ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਅੱਜ ਫ਼ਰੀ ਕਰ ਦਿੱਤਾ ਗਿਆ। ਇਹ ਟੋਲ ਪਲਾਜ਼ਾ ਟੋਲ ਕਰਮਚਾਰੀਆਂ ਵਲੋਂ ਹੀ ਅਣਮਿੱਥੇ ਸਮੇਂ ਲਈ ਫ਼ਰੀ ਕੀਤਾ ਗਿਆ ਹੈ। ਟੋਲ ਪਲਾਜ਼ਾ ਵਰਕਰਸ ਯੂਨੀਅਨ ਪੰਜਾਬ ਦੇ ਅਧਿਕਾਰੀਆਂ ਵਲੋਂ ਬੈਠਕ ਕਰ ਇਹ ਫ਼ੈਸਲਾ ਲਿਆ ਗਿਆ ਹੈ।
ਬੈਠਕ ਦੀ ਪ੍ਰਧਾਨਗੀ ਕਰਦੇ ਹੋਏ ਪੰਜਾਬ ਪ੍ਰਧਾਨ ਦਰਸ਼ਨ ਸਿੰਘ ਲਾਡੀ ਨੇ ਕਿਹਾ ਕਿ ਕਰਮਚਾਰੀਆਂ ਦੀ ਮੰਗਾਂ ਲੰਬੇ ਸਮੇਂ ਤੋਂ ਪੂਰੀਆਂ ਨਹੀਂ ਕੀਤੀਆਂ ਜਾ ਰਹੀਆਂ ਹਨ, ਜਿਸ ਕਾਰਨ ਅੱਜ ਅਸੀਂ ਇਹ ਫ਼ੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਕਰਮਚਾਰੀਆਂ ਨੂੰ ਨਾ ਤਾਂ ਕੋਈ ਸਰਕਾਰੀ ਛੁੱਟੀ ਦਿੱਤੀ ਜਾਂਦੀ ਹੈ ਤੇ ਨਾ ਹੀ ਉਨ੍ਹਾਂ ਦਾ ਕੋਈ ਫ਼ੰਡ ਕੱਟਿਆ ਜਾ ਰਿਹਾ ਹੈ, ਜੋ ਕਿ ਉਨ੍ਹਾਂ ਦੇ ਅਧਿਕਾਰਾਂ ਦੇ ਵਿਰੁੱਧ ਹੈ।
ਇਸ ਟੋਲ ਪਲਾਜ਼ਾ ਤੋਂ ਇੱਕ ਦਿਨ ਵਿੱਚ 70 ਹਜ਼ਾਰ ਤੋਂ ਵੱਧ ਵਾਹਨ ਲੰਘਦੇ ਹਨ। ਇਸ ਟੋਲ ਪਲਾਜ਼ਾ ਦੀ ਰੋਜ਼ਾਨਾ ਦੀ ਕਮਾਈ 70 ਲੱਖ ਰੁਪਏ ਦੇ ਕਰੀਬ ਹੈ ਪਰ ਇਹ ਅੱਜ ਸਵੇਰ ਤੋਂ ਹੀ ਬੰਦ ਹੈ। ਬੀਤੇ ਦਿਨ ਦਰਸ਼ਨ ਸਿੰਘ ਨੇ ਕਿਹਾ ਸੀ ਕਿ ਉਨ੍ਹਾਂ ਦੀਆਂ ਮੰਗਾਂ ਸਬੰਧੀ ਕੰਪਨੀ ਦੇ ਅਧਿਕਾਰੀਆਂ ਨਾਲ ਕਈ ਮਹੀਨਿਆਂ ਤੋਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਪਰ ਅੱਜ ਤੱਕ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਗਿਆ।
ਕੰਪਨੀ ਇਸ ਵੱਲ ਕੋਈ ਧਿਆਨ ਨਹੀਂ ਦੇ ਰਹੀ ਹੈ। ਇਸ ਕਾਰਨ ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਨੇ ਐਲਾਨ ਕੀਤਾ ਹੈ ਕਿ 27 ਸਤੰਬਰ ਤੋਂ ਲਾਡੋਵਾਲ ਟੋਲ ਪਲਾਜ਼ਾ ਅਣਮਿੱਥੇ ਸਮੇਂ ਲਈ ਬੰਦ ਰਹੇਗਾ ਅਤੇ ਕਿਸੇ ਵੀ ਵਾਹਨ ਚਾਲਕ ਤੋਂ ਟੋਲ ਨਹੀਂ ਵਸੂਲਿਆ ਜਾਵੇਗਾ।