ਚੰਡੀਗੜ੍ਹ : ਸਾਬਕਾ ਮੰਤਰੀ ਭੁੱਲਰ ਇਸ ਸਮੇਂ ਡੀ.ਐਮ. ਰੰਧਾਵਾ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਹਨ। ਲਾਲਜੀਤ ਭੁੱਲਰ ਦੀਆਂ ਮੁਸ਼ਕਲਾਂ ਹੋਰ ਵਧਦੀਆਂ ਨਜ਼ਰ ਆ ਰਹੀਆਂ ਹਨ। ਲਾਲਜੀਤ ਭੁੱਲਰ ਖਿਲਾਫ਼ ਇੱਕ ਹੋਰ ਧਾਰਾ ਦਰਜ ਕੀਤੀ ਗਈ ਹੈ। ਜਾਂਚ ਏਜੰਸੀਆਂ ਨੇ ਉਨ੍ਹਾਂ ਖ਼ਿਲਾਫ਼ ਸਬੂਤ ਮਿਟਾਉਣ ਦੀ ਇੱਕ ਹੋਰ ਧਾਰਾ ਜੋੜ ਦਿੱਤੀ ਹੈ।

ਦੱਸ ਦਈਏ ਕਿ ਬੀਤੇ ਮਹੀਨੇ 21 ਮਾਰਚ ਨੂੰ ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਅੰਮ੍ਰਿਤਸਰ ਵਿੱਚ ਤਾਇਨਾਤ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਨੇ ਆਪਣੇ ਨਿਵਾਸ ਸਥਾਨ ‘ਤੇ ਖ਼ੁਦਕੁਸ਼ੀ ਕਰ ਲਈ ਸੀ। ਉਨ੍ਹਾਂ ਨੇ ਖ਼ੁਦਕੁਸ਼ੀ ਤੋਂ ਪਹਿਲਾ ਬਣਾਈ ਇਕ ਵੀਡੀਓ ‘ਚ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ‘ਤੇ ਗੰਭੀਰ ਦੋਸ਼ ਲਗਾਏ ਸਨ। ਜਿਸ ਤੋਂ ਬਾਅਦ ਇਹ ਮਾਮਲਾ ਚਰਚਾ ਵਿੱਚ ਆਇਆ। ਪੁਲਿਸ ਨੇ ਇਸ ਘਟਨਾ ਸੰਬੰਧੀ ਭੁੱਲਰ, ਉਸਦੇ ਪਿਤਾ ਅਤੇ ਉਸਦੇ ਨਿੱਜੀ ਸਹਾਇਕ ਵਿਰੁੱਧ ਖੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਕੀਤਾ ਸੀ। ਬਾਅਦ ਵਿੱਚ ਅੰਮ੍ਰਿਤਸਰ ਪੁਲਿਸ ਨੇ ਫਤਿਹਗੜ੍ਹ ਸਾਹਿਬ ਪੁਲਿਸ ਦੀ ਮਦਦ ਨਾਲ ਭੁੱਲਰ ਨੂੰ ਮੰਡੀ ਗੋਬਿੰਦਗੜ੍ਹ ਤੋਂ ਗ੍ਰਿਫ਼ਤਾਰ ਕਰ ਲਿਆ ਸੀ।

ਹੁਣ ਜਾਂਚ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਕੁਝ ਮਹੱਤਵਪੂਰਨ ਸਬੂਤਾਂ ਨਾਲ ਛੇੜਛਾੜ ਜਾਂ ਉਨ੍ਹਾਂ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸੇ ਆਧਾਰ ‘ਤੇ ਪੁਲਿਸ ਨੇ ਭੁੱਲਰ ਦੇ ਖ਼ਿਲਾਫ਼ ਸਬੂਤ ਨਸ਼ਟ ਕਰਨ ਨਾਲ ਸਬੰਧਤ ਧਾਰਾਵਾਂ ਜੋੜੀਆਂ ਹਨ। ਕਾਨੂੰਨ ਤਹਿਤ ਇਹ ਇੱਕ ਗੰਭੀਰ ਅਪਰਾਧ ਹੈ, ਜਿਸ ਵਿੱਚ ਦੋਸ਼ੀ ਪਾਏ ਜਾਣ ‘ਤੇ ਸਖ਼ਤ ਸਜ਼ਾ ਦਾ ਪ੍ਰਬੰਧ ਹੈ। ਪੰਜਾਬ ਪੁਲਿਸ ਇਸ ਪੂਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਕੇਸ ਨਾਲ ਜੁੜੇ ਹਰ ਪਹਿਲੂ ਦੀ ਬਾਰੀਕੀ ਨਾਲ ਪੜਤਾਲ ਕੀਤੀ ਜਾ ਰਹੀ ਹੈ, ਤਾਂ ਜੋ ਸੱਚਾਈ ਸਾਹਮਣੇ ਲਿਆਂਦੀ ਜਾ ਸਕੇ।