ਕਲਯੁਗ ਦੇ ਅਵਤਾਰ ਅਤੇ ਸਿੱਖ ਧਰਮ ਦੇ ਬਾਨੀ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤਸਰ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਖਾਲਸਾ ਕਾਲਜ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਸਜਾਏ ਗਏ ਇਸ ਨਗਰ ਕੀਰਤਨ ਵਿੱਚ ਖਾਲਸਾ ਕਾਲਜਾਂ, ਖਾਲਸਾ ਯੂਨੀਵਰਸਿਟੀ ਦੇ ਪ੍ਰਿੰਸੀਪਲਾਂ, ਵਾਈਸ ਚਾਂਸਲਰ, ਅਧਿਆਪਕਾਂ, ਟੀਚਿੰਗ ਸਟਾਫ਼ ਅਤੇ ਹਜ਼ਾਰਾਂ ਵਿਦਿਆਰਥੀਆਂ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਸ ਮੌਕੇ ਬੋਲਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ ਖਾਲਸਾ ਸੰਸਥਾਵਾਂ ਦੇ ਕਰੀਬ 40 ਹਜ਼ਾਰ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸ਼ਮੂਲੀਅਤ ਨਾਲ ਇਹ ਨਗਰ ਕੀਰਤਨ ਸਜਾਇਆ ਗਿਆ ਹੈ। ਖਾਲਸਾ ਕਾਲਜ ਤੋਂ ਸ਼ੁਰੂ ਹੋਇਆ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚ ਕੇ ਨਤਮਸਤਕ ਹੋਵੇਗਾ। ਉਨ੍ਹਾਂ ਇਸ ਨਗਰ ਕੀਰਤਨ ਨੂੰ ਦੁਨੀਆ ਦੇ ਸਭ ਤੋਂ ਵੱਡੇ ਨਗਰ ਕੀਰਤਨਾਂ ਵਿੱਚੋਂ ਇੱਕ ਦੱਸਦਿਆਂ ਕਿਹਾ ਕਿ ਇਸ ਦੀ ਲੰਬਾਈ ਕਰੀਬ ਸੱਤ ਕਿਲੋਮੀਟਰ ਹੈ ਅਤੇ ਇਹ ਵਿਸ਼ਾਲ ਨਗਰ ਕੀਰਤਨ ਸਿੱਖ ਧਰਮ ਦੀਆਂ ਰਵਾਇਤਾਂ, ਸਾਂਝ ਅਤੇ ਸ਼ਰਧਾ ਦਾ ਅਦਭੁੱਤ ਨਜ਼ਾਰਾ ਪੇਸ਼ ਕਰ ਰਿਹਾ ਹੈ।

ਨਗਰ ਕੀਰਤਨ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਅਤੇ ਸੰਗਤਾਂ ਦੀ ਸ਼ਮੂਲੀਅਤ ਕਾਰਨ ਪੂਰਾ ਮਾਹੌਲ ਗੁਰੂ ਨਾਨਕ ਦੇਵ ਜੀ ਦੇ ਨਾਮ ਦੀ ਗੂੰਜ ਨਾਲ ਰੂਹਾਨੀ ਰੰਗ ਵਿੱਚ ਰੰਗਿਆ ਨਜ਼ਰ ਆਇਆ। ਪ੍ਰਬੰਧਕਾਂ ਵੱਲੋਂ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ ਗਈਆਂ ਅਤੇ ਸੰਗਤ ਨੂੰ ਗੁਰੂ ਸਾਹਿਬ ਦੇ ਉਪਦੇਸ਼ਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦੀ ਅਪੀਲ ਕੀਤੀ ਗਈ। ਇਸ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਨੁੱਖਤਾ ਨੂੰ ਨਾਮ ਜਪਣ, ਕਿਰਤ ਕਰਨ ਅਤੇ ਵੰਡ ਛਕਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਹਰ ਸਮੇਂ ਗੁਰੂ ਸਾਹਿਬ ਦਾ ਨਾਮ ਜਪਿਆ ਜਾਵੇ, ਗੁਰਬਾਣੀ ਨਾਲ ਜੁੜਿਆ ਜਾਵੇ ਅਤੇ ਜਪੁਜੀ ਸਾਹਿਬ ਦਾ ਪਾਠ ਕਰਕੇ ਆਪਣੇ ਜੀਵਨ ਨੂੰ ਗੁਰੂ ਸਾਹਿਬ ਦੇ ਦਰਸਾਏ ਮਾਰਗ ਅਨੁਸਾਰ ਬਣਾਇਆ ਜਾਵੇ। ਇਸ ਮੌਕੇ ਡਾਕਟਰ ਰਮਿੰਦਰ ਕੌਰ, ਸਕੂਲ ਆਫ਼ ਲੈਂਗੂਏਜ, ਖਾਲਸਾ ਯੂਨੀਵਰਸਿਟੀ ਵੱਲੋਂ ਵੀ ਅੰਮ੍ਰਿਤਸਰ ਵਾਸੀਆਂ ਅਤੇ ਸਮੂਹ ਸੰਗਤ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ ਗਈਆਂ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਸਾਨੂੰ ਸੱਚਾਈ, ਸੇਵਾ, ਕਿਰਤ ਅਤੇ ਆਪਸੀ ਸਾਂਝ ਦਾ ਮਾਰਗ ਦਿਖਾਉਂਦੇ ਹਨ। ਉਨ੍ਹਾਂ ਅਰਦਾਸ ਕੀਤੀ ਕਿ ਪਰਮਾਤਮਾ ਸਾਰਿਆਂ ਨੂੰ ਗੁਰੂ ਸਾਹਿਬ ਦੇ ਸਿਧਾਂਤਾਂ ‘ਤੇ ਚੱਲਣ ਦੀ ਤਾਕਤ ਬਖ਼ਸ਼ੇ ਅਤੇ ਸਮਾਜ ਵਿੱਚ ਖੁਸ਼ਹਾਲੀ, ਸਿਹਤ ਅਤੇ ਭਾਈਚਾਰਕ ਸਾਂਝ ਬਣੀ ਰਹੇ।