ਕੈਨੇਡਾ ਦੇ ਪ੍ਰਧਾਨ ਮੰਤਰੀ ਨੇ ਇੱਥੇ ਰਹਿੰਦੇ ਭਾਰਤੀ ਭਾਈਚਾਰਿਆਂ ਨੂੰ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ ਹਨ। ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ‘ਐਕਸ’ (X) ਉੱਤੇ ਆਪਣੇ ਸੰਦੇਸ਼ ਵਿੱਚ ਬੰਦੀ ਛੋੜ ਦਿਵਸ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਕਿਹਾ ਕਿ ਇਹ ਦਿਹਾੜਾ ਸਿੱਖਾਂ ਦੇ ਛੇਵੇਂ ਗੁਰੂ, ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਜੇਲ੍ਹ ਤੋਂ ਰਿਹਾਈ ਨੂੰ ਸਮਰਪਿਤ ਹੈ, ਜੋ ਸਾਨੂੰ ਧਾਰਮਿਕ ਸ਼ਰਧਾ, ਇਨਸਾਫ਼, ਦੂਜਿਆਂ ਪ੍ਰਤੀ ਉਦਾਰਤਾ ਅਤੇ ਬਿਨਾਂ ਕਿਸੇ ਸਵਾਰਥ ਦੇ ਮਨੁੱਖਤਾ ਦੀ ਸੇਵਾ ਕਰਨ ਵਰਗੀਆਂ ਉੱਚੀਆਂ ਕਦਰਾਂ-ਕੀਮਤਾਂ ਨਾਲ ਜੋੜਦਾ ਹੈ। ਉੱਥੇ ਹੀ ਦੀਵਾਲੀ ਦੀਆਂ ਵਧਾਈਆਂ ਦਿੰਦੇ ਹੋਏ ਆਪਣੇ ਸੰਦੇਸ਼ ਵਿੱਚ ਉਨ੍ਹਾਂ ਕਿਹਾ ਕਿ ਰੌਸ਼ਨੀਆਂ ਦਾ ਇਹ ਤਿਉਹਾਰ ਹਨੇਰੇ ਉੱਤੇ ਰੌਸ਼ਨੀ ਅਤੇ ਬੁਰਾਈ ਉੱਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਹੈ।
ਓਂਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਸਮੇਤ ਕਈ ਹੋਰ ਸੂਬਿਆਂ ਦੇ ਪ੍ਰੀਮੀਅਰਾਂ ਨੇ ਵੀ ਭਾਰਤੀ ਭਾਈਚਾਰੇ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਦਿੱਤੀਆਂ ਹਨ। ਡੱਗ ਫੋਰਡ ਨੇ ਆਪਣੇ ਸੰਦੇਸ਼ ਵਿੱਚ ਲਿਖਿਆ, “ਅੱਜ ਓਂਟਾਰੀਓ ਭਰ ਦੇ ਹਿੰਦੂ, ਸਿੱਖ, ਜੈਨ ਅਤੇ ਬੋਧੀ ਪਰਿਵਾਰ ਤੇ ਭਾਈਚਾਰੇ ਦੇ ਹੋਰ ਲੋਕ ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਨੂੰ ਮਨਾਉਣ ਲਈ ਇਕੱਠੇ ਹੋ ਰਹੇ ਹਨ। ਇਸ ਮੌਕੇ ਉਹ ਦੀਵੇ ਤੇ ਮੋਮਬੱਤੀਆਂ ਜਗਾਉਣਗੇ ਅਤੇ ਤੋਹਫ਼ਿਆਂ ਦਾ ਆਦਾਨ-ਪ੍ਰਦਾਨ ਕਰਨਗੇ।”
