ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਅਤੇ ਉਨ੍ਹਾਂ ਨੂੰ ਵਿਰੋਧ ਪ੍ਰਦਰਸ਼ਨ ਦੀ ਆਜ਼ਾਦੀ ਦੇਣ ਲਈ ਦਾਇਰ ਦੋ ਪਟੀਸ਼ਨਾਂ ‘ਤੇ ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਸੁਣਵਾਈ ਹੋਈ। ਇਸ ਮਾਮਲੇ ਵਿੱਚ ਸਾਰੇ ਪੱਖਾਂ ਵੱਲੋਂ ਹਾਈਕੋਰਟ ਵਿੱਚ ਸਟੇਟਸ ਰਿਪੋਰਟ ਪੇਸ਼ ਕੀਤੀ ਗਈ। ਕੋਰਟ ਨੂੰ ਦੱਸਿਆ ਗਿਆ ਕਿ ਅੱਜ ਸਰਕਾਰ ਤੇ ਕਿਸਾਨ ਸੰਗਠਨਾਂ ਵਿਚਾਲੇ ਮੀਟਿੰਗ ਹੋਣੀ ਹੈ, ਜਿਸ ਵਿੱਚ ਹਾਂਪੱਖੀ ਨਤੀਜਿਆਂ ਦੀ ਉਮੀਦ ਹੈ। ਇਸ ਦੌਰਾਨ ਅਦਾਲਤ ਨੇ ਕੇਂਦਰ ਸਰਕਾਰ ਦੀ ਕਿਸਾਨਾਂ ਨਾਲ ਚੰਡੀਗੜ੍ਹ ਵਿੱਚ ਹੋਣ ਵਾਲੀ ਮੀਟਿੰਗ ਸਬੰਧੀ ਹਲਫ਼ਨਾਮਾ ਦਾਇਰ ਕਰਨ ਲਈ ਕਿਹਾ ਹੈ। ਇਸ ਤੋਂ ਬਾਅਦ ਸੁਣਵਾਈ ਮੰਗਲਵਾਰ ਤੱਕ ਮੁਲਤਵੀ ਕਰ ਦਿੱਤੀ ਗਈ।
ਜ਼ਿਕਰਯੋਗ ਹੈ ਕਿ ਵੀਰਵਾਰ ਨੂੰ ਹੀ ਕੇਂਦਰ ਸਰਕਾਰ ਨਾਲ ਆਪਣੇ ਮੁੱਦਿਆਂ ਨੂੰ ਲੈ ਕੇ ਚੰਡੀਗੜ੍ਹ ਵਿਖੇ ਕਿਸਾਨਾਂ ਦੀ ਮੀਟਿੰਗ ਹੋਣ ਜਾ ਰਹੀ ਹੈ। ਇਸ ਮੀਟਿੰਗ ਵਿੱਚ ਹੋਈ ਚਰਚਾ ਅਤੇ ਫੈਸਲਿਆਂ ਨੂੰ ਹਾਈ ਕੋਰਟ ਵਿੱਚ ਪੇਸ਼ ਕਰਨਾ ਹੋਵੇਗਾ। ਇਸ ਤੋਂ ਪਹਿਲਾਂ ਸੁਣਵਾਈ ਦੌਰਾਨ ਹਾਈ ਕੋਰਟ ਨੇ ਅਪਡੇਟਿਡ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਸਨ। ਇਸ ਤੋਂ ਇਲਾਵਾ ਪੰਜਾਬ, ਹਰਿਆਣਾ, ਦਿੱਲੀ ਅਤੇ ਕੇਂਦਰ ਸਰਕਾਰ ਨੂੰ ਵੀ ਨੋਟਿਸ ਜਾਰੀ ਕੀਤੇ ਗਏ ਹਨ।
ਇਸ ਮਾਮਲੇ ਦੀ ਸੁਣਵਾਈ ਕਾਰਜਕਾਰੀ ਚੀਫ਼ ਜਸਟਿਸ ਜੀਐਸ ਸੰਧਾਵਾਲੀਆ ਅਤੇ ਜਸਟਿਸ ਲੁਪਿਤਾ ਬੈਨਰਜੀ ਦੀ ਬੈਂਚ ਵੱਲੋਂ ਕੀਤੀ ਜਾ ਰਹੀ ਹੈ। ਹਾਈ ਕੋਰਟ ਨੇ ਇਸ ਮਾਮਲੇ ਵਿੱਚ ਸਰਕਾਰਾਂ ਨੂੰ ਕਿਹਾ ਹੈ ਕਿ ਮੌਲਿਕ ਅਧਿਕਾਰਾਂ ਵਿੱਚ ਸੰਤੁਲਨ ਹੋਣਾ ਚਾਹੀਦਾ ਹੈ। ਕਿਸਾਨਾਂ ਅਤੇ ਆਮ ਲੋਕਾਂ ਦਾ ਆਪਣਾ ਹੱਕ ਹੈ। ਸਰਕਾਰਾਂ ਨੂੰ ਚਾਹੀਦਾ ਹੈ ਕਿ ਉਹ ਇਸ ਮਾਮਲੇ ਨੂੰ ਸੁਲਝਾਉਣ।