ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸਰਹੱਦੀ ਜਿਲ੍ਹਿਆਂ ਦੇ ਦੌਰੇ ਦੌਰਾਨ ਸੂਬੇ ‘ਚ ਹੋ ਰਹੀ ਗੈਰਕਾਨੂੰਨੀ ਮਾਈਨਿੰਗ ਤੇ ਨਸ਼ਿਆਂ ਦੀ ਤਸਕਰੀ ਵਰਗੇ ਸੰਵੇਦਨਸ਼ੀਲ ਮੁੱਦੇ ‘ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਇਨ੍ਹਾਂ ਦੇ ਖਾਤਮੇ ਲਈ ਲੋਕਾਂ ਦੇ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਅਸੀਂ ਚੰਗੇ ਨਾਗਰਿਕ ਹੋਣ ਦਾ ਸਬੂਤ ਦੇਈਏ ਤਾਂ ਕਿ ਦੇਸ਼ ਵਿਰੋਧੀ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਜਾ ਸਕੇ । ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਸੰਵੇਦਸ਼ਨਸ਼ੀਲ ਮੁੱਦੇ ‘ਤੇ ਉਨ੍ਹਾਂ ਦੀ ਕਿਤੇ ਸੁਣਵਾਈ ਨਹੀਂ ਹੁੰਦੀ ਤਾਂ ਉਹ ਉਨ੍ਹਾਂ ਨੂੰ ਚਿੱਠੀ ਲਿਖ ਦੇਣ, ਕਾਰਵਾਈ ਮੈਂ ਖੁਦ ਕਰਵਾਵਾਂਗਾ । ਪੁਰੋਹਿਤ ਨੇ ਆਪਣੇ ਦਿਲੋਂ ਸੂਬੇ ਪ੍ਰਤੀ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸਾਨੂੰ ਆਪਣੇ ਗੌਰਵਮਈ ਇਤਿਹਾਸ ਨੂੰ ਬਚਾਉਣ ਲਈ ਅੱਗੇ ਆਉਣਾ ਚਾਹੀਦਾ ਹੈ । ਉਨ੍ਹਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਸੂਬੇ ਵਿਚੋਂ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਸਰਕਾਰ ਅਤੇ ਸੁਰੱਖਿਆ ਫੋਰਸਾਂ ਦਾ ਮੋਹਰੀ ਹੋ ਕੇ ਸਾਥ ਦੇਣ ।ਉਨ੍ਹਾਂ ਕਿਹਾ ਕਿ ਜੇਕਰ ਸੂਬੇ ‘ਚੋਂ ਨਸ਼ਾ ਤੇ ਗੈਰ ਕਾਨੂੰਨੀ ਕੰਮ ਬੰਦ ਹੋ ਜਾਣਗੇ ਤਾਂ ਮੇਰਾ ਜੀਵਨ ਸਫਲ ਹੋ ਜਾਵੇਗਾ ।