ਚੰਡੀਗੜ੍ਹ: ਪੰਜਾਬ ਭਾਜਪਾ ਦੇ ਨਵ-ਨਿਯੁਕਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਅੱਜ ਚੰਡੀਗੜ੍ਹ ਦੇ ਸੈਕਟਰ-37 ਸਥਿਤ ਸੂਬਾਈ ਦਫ਼ਤਰ ਵਿਖੇ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਰਾਜਸਭਾ ਮੈਂਬਰ ਸਤਨਾਮ ਸਿੰਘ ਸੰਧੂ, ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਅਤੇ ਅਸ਼ਵਨੀ ਸ਼ਰਮਾ ਸਮੇਤ ਵੱਡੀ ਗਿਣਤੀ ਵਿੱਚ ਭਾਜਪਾ ਆਗੂ ਮੌਜੂਦ ਰਹੇ।
ਕੇਵਲ ਸਿੰਘ ਢਿੱਲੋਂ ਨੇ ਧਾਰਮਿਕ ਰੀਤੀ-ਰਿਵਾਜਾਂ ਅਨੁਸਾਰ ਆਪਣਾ ਅਹੁਦਾ ਸੰਭਾਲਿਆ। ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਕਿਹਾ ਕਿ ਭਾਜਪਾ ਕੇਂਦਰ ਸਰਕਾਰ ਦੀਆਂ ਨੀਤੀਆਂ ਅਤੇ ਵਿਕਾਸ ਕਾਰਜਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਕੰਮ ਕਰੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਾਜਪਾ ਨੂੰ ਹੋਰ ਮਜ਼ਬੂਤ ਬਣਾਉਣ ਲਈ ਪਾਰਟੀ ਵਰਕਰਾਂ ਨਾਲ ਮਿਲ ਕੇ ਯਤਨ ਕੀਤੇ ਜਾਣਗੇ। ਇਸ ਦੇ ਨਾਲ ਹੀ ਭਾਜਪਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਡਟ ਕੇ ਪਹਿਰਾ ਦੇਵੇਗੀ ਅਤੇ ਲੋਕਾਂ ਦੇ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਉਠਾਏਗੀ।
