ਕੈਨੇਡਾ ਵਿੱਚ ਧਾਰਮਿਕ ਆਜ਼ਾਦੀ ਅਤੇ ਧਰਮ ਨਿਰਪੱਖਤਾ ਨੂੰ ਲੈ ਕੇ ਇੱਕ ਵਾਰ ਫਿਰ ਵੱਡੀ ਚਰਚਾ ਛਿੜ ਗਈ ਹੈ। ਦਰਅਸਲ, ਕੈਨੇਡਾ ਦੀ ਸੁਪਰੀਮ ਕੋਰਟ ਨੇ ਕਿਊਬੈਕ ਦੇ ਵਿਵਾਦਤ ਧਰਮ ਨਿਰਪੱਖਤਾ ਕਾਨੂੰਨ ਬਿੱਲ 21 ਨੂੰ ਜ਼ਿਆਦਾਤਰ ਹਿੱਸਿਆਂ ਵਿੱਚ ਬਰਕਰਾਰ ਰੱਖਣ ਦਾ ਫ਼ੈਸਲਾ ਸੁਣਾਇਆ ਹੈ। ਇਸ ਫ਼ੈਸਲੇ ਦਾ ਸਿੱਧਾ ਅਸਰ ਉਨ੍ਹਾਂ ਲੋਕਾਂ ‘ਤੇ ਪਵੇਗਾ, ਜੋ ਕਿਊਬੈਕ ਦੇ ਸਰਕਾਰੀ ਖੇਤਰ ਵਿੱਚ ਕੁਝ ਖ਼ਾਸ ਅਹੁਦਿਆਂ ‘ਤੇ ਕੰਮ ਕਰਦੇ ਹਨ ਅਤੇ ਡਿਊਟੀ ਦੌਰਾਨ ਧਾਰਮਿਕ ਚਿੰਨ੍ਹ ਪਹਿਨਦੇ ਹਨ। ਦੱਸ ਦਈਏ ਕਿ ਬਿੱਲ 21 ਤਹਿਤ ਕਿਊਬੈਕ ਵਿੱਚ ਕੁਝ ਸਰਕਾਰੀ ਅਹੁਦਿਆਂ ‘ਤੇ ਤਾਇਨਾਤ ਮੁਲਾਜ਼ਮਾਂ ਨੂੰ ਡਿਊਟੀ ਦੌਰਾਨ ਧਾਰਮਿਕ ਚਿੰਨ੍ਹ ਪਹਿਨਣ ਦੀ ਮਨਾਹੀ ਹੈ। ਇਸ ਵਿੱਚ ਅਧਿਆਪਕਾਂ, ਪੁਲਿਸ ਅਧਿਕਾਰੀਆਂ ਅਤੇ ਕੁਝ ਹੋਰ ਸਰਕਾਰੀ ਅਹੁਦਿਆਂ ‘ਤੇ ਕੰਮ ਕਰਨ ਵਾਲੇ ਲੋਕਾਂ ‘ਤੇ ਪਾਬੰਦੀਆਂ ਸ਼ਾਮਲ ਹਨ। ਇਸ ਕਾਨੂੰਨ ਦਾ ਅਸਰ ਸਿੱਖਾਂ ਦੀ ਪੱਗ, ਮੁਸਲਿਮ ਔਰਤਾਂ ਦੇ ਹਿਜਾਬ ਅਤੇ ਹੋਰ ਧਾਰਮਿਕ ਚਿੰਨ੍ਹਾਂ ‘ਤੇ ਵੀ ਪੈਂਦਾ ਹੈ। ਹਾਲਾਂਕਿ, ਸੁਪਰੀਮ ਕੋਰਟ ਨੇ ਇਸ ਕਾਨੂੰਨ ਦੇ ਇੱਕ ਅਹਿਮ ਹਿੱਸੇ ਨੂੰ ਗ਼ੈਰ-ਸੰਵਿਧਾਨਕ ਕਰਾਰ ਦਿੰਦਿਆਂ ਰੱਦ ਵੀ ਕੀਤਾ ਹੈ।
ਅਦਾਲਤ ਨੇ ਕਿਹਾ ਕਿ ਬਿੱਲ 21 ਦੀ ਧਾਰਾ 8 ਤਹਿਤ ਨੈਸ਼ਨਲ ਅਸੈਂਬਲੀ ਦੇ ਚੁਣੇ ਹੋਏ ਮੈਂਬਰਾਂ ਨੂੰ ਧਾਰਮਿਕ ਕਾਰਨਾਂ ਕਰਕੇ ਚਿਹਰਾ ਢੱਕਣ ਤੋਂ ਰੋਕਣਾ ਉਨ੍ਹਾਂ ਦੇ ਲੋਕਤੰਤਰੀ ਹੱਕਾਂ ਦੀ ਉਲੰਘਣਾ ਹੈ।ਕੈਨੇਡੀਅਨ ਚਾਰਟਰ ਦੇ ਮੁਤਾਬਕ ਹਰ ਨਾਗਰਿਕ ਨੂੰ ਵਿਧਾਨ ਸਭਾ ਦਾ ਮੈਂਬਰ ਬਣਨ ਅਤੇ ਵਿਧਾਨਕ ਪ੍ਰਕਿਰਿਆ ਵਿੱਚ ਹਿੱਸਾ ਲੈਣ ਦਾ ਅਧਿਕਾਰ ਹੈ। ਇਸ ਲਈ ਅਦਾਲਤ ਨੇ ਇਸ ਪਾਬੰਦੀ ਨੂੰ ਕਾਨੂੰਨੀ ਤੌਰ ‘ਤੇ ਬੇਅਸਰ ਕਰ ਦਿੱਤਾ ਹੈ। ਉੱਧਰ, ਨੈਸ਼ਨਲ ਕੌਂਸਲ ਆਫ ਕੈਨੇਡੀਅਨ ਮੁਸਲਿਮਜ਼ ਸਮੇਤ ਕਈ ਸੰਗਠਨਾਂ ਨੇ ਇਸ ਫ਼ੈਸਲੇ ਦੀ ਆਲੋਚਨਾ ਕੀਤੀ ਹੈ। ਦੂਜੇ ਪਾਸੇ ਕਈ ਸਿਆਸੀ ਆਗੂਆਂ ਨੇ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ। ਕੁੱਲ ਮਿਲਾ ਕੇ ਇਸ ਫ਼ੈਸਲੇ ਨੇ ਕੈਨੇਡਾ ਵਿੱਚ ਧਾਰਮਿਕ ਆਜ਼ਾਦੀ, ਸਰਕਾਰੀ ਅਦਾਰਿਆਂ ਦੀ ਨਿਰਪੱਖਤਾ ਅਤੇ ਨਾਗਰਿਕਾਂ ਦੇ ਸੰਵਿਧਾਨਕ ਅਧਿਕਾਰਾਂ ਨੂੰ ਲੈ ਕੇ ਇੱਕ ਨਵੀਂ ਬਹਿਸ ਛੇੜ ਦਿੱਤੀ ਹੈ।
