ਕਾਂਗਰਸ ਨੇ ਲੋਕ ਸਭਾ ਚੋਣਾਂ 2024 ਨੂੰ ਲੈ ਕੇ 16 ਉਮੀਦਵਾਰਾਂ ਦੀ ਇਕ ਹੋਰ ਸੂਚੀ ਜਾਰੀ ਕੀਤੀ ਹੈ। ਕਾਂਗਰਸ ਨੇ ਚੰਡੀਗੜ੍ਹ ਦੀ ਲੋਕ ਸਭਾ ਸੀਟ ਤੋਂ ਮਨੀਸ਼ ਤਿਵਾੜੀ ਨੂੰ ਲੋਕ ਸਭਾ ਚੋਣਾਂ ਲਈ ਅਪਣਾ ਉਮੀਦਵਾਰ ਐਲਾਨ ਦਿਤਾ ਹੈ। ਹਾਲਾਂਕਿ ਤਿਵਾੜੀ ਨੇ ਚੰਡੀਗੜ੍ਹ ਤੋਂ ਚੋਣ ਲੜਨ ਲਈ ਅਰਜ਼ੀ ਫਾਰਮ ਨਹੀਂ ਭਰਿਆ ਪਰ ਪਾਰਟੀ ਦੀ ਚੰਡੀਗੜ੍ਹ ਇਕਾਈ ਨੇ ਉਨ੍ਹਾਂ ਦੇ ਨਾਮ ਦੀ ਸਿਫਾਰਸ਼ ਕੀਤੀ ਸੀ। ਬੀਤੀ ਰਾਤ ਐਲਾਨੇ ਉਮੀਦਵਾਰਾਂ ਦੀ ਸੂਚੀ ’ਚ ਪਾਰਟੀ ਨੇ ਚਾਰ ਵਾਰ ਦੇ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਅਤੇ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਹਰਮਹਿੰਦਰ ਸਿੰਘ ਲੱਕੀ ਦੇ ਦਾਅਵੇ ਨੂੰ ਨਕਾਰਦਿਆਂ ਮਨੀਸ਼ ਤਿਵਾੜੀ ਨੂੰ ਟਿਕਟ ਦਿਤੀ ਹੈ।
ਮਨੀਸ਼ ਤਿਵਾੜੀ ਇਸ ਵੇਲੇ ਆਨੰਦਪੁਰ ਸਾਹਿਬ ਲੋਕ ਸਭਾ ਮੈਂਬਰ ਹਨ, ਜਿਸ ਸੀਟ ‘ਤੇ ਉਨ੍ਹਾਂ ਨੇ 2019 ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਅਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੂੰ 46,884 ਵੋਟਾਂ ਦੇ ਫਰਕ ਨਾਲ ਹਰਾਇਆ ਸੀ। ਚੰਡੀਗੜ੍ਹ ਲੋਕ ਸਭਾ ਸੀਟ ’ਤੇ ‘ਇੰਡੀਆ’ ਗੱਠਜੋੜ ਦੀਆਂ ਪਾਰਟੀਆਂ ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ ਨੇ ਮਿਲ ਕੇ ਉਮੀਦਵਾਰ ਐਲਾਨ ਦਾ ਫ਼ੈਸਲਾ ਕੀਤਾ ਸੀ ਅਤੇ ਚੰਡੀਗੜ੍ਹ ਸੀਟ ਕਾਂਗਰਸ ਦੀ ਝੋਲੀ ’ਚ ਪਈ ਸੀ। ਇਹ ਫ਼ੈਸਲਾ ਪਿੱਛੇ ਜਿਹੇ ਹੋਈ ਚੰਡੀਗੜ੍ਹ ਦੇ ਮੇਅਰ ਦੀ ਚੋਣ ’ਚ ਮੇਅਰ ਦਾ ਅਹੁਦਾ ‘ਆਪ’ ਨੂੰ ਜਾਣ ਤੋਂ ਬਾਅਦ ਇਹ ਸਮਝੌਤਾ ਹੋਇਆ ਸੀ, ਜਿਸ ਤੋਂ ਬਾਅਦ ਮਨੀਸ਼ ਤਿਵਾੜੀ ਨੂੰ ਭਰਵਾਂ ਸਮਰਥਨ ਮਿਲਣ ਦੀ ਉਮੀਦ ਹੈ। ਉਨ੍ਹਾਂ ਦਾ ਮੁੱਖ ਮੁਕਾਬਲਾ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸੰਜੇ ਟੰਡਨ ਨਾਲ ਹੋਵੇਗਾ, ਜਿਨ੍ਹਾਂ ਨੂੰ ਮੌਜੂਦਾ ਸੰਸਦ ਮੈਂਬਰ ਕਿਰਨ ਖੇਰ ਦੀ ਥਾਂ ’ਤੇ ਟਿਕਟ ਦਿਤੀ ਗਈ ਹੈ।