ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਆਈਸ ਡਰੱਗ ਸਮੇਤ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਪਿਤਾ ਦਾ ਬਿਆਨ ਸਾਹਮਣੇ ਆਇਆ ਹੈ। ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਇਹ ਇੱਕ ਸਾਜ਼ਿਸ਼ ਹੈ। ਉਨ੍ਹਾਂ ਕਿਹਾ ਕਿ ਪੁੱਤ ਹਰਪ੍ਰੀਤ ਸਿੰਘ ਕੱਲ੍ਹ ਦੁਪਹਿਰ 12 ਵਜੇ ਦੇ ਕਰੀਬ ਰਈਆ ਲਈ ਰਵਾਨਾ ਹੋਇਆ ਸੀ। ਬਾਘਾਪੁਰਾਣਾ ’ਚ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਇਕ ਮਾਰਚ ਕੱਢਿਆ ਜਾਣਾ ਸੀ ਜਿਸ ਵਿਚ ਹਰਪ੍ਰੀਤ ਸਿੰਘ ਨੇ ਹਿੱਸਾ ਲੈਣਾ ਸੀ, ਸ਼ਾਇਦ ਉਹ ਕਿਸੇ ਆਪਣੇ ਸਾਥੀ ਨੂੰ ਇੱਧਰ ਉੱਧਰ ਕਹਿਣ ਲਈ ਗਿਆ ਸੀ। ਉਨ੍ਹਾਂ ਕਿਹਾ ਕਿ ਸਾਡੇ ਪਰਿਵਾਰ ਦਾ ਅਕਸ਼ ਖ਼ਰਾਬ ਕਰਨ ਦੀ ਕੋਸਿਸ ਕੀਤੀ ਜਾ ਰਹੀ ਹੈ। ਅੰਮ੍ਰਿਤਪਾਲ ਨੂੰ ਬਦਨਾਮ ਕੀਤਾ ਜਾ ਰਿਹਾ ਹੈ।
ਪਿਤਾ ਨੇ ਕਿਹਾ ਕਿ ਲੋਕ ਸਭਾ ਚੋਣਾਂ ’ਚ ਅੰਮ੍ਰਿਤਪਾਲ ਅਤੇ ਸਰਬਜੀਤ ਦੀ ਜਿੱਤ ਪੰਜਾਬ ਵਿਰੋਧੀ ਸ਼ਕਤੀਆਂ ਤੋਂ ਬਰਦਾਸ਼ਤ ਨਹੀਂ ਹੋ ਰਹੀ, ਇਸ ਲਈ ਕਿਸੇ ਵੀ ਤਰੀਕੇ ਨਾਲ ਉਨ੍ਹਾਂ ਨੂੰ ਬਦਨਾਮ ਕਰਕੇ ਇਹੋ ਜਿਹੇ ਹਾਲਾਤ ਪੈਦਾ ਕੀਤੇ ਜਾ ਰਹੇ ਹਨ ਕਿ ਲੋਕ ਉਨ੍ਹਾਂ ਦੇ ਖ਼ਿਲਾਫ਼ ਹੋ ਜਾਣ। ਪਿਤਾ ਨੇ ਕਿਹਾ ਕਿ ਅੰਮ੍ਰਿਤਪਾਲ ਨੂੰ ਬਦਨਾਮ ਕਰਨ ਅਤੇ ਬਾਹਰ ਨਾ ਆਉਣ ਦੇਣ ਲਈ ਹੀ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ। ਲੋਕਾਂ ਨੂੰ ਨਸ਼ਿਆਂ ਤੋਂ ਬਚਾਉਣ ਵਾਲਿਆਂ ਵਿਰੁੱਧ ਹੀ ਨਸ਼ਿਆਂ ਦੇ ਕੇਸ ਦਰਜ ਕਰਨਾ ਨਿੰਦਣਯੋਗ ਕਾਰਵਾਈ ਹੈ। ਉਨ੍ਹਾਂ ਕਿਹਾ ਕਿ ਰਾਜਸਥਾਨ ਵਿਚ ਵੀ ਤੇਜਿੰਦਰ ਸਿੰਘ ਟਿੰਮਾ ਖ਼ਿਲਾਫ਼ ਦੇਸ਼ਧ੍ਰੋਹ ਦਾ ਕੇਸ ਦਰਜ ਕਰਨਾ ਸਿੱਖਾਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਹੈ।
ਪਿਤਾ ਤਰਸੇਮ ਸਿੰਘ ਨੇ ਕਿਹਾ ਕਿ ਹੁਣ ਲੋਕ ਜਾਗਰੂਕ ਹੋ ਚੁੱਕੇ ਹਨ ਅਤੇ ਉਹ ਸਭ ਜਾਣਦੇ ਹਨ ਕਿ ਸਰਕਾਰਾਂ ਕਿਸੇ ਨੂੰ ਬਦਨਾਮ ਕਰਨ ਲਈ ਕਿਸ ਹੱਦ ਤੱਕ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਪੁਲਿਸ ਕਦੇ ਵੀ ਨਿਰਪੱਖਤਾ ਨਾਲ ਕੰਮ ਨਹੀਂ ਕਰਦੀ, ਉਹ ਤਾਂ ਇਹ ਵੀ ਕਹਿ ਸਕਦੀ ਹੈ ਕਿ ਹਰਪ੍ਰੀਤ ਨਾਜਾਇਜ਼ ਹਥਿਆਰਾਂ ਸਮੇਤ ਫੜਿਆ ਗਿਆ ਹੈ। ਸਰਕਾਰ ਡਰੱਗ ਮਾਫੀਆ ਖ਼ਿਲਾਫ਼ ਕੰਮ ਕਰਨ ਦੀ ਬਜਾਏ ਲੋਕਾਂ ਨੂੰ ਤੰਗ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਚੋਣ ਪ੍ਰਚਾਰ ਦੌਰਾਨ ਵੀ ਇਹ ਕਿਹਾ ਗਿਆ ਸੀ ਕਿ ਹਰਪ੍ਰੀਤ ਨੂੰ ਪ੍ਰਚਾਰ ਕਰਨ ਤੋਂ ਰੋਕਿਆ ਜਾਵੇ ਨਹੀਂ ਤਾਂ ਉਸ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇਗਾ। ਅੰਮ੍ਰਿਤਪਾਲ ਨੂੰ ਵੋਟ ਪਾਉਣ ਵਾਲੇ ਲੋਕਾਂ ਨੂੰ ਅੱਜ ਵੀ ਧਮਕੀਆਂ ਮਿਲ ਰਹੀਆਂ ਹਨ।