ਮੋਗਾ ਵਿੱਚ ਗੋਲੀਬਾਰੀ ਦੀ ਗੰਭੀਰ ਘਟਨਾ ਸਾਹਮਣੇ ਆਈ ਹੈ। ਕਾਲੇ ਰੰਗ ਦੀ ਸਕਾਰਪੀਓ ਵਿੱਚ ਆਏ ਹਥਿਆਰਬੰਦ ਹਮਲਾਵਰਾਂ ਨੇ ਚਾਰ ਨੌਜਵਾਨਾਂ ’ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ ਵਿੱਚ ਚਾਰੇ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ। ਇਨ੍ਹਾਂ ਵਿੱਚੋਂ ਦੋ ਦੀ ਇਲਾਜ ਦੌਰਾਨ ਮੌਤ ਹੋ ਗਈ, ਜਦਕਿ ਦੋ ਹੋਰਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਮੁੱਢਲੀ ਜਾਂਚ ਵਿੱਚ ਹਮਲੇ ਪਿੱਛੇ ਪੁਰਾਣੀ ਰੰਜਿਸ਼ ਹੋਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ।

ਘਰ ਦੇ ਬਾਹਰ ਖੜ੍ਹੇ ਨੌਜਵਾਨਾਂ ’ਤੇ ਚਲਾਈਆਂ ਗੋਲੀਆਂ

ਜਾਣਕਾਰੀ ਮੁਤਾਬਕ, ਅੰਗਦਪੁਰਾ ਮੁਹੱਲੇ ਦੇ ਰਹਿਣ ਵਾਲੇ ਸਾਹਿਲ ਜਿੰਦਲ ਉਰਫ਼ ਲੰਬੀ, ਗਗਨ, ਰਾਘਵ ਅਤੇ ਗੋਰਾ ਐਤਵਾਰ ਸ਼ਾਮ ਕਰੀਬ 7:15 ਵਜੇ ਆਪਣੇ ਘਰ ਦੇ ਬਾਹਰ ਖੜ੍ਹੇ ਸਨ। ਇਸੇ ਦੌਰਾਨ ਇੱਕ ਕਾਲੀ ਸਕਾਰਪੀਓ ਉੱਥੇ ਆ ਕੇ ਰੁਕੀ। ਗੱਡੀ ਵਿੱਚ ਸਵਾਰ ਨੌਜਵਾਨਾਂ ਕੋਲ ਹਥਿਆਰ ਸਨ।

ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਨੇ ਪਹਿਲਾਂ ਉਨ੍ਹਾਂ ਤੋਂ ਪਤਾ ਪੁੱਛਿਆ ਅਤੇ ਫਿਰ ਅਚਾਨਕ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਗੋਲੀਆਂ ਲੱਗਣ ਕਾਰਨ ਚਾਰੇ ਨੌਜਵਾਨ ਖੂਨ ਨਾਲ ਲੱਥਪੱਥ ਹੋ ਕੇ ਜ਼ਮੀਨ ’ਤੇ ਡਿੱਗ ਪਏ। ਇਸ ਤੋਂ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ।

ਦੋ ਨੌਜਵਾਨਾਂ ਦੀ ਮੌਤ, ਦੋ ਦੀ ਹਾਲਤ ਨਾਜ਼ੁਕ

ਘਟਨਾ ਤੋਂ ਬਾਅਦ ਸਥਾਨਕ ਲੋਕਾਂ ਅਤੇ ਪਰਿਵਾਰਕ ਮੈਂਬਰਾਂ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਮੈਡੀਸਿਟੀ ਸੁਪਰ ਸਪੈਸ਼ਲਿਟੀ ਹਸਪਤਾਲ ਪਹੁੰਚਾਇਆ ਗਿਆ। ਡਾਕਟਰਾਂ ਨੇ ਜਾਂਚ ਤੋਂ ਬਾਅਦ ਗਗਨ ਨੂੰ ਮ੍ਰਿਤਕ ਐਲਾਨ ਦਿੱਤਾ।

ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਰਾਘਵ ਅਤੇ ਗੋਰਾ ਦੀ ਹਾਲਤ ਨਾਜ਼ੁਕ ਦੱਸੀ ਗਈ ਹੈ ਅਤੇ ਦੋਵਾਂ ਦਾ ICU ਵਿੱਚ ਇਲਾਜ ਚੱਲ ਰਿਹਾ ਹੈ। ਉੱਧਰ, ਸਾਹਿਲ ਜਿੰਦਲ ਨੇ ਦੇਰ ਰਾਤ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਦਮ ਤੋੜ ਦਿੱਤਾ।

SSP ਨੇ ਮੌਕੇ ’ਤੇ ਪਹੁੰਚ ਕੇ ਕੀਤੀ ਜਾਂਚ

ਵਾਰਦਾਤ ਦੀ ਸੂਚਨਾ ਮਿਲਦਿਆਂ ਹੀ ਐੱਸਐੱਸਪੀ ਸਰਤਾਜ ਸਿੰਘ ਚਾਹਲ ਘਟਨਾ ਵਾਲੀ ਥਾਂ ’ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਪੁਲਿਸ ਨੇ ਜਾਂਚ ਤੇਜ਼ ਕਰਦਿਆਂ ਘਟਨਾ ਵਾਲੀ ਥਾਂ ਅਤੇ ਆਲੇ-ਦੁਆਲੇ ਲੱਗੇ CCTV ਕੈਮਰਿਆਂ ਦੇ DVR ਆਪਣੇ ਕਬਜ਼ੇ ਵਿੱਚ ਲੈ ਲਏ ਹਨ। ਇਨ੍ਹਾਂ ਦੀ ਮਦਦ ਨਾਲ ਹਮਲਾਵਰਾਂ ਦੀ ਗੱਡੀ ਅਤੇ ਉਨ੍ਹਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਟੀਮਾਂ ਬਣਾਈਆਂ

ਐੱਸਐੱਸਪੀ ਚਾਹਲ ਮੁਤਾਬਕ, ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਿਸ ਦੀਆਂ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ। ਸੰਭਾਵਿਤ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੂੰ ਕਾਬੂ ਕਰਕੇ ਪੂਰੇ ਮਾਮਲੇ ਦਾ ਖ਼ੁਲਾਸਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।