ਸੰਗਰੂਰ ਜ਼ਿਲ੍ਹੇ ਵਿੱਚ ਐਤਵਾਰ ਨੂੰ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿੱਥੇ ਲਹਿਰਾਗਾਗਾ-ਜਾਖਲ ਰੋਡ ’ਤੇ ਕੰਮ ਕਰ ਰਹੇ ਮਨਰੇਗਾ ਮਜ਼ਦੂਰਾਂ ਨੂੰ ਤੇਜ਼ ਰਫ਼ਤਾਰ ਕਾਰ ਨੇ ਆਪਣੀ ਲਪੇਟ ਵਿੱਚ ਲੈ ਲਿਆ। ਹਾਦਸੇ ਸਮੇਂ ਸੜਕ ’ਤੇ ਲਗਭਗ 23 ਮਜ਼ਦੂਰ ਕੰਮ ਕਰ ਰਹੇ ਸਨ, ਜਿਨ੍ਹਾਂ ਵਿੱਚ ਔਰਤਾਂ ਅਤੇ ਮਰਦ ਦੋਵੇਂ ਸ਼ਾਮਲ ਸਨ। ਮੁੱਢਲੀ ਰਿਪੋਰਟ ਮੁਤਾਬਕ, ਇਸ ਹਾਦਸੇ ਵਿੱਚ 8 ਲੋਕਾਂ ਦੀ ਮੌਤ ਹੋਣ ਦੀ ਸੂਚਨਾ ਹੈ, ਜਦਕਿ ਕਈ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਦੱਸੇ ਜਾ ਰਹੇ ਹਨ।
ਹਾਦਸੇ ਤੋਂ ਬਾਅਦ ਜ਼ਖ਼ਮੀ ਮਜ਼ਦੂਰਾਂ ਨੂੰ ਤੁਰੰਤ ਲਹਿਰਾਗਾਗਾ ਅਤੇ ਸੁਨਾਮ ਦੇ ਸਰਕਾਰੀ ਹਸਪਤਾਲਾਂ ਵਿੱਚ ਪਹੁੰਚਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਅਤੇ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਮੌਕੇ ਅਤੇ ਹਸਪਤਾਲਾਂ ਵਿੱਚ ਪਹੁੰਚੇ।
ਹਾਦਸੇ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ, ਜਿਸ ਦੀ ਭਾਲ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ। ਉੱਥੇ ਹੀ ਸਥਾਨਕ ਲੋਕਾਂ ਨੇ ਪੁਲਿਸ ਦੀ ਕਾਰਵਾਈ ਅਤੇ ਐਂਬੂਲੈਂਸ ਪਹੁੰਚਣ ਵਿੱਚ ਹੋਈ ਦੇਰੀ ਨੂੰ ਲੈ ਕੇ ਸਵਾਲ ਚੁੱਕੇ ਹਨ। ਲੋਕਾਂ ਦਾ ਕਹਿਣਾ ਹੈ ਕਿ ਹਾਦਸੇ ਵਾਲੀ ਥਾਂ ਤੋਂ ਪੁਲਿਸ ਚੌਕੀ ਸਿਰਫ਼ ਇੱਕ ਮਿੰਟ ਦੀ ਦੂਰੀ ’ਤੇ ਹੈ, ਪਰ ਜ਼ਖ਼ਮੀਆਂ ਨੂੰ ਹਸਪਤਾਲ ਭੇਜਣ ਤੋਂ ਬਾਅਦ ਏਐੱਸਆਈ ਮੌਕੇ ’ਤੇ ਪਹੁੰਚੇ।
ਚਸ਼ਮਦੀਦ ਨੇ ਦੱਸਿਆ ਹਾਦਸੇ ਦਾ ਮੰਜ਼ਰ
ਮੌਕੇ ’ਤੇ ਪਹੁੰਚੇ ਹਰਵਿੰਦਰ ਸਿੰਘ ਉਰਫ਼ ਲਵੀ ਨੇ ਦੱਸਿਆ ਕਿ ਹਾਦਸੇ ਵਾਲੀ ਥਾਂ ਦੇ ਨੇੜੇ ਇੱਕ ਫੈਕਟਰੀ ਹੈ, ਜਿੱਥੇ ਉਹ ਕੰਮ ਕਰਦਾ ਹੈ। ਉਸ ਦੇ ਮੁਤਾਬਕ, ਕਾਰ ਨੇ ਕਈ ਮਜ਼ਦੂਰਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਸੀ। ਘਟਨਾ ਬਾਰੇ ਪਤਾ ਲੱਗਦਿਆਂ ਹੀ ਉਹ ਫੈਕਟਰੀ ਤੋਂ ਭੱਜ ਕੇ ਮੌਕੇ ’ਤੇ ਪਹੁੰਚਿਆ।
ਹਰਵਿੰਦਰ ਸਿੰਘ ਨੇ ਕਿਹਾ ਕਿ ਉਸ ਸਮੇਂ ਉੱਥੇ ਪਿੰਡ ਦਾ ਕੋਈ ਵਿਅਕਤੀ ਮੌਜੂਦ ਨਹੀਂ ਸੀ ਅਤੇ ਸੜਕ ’ਤੇ ਕੰਮ ਕਰਨ ਵਾਲੇ ਮਨਰੇਗਾ ਮਜ਼ਦੂਰ ਹੀ ਸਨ। ਉਸ ਨੇ ਦਾਅਵਾ ਕੀਤਾ ਕਿ ਲਗਭਗ 22 ਤੋਂ 23 ਮਜ਼ਦੂਰ ਜ਼ਖ਼ਮੀ ਹੋਏ ਸਨ ਅਤੇ ਕਈਆਂ ਦੀ ਹਾਲਤ ਬੇਹੱਦ ਗੰਭੀਰ ਸੀ। ਉਸ ਮੁਤਾਬਕ, ਜਦੋਂ ਉਹ ਮੌਕੇ ’ਤੇ ਪਹੁੰਚਿਆ ਤਾਂ 5 ਤੋਂ 6 ਲੋਕ ਬਹੁਤ ਨਾਜ਼ੁਕ ਹਾਲਤ ਵਿੱਚ ਪਏ ਸਨ।
ਚਸ਼ਮਦੀਦ ਨੇ ਇਹ ਵੀ ਦਾਅਵਾ ਕੀਤਾ ਕਿ ਫ਼ੋਨ ਕਰਨ ਤੋਂ ਕਰੀਬ ਇੱਕ ਘੰਟੇ ਬਾਅਦ ਐਂਬੂਲੈਂਸ ਪਹੁੰਚੀ। ਫ਼ਿਲਹਾਲ ਪੁਲਿਸ ਵੱਲੋਂ ਫ਼ਰਾਰ ਕਾਰ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ। ਹਾਦਸੇ ਵਿੱਚ ਮੌਤਾਂ ਅਤੇ ਜ਼ਖ਼ਮੀਆਂ ਦੀ ਅੰਤਿਮ ਗਿਣਤੀ ਬਾਰੇ ਅਧਿਕਾਰਤ ਪੁਸ਼ਟੀ ਦੀ ਉਡੀਕ ਹੈ।














