ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਅਕਾਲੀ ਦਲ ਅਤੇ ਭਾਜਪਾ ਦੇ ਰਿਸ਼ਤਿਆਂ ਦੀ ਚਰਚਾ ਤੇਜ਼ ਹੋ ਗਈ ਹੈ। ਕਦੇ ਨਹੁੰ-ਮਾਸ ਦਾ ਰਿਸ਼ਤਾ ਕਹੇ ਜਾਣ ਵਾਲੇ ਇਸ ਗੱਠਜੋੜ ਨੂੰ ਲੈ ਕੇ ਹੁਣ ਭਾਜਪਾ ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਬਾਦਲ ਨੇ ਅਜਿਹਾ ਬਿਆਨ ਦਿੱਤਾ ਹੈ, ਜਿਸ ਨੇ ਸਿਆਸੀ ਹਲਕਿਆਂ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕਈ ਵਾਰ ਭਰਾਵਾਂ ਵਿਚਕਾਰ ਵੀ ਮਨਮੁਟਾਅ ਹੋ ਜਾਂਦਾ ਹੈ, ਪਰ ਭਰਾਵਾਂ ਦਾ ਰਿਸ਼ਤਾ ਕਦੇ ਖ਼ਤਮ ਨਹੀਂ ਹੁੰਦਾ। ਉਨ੍ਹਾਂ ਨੇ ਅਕਾਲੀ ਦਲ ਅਤੇ ਭਾਜਪਾ ਦੀ ਸਾਂਝ ਨੂੰ ਪੰਜਾਬ ਦੀ ਸਾਂਝੀ ਵਿਰਾਸਤ ਅਤੇ ਹਿੰਦੂ-ਸਿੱਖ ਭਾਈਚਾਰੇ ਦੇ ਪਿਆਰ ਨਾਲ ਜੋੜਿਆ। ਦਰਅਸਲ, ਮਨਪ੍ਰੀਤ ਸਿੰਘ ਬਾਦਲ ਮਾਨਸਾ ਵਿੱਚ ਭਾਜਪਾ ਦੇ ਜ਼ਿਲ੍ਹਾ ਦਫ਼ਤਰ ਵਿਖੇ ਵਪਾਰੀਆਂ ਅਤੇ ਕਾਰੋਬਾਰੀ ਵਰਗਾਂ ਨਾਲ ਮੁਲਾਕਾਤ ਕਰਨ ਪਹੁੰਚੇ ਸਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਭਾਜਪਾ ਦਾ ਚੋਣ ਮੈਨੀਫੈਸਟੋ ਬੰਦ ਕਮਰਿਆਂ ਵਿੱਚ ਨਹੀਂ, ਸਗੋਂ ਲੋਕਾਂ ਦੇ ਸੁਝਾਵਾਂ ਨਾਲ ਤਿਆਰ ਕੀਤਾ ਜਾਵੇਗਾ।

ਉਨ੍ਹਾਂ ਮੁਤਾਬਕ 15 ਦਸੰਬਰ ਤੱਕ ਮੈਨੀਫੈਸਟੋ ਜਾਰੀ ਕਰਨ ਦੀ ਉਮੀਦ ਹੈ। ਉੱਧਰ ਅਕਾਲੀ ਦਲ ਨਾਲ ਸੀਟਾਂ ਦੀ ਵੰਡ ਬਾਰੇ ਸਵਾਲ ‘ਤੇ ਉਨ੍ਹਾਂ ਕਿਹਾ ਕਿ ਇਸ ਦਾ ਫ਼ੈਸਲਾ ਦੋਵਾਂ ਪਾਰਟੀਆਂ ਦੀ ਲੀਡਰਸ਼ਿਪ ਆਪਸੀ ਸਹਿਮਤੀ ਨਾਲ ਕਰੇਗੀ। ਉਨ੍ਹਾਂ ਕਿਹਾ ਕਿ ਸਭ ਤੋਂ ਵੱਡਾ ਸਵਾਲ ਸੀਟਾਂ ਦਾ ਨਹੀਂ, ਸਗੋਂ ਪੰਜਾਬ ਦੀ ਤਕਦੀਰ ਬਦਲਣ ਦਾ ਹੈ। ਇਸ ਦੇ ਨਾਲ ਹੀ ਮਨਪ੍ਰੀਤ ਬਾਦਲ ਨੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਦਾਅਵਾ ਕਰਦਿਆਂ ਕਿਹਾ ਕਿ ਜੇਕਰ ਭਾਜਪਾ ਗੱਠਜੋੜ ਦੀ ਸਰਕਾਰ ਬਣਦੀ ਹੈ ਤਾਂ 31 ਦਸੰਬਰ 2029 ਤੱਕ ਨਸ਼ਿਆਂ ਦੇ ਖ਼ਾਤਮੇ ਦਾ ਟੀਚਾ ਰੱਖਿਆ ਗਿਆ ਹੈ। ਇਸ ਮੌਕੇ ਭਾਜਪਾ ਆਗੂ ਪਰਮਪਾਲ ਕੌਰ ਸਿੱਧੂ ਨੇ ਵੀ ਪੰਜਾਬ ਵਿੱਚ ਭਾਰੀ ਬਹੁਮਤ ਨਾਲ ਸਰਕਾਰ ਬਣਾਉਣ ਦਾ ਦਾਅਵਾ ਕੀਤਾ। ਹੁਣ ਦੇਖਣਾ ਹੋਵੇਗਾ ਕਿ ਅਕਾਲੀ ਦਲ ਅਤੇ ਭਾਜਪਾ ਵਿਚਕਾਰ ਇਹ ਸਿਆਸੀ ਨੇੜਤਾ ਆਉਣ ਵਾਲੇ ਸਮੇਂ ਵਿੱਚ ਕਿਸ ਰੂਪ ਵਿੱਚ ਸਾਹਮਣੇ ਆਉਂਦੀ ਹੈ।