂ ਅਨੁਸਾਰ ਡਿਊਟੀ ‘ਤੇ ਪਹੁੰਚ ਰਹੇ ਹਨ ਜਾਂ ਨਹੀਂ।
ਇਸ ਦੌਰਾਨ ਦਫ਼ਤਰ ਦੇ ਕੰਮਕਾਜ, ਹਾਜ਼ਰੀ ਪ੍ਰਬੰਧ ਅਤੇ ਸਰਕਾਰੀ ਕੰਮਾਂ ਦੇ ਨਿਪਟਾਰੇ ਸਬੰਧੀ ਵੀ ਜਾਣਕਾਰੀ ਹਾਸਲ ਕੀਤੀ ਗਈ। ਇਸ ਅਚਨਚੇਤ ਚੈਕਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮਾਂ ਦੇ ਡਿਊਟੀ ‘ਤੇ ਦੇਰ ਨਾਲ ਪਹੁੰਚਣ ਦੀ ਆਦਤ ਨੂੰ ਲੈ ਕੇ ਨਾਰਾਜ਼ਗੀ ਵੀ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਸਮੇਂ ਦੀ ਪਾਬੰਦੀ ਨੂੰ ਨਜ਼ਰਅੰਦਾਜ਼ ਕਰਨਾ ਇੱਕ ਆਮ ਰੁਝਾਨ ਬਣਦਾ ਜਾ ਰਿਹਾ ਹੈ, ਜੋ ਕਿ ਕਿਸੇ ਵੀ ਹਾਲਤ ਵਿੱਚ ਠੀਕ ਨਹੀਂ ਹੈ। ਉਨ੍ਹਾਂ ਮੁਤਾਬਕ ਜਦੋਂ ਸਰਕਾਰੀ ਮੁਲਾਜ਼ਮ ਹੀ ਆਪਣੀ ਡਿਊਟੀ ਸਮੇਂ ਸਿਰ ਨਹੀਂ ਨਿਭਾਉਣਗੇ ਤਾਂ ਇਸ ਦਾ ਸਿੱਧਾ ਅਸਰ ਸਰਕਾਰੀ ਕੰਮਕਾਜ ਅਤੇ ਆਮ ਲੋਕਾਂ ਨੂੰ ਮਿਲਣ ਵਾਲੀਆਂ ਸੇਵਾਵਾਂ ‘ਤੇ ਪੈਂਦਾ ਹੈ। ਜ਼ਿਕਰਯੋਗ ਹੈ ਕਿ ਸਰਕਾਰੀ ਦਫ਼ਤਰਾਂ ਵਿੱਚ ਆਮ ਲੋਕ ਆਪਣੇ ਕੰਮ ਕਰਵਾਉਣ ਲਈ ਪਹੁੰਚਦੇ ਹਨ ਅਤੇ ਜੇਕਰ ਮੁਲਾਜ਼ਮ ਹੀ ਸਮੇਂ ਸਿਰ ਦਫ਼ਤਰ ਨਹੀਂ ਪਹੁੰਚਦੇ ਤਾਂ ਲੋਕਾਂ ਨੂੰ ਬੇਵਜ੍ਹਾ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹੇ ਵਿੱਚ ਵਿੱਤ ਮੰਤਰੀ ਦੀ ਇਹ ਅਚਨਚੇਤ ਚੈਕਿੰਗ ਸਰਕਾਰੀ ਮੁਲਾਜ਼ਮਾਂ ਲਈ ਇੱਕ ਸਖ਼ਤ ਸੰਦੇਸ਼ ਵਜੋਂ ਦੇਖੀ ਜਾ ਰਹੀ ਹੈ। ਹੁਣ ਦੇਖਣਾ ਹੋਵੇਗਾ ਕਿ ਸਰਕਾਰ ਵੱਲੋਂ ਅਜਿਹੀਆਂ ਚੈਕਿੰਗਾਂ ਦਾ ਸਿਲਸਿਲਾ ਅੱਗੇ ਵੀ ਜਾਰੀ ਰਹਿੰਦਾ ਹੈ ਜਾਂ ਨਹੀਂ ਅਤੇ ਕੀ ਇਸ ਨਾਲ ਸਰਕਾਰੀ ਦਫ਼ਤਰਾਂ ਵਿੱਚ ਸਮੇਂ ਦੀ ਪਾਬੰਦੀ ਯਕੀਨੀ ਬਣ ਸਕੇਗੀ?














