ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਜਨਰਲ ਇਜਲਾਸ ਵਿੱਚ ਮੁੜ ਸਰਬਸੰਮਤੀ ਨਾਲ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਛੇਵੀਂ ਵਾਰ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਚੁਣਿਆ ਗਿਆ। ਇਸ ਸਬੰਧੀ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਜਨਰਲ ਇਜਲਾਸ ਚੱਲ ਰਿਹਾ ਹੈ ਜਿਸ ਵਿੱਚ ਸਿੱਖ ਸੰਸਥਾ ਦੇ ਪ੍ਰਧਾਨ ਦੇ ਅਹੁਦੇਦਾਰ ਵਜੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਨਾਮ ਪੇਸ਼ ਕੀਤਾ ਗਿਆ ਸੀ। ਉਨ੍ਹਾਂ ਦੇ ਵਿਰੋਧ ਵਿੱਚ ਕਿਸੇ ਹੋਰ ਉਮੀਦਵਾਰ ਦਾ ਨਾਂ ਪੇਸ਼ ਨਹੀਂ ਹੋਇਆ ਜਿਸ ਕਾਰਨ ਉਨ੍ਹਾਂ ਨੂੰ ਸਰਬਸੰਮਤੀ ਨਾਲ ਸਿੱਖ ਸੰਸਥਾ ਦਾ ਛੇਵੀਂ ਵਾਰ ਪ੍ਰਧਾਨ ਚੁਣ ਲਿਆ ਗਿਆ।
ਪ੍ਰਧਾਨ- ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੀਨੀਅਰ ਮੀਤ ਪ੍ਰਧਾਨ- ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ- ਗੁਰਬਖਸ਼ ਸਿੰਘ ਖਾਲਸਾ, ਜਨਰਲ ਸਕੱਤਰ- ਗੁਰਪ੍ਰੀਤ ਸਿੰਘ ਝੱਬਰ। ਇਸ ਤੋਂ ਇਲਾਵਾ ਚੁਣੇ ਗਏ ਅੰਤ੍ਰਿੰਗ ਮੈਂਬਰ – ਮੋਹਨ ਸਿੰਘ ਬੰਗੀ, ਬਾਵਾ ਸਿੰਘ ਗੁਮਾਨਪੁਰਾ, ਰਣਜੀਤ ਸਿੰਘ ਕਾਹਲੋਂ, ਨਵਤੇਜ ਸਿੰਘ ਕਾਉਣੀ, ਬੀਬੀ ਪਰਮਜੀਤ ਕੌਰ ਮੂਨਕ, ਰਾਵਿੰਦਰ ਸਿੰਘ ਖਾਲਸਾ, ਦਰਸ਼ਨ ਸਿੰਘ ਬਰਾੜ ਮੋਠਾਂਵਾਲੀ, ਚਰਨ ਸਿੰਘ ਆਲਮਗੀਰ, ਗੁਰਿੰਦਰਪਾਲ ਸਿੰਘ ਗੋਰਾ, ਕੁਲਦੀਪ ਸਿੰਘ ਨੱਸੂਪੁਰ, ਬੀਬੀ ਨਰਿੰਦਰ ਕੌਰ ਰਣੀਆ ਸ਼ਾਮਲ ਹਨ।
ਸ਼੍ਰੋਮਣੀ ਕਮੇਟੀ ਦੇ ਛੇਵੀਂ ਵਾਰ ਲਗਾਤਾਰ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲੰਮੇ ਅਰਸੇ ਤੋਂ ਸਿੱਖ ਸੰਸਥਾ ਨਾਲ ਜੁੜੇ ਹੋਏ ਹਨ। 1956 ਵਿਚ ਜਨਮੇ ਐਡਵੋਕੇਟ ਹਰਜਿੰਦਰ ਸਿੰਘ ਬੀਏ, ਐਲ ਐਲ ਬੀ ਪਾਸ ਹਨ ਅਤੇ ਚਾਰ ਦਹਾਕਿਆਂ ਤੋਂ ਵਕਾਲਤ ਦੇ ਪੇਸ਼ੇ ਨਾਲ ਜੁੜੇ ਹੋਏ ਹਨ। ਉਹ 1996 ਵਿਚ ਪਹਿਲੀ ਵਾਰ ਸ਼੍ਰੋਮਣੀ ਕਮੇਟੀ ਦੇ ਮੈਂਬਰ ਬਣੇ ਅਤੇ ਉਦੋਂ ਤੋਂ ਹੁਣ ਤੱਕ ਲਗਾਤਾਰ ਮੈਂਬਰ ਬਣਦੇ ਰਹੇ। ਉਹ ਧਰਮ ਪ੍ਰਚਾਰ ਦੇ ਮੈਂਬਰ ਵੀ ਰਹੇ ਅਤੇ ਅੰਤ੍ਰਿੰਗ ਕਮੇਟੀ ਦੇ ਮੈਂਬਰ ਵੀ ਬਣੇ। ਐਡਵੋਕੇਟ ਧਾਮੀ 2019 ਵਿਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਚੁਣੇ ਗਏ, ਜਿਸ ਮਗਰੋਂ 2020 ਵਿਚ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਦੇ ਪ੍ਰਬੰਧਕੀ ਅਹੁਦੇ ’ਤੇ ਸੇਵਾ ਨਿਭਾਈ। ਉਸ ਮਗਰੋਂ ਨਵੰਬਰ 2021 ਵਿਚ ਪਹਿਲੀ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣੇ ਅਤੇ ਹੁਣ ਇਸ ਅਹੁਦੇ ਉੱਤੇ ਲਗਾਤਾਰ ਛੇਵੀਂ ਵਾਰ ਚੁਣੇ ਗਏ ਹਨ। ਉਹ ਸਿੱਖ ਸਰੋਕਾਰਾਂ ਦੀ ਡੂੰਘੀ ਪਕੜ ਰੱਖਦੇ ਹਨ ਅਤੇ ਇਕ ਦਿਆਨਤਦਾਰ ਆਗੂ ਵਜੋਂ ਜਾਣੇ ਜਾਂਦੇ ਹਨ।
ਐਡਵੋਕੇਟ ਧਾਮੀ ਨੂੰ ਆਪਣੇ ਕਾਰਜਕਾਲ ਦੌਰਾਨ ਸਿੱਖ ਧਰਮ ਇਤਿਹਾਸ ਦੀਆਂ ਕਈ ਸ਼ਤਾਬਦੀਆਂ ਵੀ ਮਨਾਉਣ ਦਾ ਵੀ ਮੌਕਾ ਮਿਲਿਆ। ਉਨ੍ਹਾਂ ਨੇ ਪ੍ਰਧਾਨਗੀ ਦੀ ਅਹਿਮ ਜ਼ਿੰਮੇਵਾਰੀ ਨਿਭਾਉਂਦਿਆਂ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵਿੱਤੀ ਮਜ਼ਬੂਤੀ ਲਈ ਵਿਸ਼ੇਸ਼ ਤਵੱਜੋਂ ਦਿੱਤੀ। ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਨੌਜਵਾਨਾਂ ਨੂੰ ਉੱਚ ਪ੍ਰਸ਼ਾਸਕੀ ਸੇਵਾਵਾਂ ਲਈ ਉਤਸ਼ਾਹਿਤ ਅਤੇ ਤਿਆਰ ਕਰਨ ਵੱਲ ਉਨ੍ਹਾਂ ਨੇ ਖਾਸ ਧਿਆਨ ਦਿੱਤਾ, ਜਿਸ ਸਦਕਾ ਨਿਸਚੈ ਪ੍ਰਸ਼ਾਸਕੀ ਸੇਵਾਵਾਂ ਅਕੈਡਮੀ ਹੋਂਦ ਵਿਚ ਆਈ। ਇਹ ਯੋਗ ਵਿਦਿਆਰਥੀ ਨੂੰ ਮੁਫਤ ਵਿਚ ਮੁਕਾਬਲਾ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਦਾ ਕਾਰਜ ਕਰ ਰਹੀ ਹੈ।
ਜਨਰਲ ਇਜਲਾਸ ਵਿੱਚ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖਤ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਧਨੌਲਾ ਸਮੇਤ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਬੀਬੀ ਜਗੀਰ ਕੌਰ, ਅਲਵਿੰਦਰ ਪਾਲ ਸਿੰਘ ਪੱਖੋਕੇ ਤੇ ਹੋਰ ਮੈਂਬਰ ਹਾਜ਼ਰ ਹਨ।














