ਪੰਜਾਬ ਦੀਆਂ ਮੰਡੀਆਂ ‘ਚ ਝੋਨੇ ਦੀ ਖਰੀਦ ਨੂੰ ਲੈ ਕੇ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ ਸਰਕਾਰੀ ਖਰੀਦ ਪ੍ਰਬੰਧਾਂ ‘ਤੇ ਹੀ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ। ਹੈਰਾਨੀ ਦੀ ਗੱਲ ਇਹ ਹੈ ਕਿ ਮੰਡੀਆਂ ਵਿੱਚ ਝੋਨੇ ਦੀ ਅਸਲ ਮੌਜੂਦਗੀ ਤੋਂ ਬਿਨਾਂ ਹੀ ਸਰਕਾਰੀ ਰਿਕਾਰਡ ਵਿੱਚ ਹਜ਼ਾਰਾਂ ਕੁਇੰਟਲ ਫ਼ਸਲ ਦੀ ਖਰੀਦ ਦਿਖਾ ਦਿੱਤੀ ਗਈ।ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸਰਕਾਰ ਨੇ ਜਾਂਚ ਦਾ ਘੇਰਾ ਵਧਾ ਦਿੱਤਾ ਹੈ। ਦੋ ਸਰਕਾਰੀ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ, ਜਦਕਿ ਸੱਤ ਆੜ੍ਹਤੀ ਫਰਮਾਂ ਖ਼ਿਲਾਫ਼ ਵੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਦਰਅਸਲ, ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਵਿੱਚ ਝੋਨੇ ਦੀ ਖਰੀਦ ਦੇ ਅੰਕੜਿਆਂ ਵਿੱਚ ਅਚਾਨਕ ਵਾਧਾ ਹੋਣ ਤੋਂ ਬਾਅਦ ਅਧਿਕਾਰੀਆਂ ਨੂੰ ਸ਼ੱਕ ਹੋਇਆ। ਜਦੋਂ ਕਰੀਬ 28 ਆੜ੍ਹਤੀ ਫਰਮਾਂ ਦੇ ਰਿਕਾਰਡ ਦੀ ਜਾਂਚ ਕੀਤੀ ਗਈ ਤਾਂ ਦੋ ਅਜਿਹੀਆਂ ਫਰਮਾਂ ਸਾਹਮਣੇ ਆਈਆਂ, ਜਿਨ੍ਹਾਂ ਨੇ ਲਗਭਗ 11 ਹਜ਼ਾਰ ਕੁਇੰਟਲ ਝੋਨਾ ਖਰੀਦਿਆ ਦਿਖਾਇਆ ਸੀ। ਪਰ ਜਦੋਂ ਅਧਿਕਾਰੀ ਇਨ੍ਹਾਂ ਫਰਮਾਂ ਦੇ ਪਤੇ ‘ਤੇ ਪਹੁੰਚੇ ਤਾਂ ਉੱਥੇ ਨਾ ਕੋਈ ਦਫ਼ਤਰ ਮਿਲਿਆ ਅਤੇ ਨਾ ਹੀ ਕੋਈ ਰਜਿਸਟਰਡ ਮੁਲਾਜ਼ਮ। ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਕਿ ਦੋਵੇਂ ਫਰਮਾਂ ਸਤੰਬਰ 2026 ਵਿੱਚ ਹੀ ਰਜਿਸਟਰਡ ਹੋਈਆਂ ਸਨ। ਇਸ ਮਾਮਲੇ ਵਿੱਚ ਮਾਰਕਫੈੱਡ ਦੇ ਸੀਨੀਅਰ ਬ੍ਰਾਂਚ ਅਧਿਕਾਰੀ ਕੁਲਦੀਪ ਸਿੰਘ ਅਤੇ ਮਾਰਕੀਟ ਕਮੇਟੀ ਅਬੋਹਰ ਦੇ ਸਕੱਤਰ ਅਮਨਦੀਪ ਸਿੰਘ ਕੰਗ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
ਇਸ ਜਾਂਚ ਦੌਰਾਨ ਪੰਜ ਹੋਰ ਫਰਮਾਂ ਦੀ ਖਰੀਦ ਵੀ ਸ਼ੱਕ ਦੇ ਘੇਰੇ ਵਿੱਚ ਆ ਗਈ ਹੈ। ਇਨ੍ਹਾਂ ਫਰਮਾਂ ਨੇ 21 ਕਿਸਾਨਾਂ ਦਾ ਝੋਨਾ ਖਰੀਦ ਕੇਂਦਰ ਵਿੱਚ ਮੌਜੂਦ ਦਿਖਾਇਆ ਸੀ, ਪਰ ਜਦੋਂ ਮੌਕੇ ‘ਤੇ ਜਾਂਚ ਕੀਤੀ ਗਈ ਤਾਂ ਉੱਥੇ ਕੋਈ ਫ਼ਸਲ ਨਹੀਂ ਮਿਲੀ। ਹੋਰ ਵੀ ਹੈਰਾਨੀ ਦੀ ਗੱਲ ਇਹ ਹੈ ਕਿ ਇਨ੍ਹਾਂ ਫਰਮਾਂ ਨੂੰ ਸਰਕਾਰ ਵੱਲੋਂ ਨਵੀਂਆਂ ਬਾਰਦਾਨੇ ਦੀਆਂ ਬੋਰੀਆਂ ਵੀ ਜਾਰੀ ਕੀਤੀਆਂ ਗਈਆਂ ਸਨ। ਜਾਂਚ ਏਜੰਸੀਆਂ ਨੂੰ ਖ਼ਦਸ਼ਾ ਹੈ ਕਿ ਰਾਜਸਥਾਨ ਜਾਂ ਹੋਰ ਸੂਬਿਆਂ ਤੋਂ ਲਿਆਂਦੇ ਝੋਨੇ ਨੂੰ ਪੰਜਾਬ ਦੀ ਸਰਕਾਰੀ ਖਰੀਦ ਵਿੱਚ ਸ਼ਾਮਲ ਦਿਖਾਇਆ ਗਿਆ ਹੋ ਸਕਦਾ ਹੈ। ਇਸ ਤੋਂ ਇਲਾਵਾ ਸਥਾਨਕ ਕਿਸਾਨਾਂ ਤੋਂ ਘੱਟ ਕੀਮਤ ‘ਤੇ ਖਰੀਦੀ ਫ਼ਸਲ ਨੂੰ ਸਰਕਾਰੀ ਰਿਕਾਰਡ ਵਿੱਚ ਦਰਜ ਕਰਨ ਦੀ ਸੰਭਾਵਨਾ ਵੀ ਜਾਂਚੀ ਜਾ ਰਹੀ ਹੈ। ਫਿਲਹਾਲ ਦੋਵੇਂ ਸ਼ੱਕੀ ਫਰਮਾਂ ਦੇ ਨਾਂ ‘ਤੇ ਦਿਖਾਈ ਗਈ ਖਰੀਦ ਦਾ ਭੁਗਤਾਨ ਰੋਕ ਦਿੱਤਾ ਗਿਆ ਹੈ। ਉੱਧਰ, ਕਪੂਰਥਲਾ ਜ਼ਿਲ੍ਹੇ ਦੇ ਭੁਲੱਥ ਵਿੱਚ ਵੀ ਝੋਨੇ ਦੀ ਖਰੀਦ ਨੂੰ ਲੈ ਕੇ ਅਜਿਹਾ ਹੀ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ। ਸ਼ਿਕਾਇਤ ਮੁਤਾਬਕ, ਮੰਡੀ ਤੋਂ ਝੋਨੇ ਦੀਆਂ 22 ਹਜ਼ਾਰ ਬੋਰੀਆਂ ਇੱਕ ਰਾਈਸ ਮਿੱਲ ਵਿੱਚ ਪਹੁੰਚਾਉਣ ਅਤੇ ਉੱਥੇ ਉਤਾਰਨ ਦਾ ਰਿਕਾਰਡ ਦਰਜ ਕੀਤਾ ਗਿਆ ਸੀ।
ਪਰ ਜਦੋਂ ਮੰਡੀ ਤੋਂ ਮਿੱਲ ਤੱਕ ਦੇ ਰਸਤੇ ‘ਤੇ ਲੱਗੇ CCTV ਕੈਮਰਿਆਂ ਦੀ ਜਾਂਚ ਕੀਤੀ ਗਈ ਤਾਂ ਇਨ੍ਹਾਂ ਬੋਰੀਆਂ ਦੀ ਢੋਆ-ਢੁਆਈ ਸਬੰਧੀ ਕੋਈ ਫੁਟੇਜ ਨਹੀਂ ਮਿਲੀ। ਸਰਕਾਰ ਵੱਲੋਂ ਪਨਸਪ ਦੇ ਅਧਿਕਾਰੀਆਂ ਨੂੰ ਇਸ ਮਾਮਲੇ ਦੀ ਜਾਂਚ ਕਰਕੇ ਜਲਦੀ ਰਿਪੋਰਟ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ। ਦੂਜੇ ਪਾਸੇ, ਪੰਜਾਬ ਵਿੱਚ ਇਸ ਸੀਜ਼ਨ ਦੌਰਾਨ ਝੋਨੇ ਦੀ ਖਰੀਦ ਦਾ ਟੀਚਾ 180 ਲੱਖ ਮੀਟ੍ਰਿਕ ਟਨ ਰੱਖਿਆ ਗਿਆ ਸੀ, ਪਰ ਮੰਡੀਆਂ ਵਿੱਚ ਝੋਨੇ ਦੀ ਆਮਦ 188 ਲੱਖ ਮੀਟ੍ਰਿਕ ਟਨ ਤੱਕ ਪਹੁੰਚ ਗਈ ਹੈ। ਸਰਕਾਰੀ ਏਜੰਸੀਆਂ ਹੁਣ ਤੱਕ 183 ਲੱਖ ਮੀਟ੍ਰਿਕ ਟਨ ਝੋਨਾ ਖਰੀਦ ਚੁੱਕੀਆਂ ਹਨ। ਸੂਬਾ ਸਰਕਾਰ ਨੇ ਕੇਂਦਰ ਸਰਕਾਰ ਤੋਂ ਖਰੀਦ ਦਾ ਟੀਚਾ ਵਧਾ ਕੇ 200 ਲੱਖ ਮੀਟ੍ਰਿਕ ਟਨ ਕਰਨ ਦੀ ਮੰਗ ਕੀਤੀ ਹੈ। ਖੁਰਾਕ ਅਤੇ ਸਪਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਦੇ ਕਿਸਾਨਾਂ ਦੀ ਮੰਡੀਆਂ ਵਿੱਚ ਪਹੁੰਚਣ ਵਾਲੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ, ਪਰ ਫਰਜ਼ੀ ਖਰੀਦ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਹੁਣ ਦੇਖਣਾ ਹੋਵੇਗਾ ਕਿ ਜਾਂਚ ਵਿੱਚ ਹੋਰ ਕਿਹੜੇ ਖੁਲਾਸੇ ਸਾਹਮਣੇ ਆਉਂਦੇ ਹਨ ਅਤੇ ਇਸ ਪੂਰੇ ਮਾਮਲੇ ਵਿੱਚ ਹੋਰ ਕਿਹੜੇ ਲੋਕਾਂ ‘ਤੇ ਕਾਰਵਾਈ ਹੁੰਦੀ ਹੈ।
