ਭੁਲੱਥ ਇਲਾਕੇ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਕਪੂਰਥਲਾ ਕੋਰਟ ਨੇ ਖਹਿਰਾ ਦੀ ਜ਼ਮਾਨਤ ਪਟੀਸ਼ਨ ਮਨਜ਼ੂਰ ਕਰ ਲਈ ਹੈ। 12 ਜਨਵਰੀ ਨੂੰ ਪੁਲਿਸ ਵੱਲੋਂ ਰਿਕਾਰਡ ਪੇਸ਼ ਕਰਨ ਤੋਂ ਬਾਅਦ 15 ਜਨਵਰੀ ਦੀ ਤਰੀਕ ਤੈਅ ਕੀਤੀ ਸੀ। ਅੱਜ ਮਾਣਯੋਗ ਅਦਾਲਤ ਨੇ ਦੋਵਾਂ ਪੱਖਾਂ ਦੀ ਦਲੀਲਾਂ ਸੁਣਨ ਤੋਂ ਬਾਅਦ ਜ਼ਮਾਨਤ ਪਟੀਸ਼ਨ ‘ਤੇ ਫੈਸਲਾ ਲਿਆ।
ਖਹਿਰਾ ਦੇ ਵਕੀਲ ਕੰਵਰਜੀਤ ਸਿੰਘ ਤੇ ਰਜਤ ਢਿੱਲੋਂ ਨੇ ਦੱਸਿਆ ਕਿ 6 ਜਨਵਰੀ ਨੂੰ ਕਪੂਰਥਲਾ ਅਦਾਲਤ ਨੇ ਸੁਖਪਾਲ ਖਹਿਰਾ ਨੂੰ 14 ਦਿਨ ਲਈ ਜੁਡੀਸ਼ੀਅਲ ਕਸਟਡੀ ਵਿੱਚ ਭੇਜਣ ਤੋਂ ਬਾਅਦ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ। ਜਿਸ ਕਾਰਨ ਪੁਲਿਸ ਨੇ 9 ਜਨਵਰੀ ਨੂੰ ਰਿਕਾਰਡ ਪੇਸ਼ ਨਹੀਂ ਕੀਤਾ ਅਤੇ ਅਦਾਲਤ ਨੇ 11 ਜਨਵਰੀ ਨੂੰ ਰਿਕਾਰਡ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਉਸ ਦਿਨ ਵੀ ਰਿਕਾਰਡ ਪੇਸ਼ ਨਹੀਂ ਕੀਤਾ ਗਿਆ ਸੀ, ਇਸ ਲਈ 12 ਜਨਵਰੀ ਨੂੰ ਰਿਕਾਰਡ ਪੇਸ਼ ਕਰਨ ਦੇ ਹੁਕਮ ਦਿੱਤੇ ਗਏ ਸਨ। ਪੁਲਿਸ ਨੇ ਰਿਕਾਰਡ ਪੇਸ਼ ਕੀਤਾ। ਅੱਜ ਅਦਾਲਤ ਨੇ ਖਹਿਰਾ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ।

ਉਨ੍ਹਾਂ ਦੇ ਪੁੱਤਰ ਐਡਵੋਕੇਟ ਮਹਿਤਾਬ ਖਹਿਰਾ ਨੇ ਕਿਹਾ ਕਿ ਸੁਭਾਨਪੁਰ ਥਾਣੇ ਵਿੱਚ 4 ਜਨਵਰੀ ਨੂੰ ਦਰਜ ਕੀਤੀ ਗਈ ਐਫਆਈਆਰ ਪੂਰੀ ਤਰ੍ਹਾਂ ਝੂਠੀ ਅਤੇ ਸਿਆਸਤ ਤੋਂ ਪ੍ਰੇਰਿਤ ਹੈ। ਇਸ ਨੂੰ ਰੱਦ ਕਰਨ ਦੀ ਅਪੀਲ ਕਰਦਿਆਂ ਮਾਣਯੋਗ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ ਅਤੇ ਇਸ ਐਫਆਈਆਰ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀ ਅੱਜ 15 ਜਨਵਰੀ ਨੂੰ ਹੋਣੀ ਹੈ। ਉਕਤ ਮਾਮਲੇ ‘ਚ ਉਨ੍ਹਾਂ ਦੇ ਪੁੱਤਰ ਮਹਿਤਾਬ ਖਹਿਰਾ ਨੇ ਦੱਸਿਆ ਕਿ ਮਾਣਯੋਗ ਹਾਈਕੋਰਟ ਨੇ ਪੁਲਿਸ ਨੂੰ 22 ਤਰੀਕ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਹਨ |

ਦੱਸ ਦੇਈਏ ਕਿ ਸਾਲ 2015 ਵਿੱਚ ਜਲਾਲਾਬਾਦ ਪੁਲਿਸ ਨੇ ਮਾਰਕੀਟ ਕਮੇਟੀ ਢਿਲਵਾਂ ਦੇ ਸਾਬਕਾ ਚੇਅਰਮੈਨ ਗੁਰਦੇਵ ਸਿੰਘ ਸਮੇਤ 9 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਨ੍ਹਾਂ ਦੇ ਕਬਜ਼ੇ ‘ਚੋਂ 2 ਕਿਲੋ ਹੈਰੋਇਨ, 24 ਸੋਨੇ ਦੇ ਬਿਸਕੁਟ, ਇੱਕ ਦੇਸੀ .315 ਬੋਰ ਦਾ ਪਿਸਤੌਲ, ਦੋ ਪਾਕਿਸਤਾਨੀ ਸਿਮ ਕਾਰਡ ਅਤੇ ਇੱਕ ਟਾਟਾ ਸਫਾਰੀ ਕਾਰ ਬਰਾਮਦ ਹੋਈ ਹੈ। ਇਸ ਮਾਮਲੇ ਵਿੱਚ ਖਹਿਰਾ ਦਾ ਨਾਂ ਮਾਰਕੀਟ ਕਮੇਟੀ ਢਿਲਵਾਂ ਦੇ ਸਾਬਕਾ ਚੇਅਰਮੈਨ ਗੁਰਦੇਵ ਸਿੰਘ ਨਾਲ ਕਥਿਤ ਸਬੰਧਾਂ ਕਾਰਨ ਸਾਹਮਣੇ ਆਇਆ ਸੀ।