ਲੁਧਿਆਣਾ : ਖੰਨਾ ‘ਚ ਗੁਟਕਾ ਸਾਹਿਬ ਦੀ ਬੇਅਦਬੀ ਦੀ ਇੱਕ ਮੰਦਭਾਗੀ ਘਟਨਾ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਿੰਘ ਐਵੇਨਿਊ ਇਲਾਕੇ ਦੀ ਗਲੀ ਨੰਬਰ-2 ਵਿੱਚ ਪਵਿੱਤਰ ਗੁਟਕਾ ਸਾਹਿਬ ਦੇ ਅੰਗ ਫਟੇ ਹੋਏ ਅਤੇ ਬਿਖਰੇ ਹੋਏ ਮਿਲੇ ਹਨ। ਇਸ ਘਟਨਾ ਤੋਂ ਬਾਅਦ ਇਲਾਕੇ ਦੇ ਸਿੱਖ ਭਾਈਚਾਰੇ ਅਤੇ ਸਥਾਨਕ ਨਿਵਾਸੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਘਟਨਾ ਦੀ ਗੰਭੀਰਤਾ ਨੂੰ ਦੇਖਦੇ ਹੋਏ ਇਲਾਕੇ ਵਿੱਚ ਭਾਰੀ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਪੁਲਿਸ ਨੂੰ ਇਲਾਕੇ ਵਿੱਚੋਂ ਇੱਕ ਸੀਸੀਟੀਵੀ (CCTV) ਫੁਟੇਜ ਮਿਲੀ ਹੈ, ਜਿਸ ਨੇ ਮਾਮਲੇ ਵਿੱਚ ਨਵਾਂ ਮੋੜ ਲਿਆ ਦਿੱਤਾ ਹੈ।

ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਸੀਸੀਟੀਵੀ ਫੁਟੇਜ ਵਿੱਚ ਇੱਕ ਕਰੀਬ 11 ਸਾਲਾਂ ਦਾ ਬੱਚਾ ਗੁਟਕਾ ਸਾਹਿਬ ਦੇ ਅੰਗਾਂ ਨੂੰ ਗਲੀ ਵਿੱਚ ਖਿਲਾਰਦਾ ਦਿਖਾਈ ਦੇ ਰਿਹਾ ਹੈ। ਹਾਲਾਂਕਿ, ਸਥਾਨਕ ਲੋਕਾਂ ਅਤੇ ਸੰਗਤ ਦਾ ਮੰਨਣਾ ਹੈ ਕਿ ਇਹ ਸਿਰਫ਼ ਇੱਕ ਬੱਚੇ ਦੀ ਸ਼ਰਾਰਤ ਨਹੀਂ ਹੋ ਸਕਦੀ, ਸਗੋਂ ਇਸ ਪਿੱਛੇ ਕਿਸੇ ਡੂੰਘੀ ਸਾਜ਼ਿਸ਼ ਹੋ ਸਕਦੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਡੀ.ਐੱਸ.ਪੀ. ਤਰਲੋਚਨ ਸਿੰਘ ਪੁਲਿਸ ਟੀਮ ਸਮੇਤ ਮੌਕੇ ‘ਤੇ ਪਹੁੰਚੇ ਅਤੇ ਸਬੂਤ ਇਕੱਠੇ ਕੀਤੇ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਡੀ.ਐੱਸ.ਪੀ. ਨੇ ਕਿਹਾ ਕਿ ਸੀ.ਸੀ.ਟੀ.ਵੀ. ਫੁਟੇਜ ਨੂੰ ਬਾਰੀਕੀ ਨਾਲ ਖੰਗਾਲਿਆ ਜਾ ਰਿਹਾ ਹੈ। ਬੱਚੇ ਦੇ ਨਾਲ-ਨਾਲ ਉਨ੍ਹਾਂ ਲੋਕਾਂ ਦੀ ਵੀ ਪਛਾਣ ਕੀਤੀ ਜਾ ਰਹੀ ਹੈ ਜੋ ਇਸ ਦੇ ਪਿੱਛੇ ਹੋ ਸਕਦੇ ਹਨ।

ਦੱਸ ਦਈਏ ਕਿ ਸਥਾਨਕ ਨਿਵਾਸੀਆਂ ਨੇ ਪੁਲਿਸ ਤੋਂ ਮੰਗ ਕੀਤੀ ਹੈ ਕਿ ਮਾਮਲੇ ਦੀ ਤਹਿ ਤੱਕ ਜਾ ਕੇ ਜਾਂਚ ਕੀਤੀ ਜਾਵੇ। ਦੂਜੇ ਪਾਸੇ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਤੁਰੰਤ ਪੁਲਿਸ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ। ਉੱਥੇ ਹੀ, ਸ਼੍ਰੋਮਣੀ ਅਕਾਲੀ ਦਲ ਦੇ ਖੰਨਾ ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਨੇ ਵੀ ਘਟਨਾ ਸਥਾਨ ਦਾ ਦੌਰਾ ਕੀਤਾ ਅਤੇ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ। ਉਹਨਾਂ ਕਿਹਾ ਕਿ ਇਹ ਇੱਕ ਨਾ-ਮਾਫ਼ੀਯੋਗ ਅਤੇ ਘਿਨੌਣਾ ਅਪਰਾਧ ਹੈ ਅਤੇ ਘਟਨਾ ਦੀ ਡੂੰਘਾਈ ਨਾਲ ਜਾਂਚ ਕਰ ਕੇ ਬਣਦੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।