ਸੁਨਾਮ ਊਧਮ ਸਿੰਘ ਵਾਲਾ: ਮਹਾਨ ਇਨਕਲਾਬੀ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ ਦੇ ਜਨਮ ਅਸਥਾਨ ਸੁਨਾਮ ਨੂੰ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸਮਰਪਿਤ ਕੀਤੇ। ਇਨ੍ਹਾਂ ਪ੍ਰੋਜੈਕਟਾਂ ਵਿੱਚ ਸੰਤ ਅਤਰ ਸਿੰਘ ਮਹਾਰਾਜ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਟਰੌਮਾ ਸੈਂਟਰ, ਦਵਾਈਆਂ ਦਾ ਵੇਅਰਹਾਊਸ ਅਤੇ ਬਲੱਡ ਬੈਂਕ ਸ਼ਾਮਲ ਹਨ। ਇਸ ਮੌਕੇ ਰਾਜ ਪੱਧਰੀ ਸ਼ਹੀਦੀ ਸਮਾਗਮ ਦੌਰਾਨ ਉਨ੍ਹਾਂ ਨੇ ਮਹਾਨ ਸੁਤੰਤਰਤਾ ਸੰਗਰਾਮੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦਾਂ ਦੇ ਸੁਪਨਿਆਂ ਦਾ ਪੰਜਾਬ ਅਤੇ ਭਾਰਤ ਬਣਾਉਣ ਲਈ ਸਾਂਝੇ ਯਤਨਾਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਿਆਂ ਮਿਆਰੀ ਸਿੱਖਿਆ, ਸਿਹਤ ਸੰਭਾਲ ਅਤੇ ਰੋਜ਼ਗਾਰ ਮੁਹੱਈਆ ਕਰਵਾਉਣਾ ਹੀ ਦੇਸ਼ ਦੇ ਸੁਤੰਤਰਤਾ ਸੰਗਰਾਮੀਆਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਉਨ੍ਹਾਂ ਨੇ ਇਹ ਵੀ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਹੇਠਲੇ ਪੱਧਰ ‘ਤੇ ਕੰਮ ਕਰ ਰਹੀ ਹੈ। ਉਨ੍ਹਾਂ ਨੇ ਲੋਕਾਂ ਨੂੰ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਵਿਗਾੜਨ ਦੀਆਂ ਕੋਸ਼ਿਸ਼ਾਂ ਤੋਂ ਸੁਚੇਤ ਕੀਤਾ।

ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗਰਮੀ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਪੁੱਜੇ ਲੋਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ, “ਅੱਜ ਇੱਕ ਵੱਡਾ ਦਿਨ ਹੈ ਕਿਉਂਕਿ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਹਾ ਹੈ। ਪੰਜਾਬ ਸਰਕਾਰ ਨੇ ਸੁਨਾਮ ਦੀ ਇਸ ਪਵਿੱਤਰ ਧਰਤੀ ਦੀ ਚੋਣ ਕੀਤੀ ਹੈ, ਜਿੱਥੇ ਸ਼ਹੀਦ ਊਧਮ ਸਿੰਘ ਜੀ ਦਾ ਜਨਮ ਹੋਇਆ ਸੀ। ਬਚਪਨ ਤੋਂ ਹੀ ਮੈਂ ਆਪਣੇ ਪਿਤਾ ਜੀ ਨਾਲ ਇਸ ਧਰਤੀ ‘ਤੇ ਆਉਂਦਾ ਰਿਹਾ ਹਾਂ।”

ਮੁੱਖ ਮੰਤਰੀ ਨੇ ਸਾਂਝਾ ਕੀਤਾ, “ਜਦੋਂ ਮੈਂ 1993 ਵਿੱਚ ਪਹਿਲੀ ਵਾਰ ਇੰਗਲੈਂਡ ਗਿਆ ਸੀ ਤਾਂ ਮੈਂ ਖਾਸ ਤੌਰ ‘ਤੇ ਕੈਕਸਟਨ ਹਾਲ ਗਿਆ ਸੀ ਜਿੱਥੇ ਸ਼ਹੀਦ ਊਧਮ ਸਿੰਘ ਜੀ ਨੇ 21 ਸਾਲਾਂ ਦੇ ਇੰਤਜ਼ਾਰ ਤੋਂ ਬਾਅਦ ਓ’ਡਵਾਇਰ ਨੂੰ ਗੋਲੀ ਮਾਰੀ ਸੀ।”

ਸੁਤੰਤਰਤਾ ਸੰਗਰਾਮੀਆਂ ਦੇ ਆਦਰਸ਼ਾਂ ਪ੍ਰਤੀ ਆਪਣੀ ਸਰਕਾਰ ਦੀ ਵਚਨਬੱਧਤਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਆਪ ਸਰਕਾਰ ਦੇਸ਼ ਦੇ ਆਜ਼ਾਦੀ ਸੰਘਰਸ਼ ਦੇ ਸ਼ਹੀਦਾਂ ਅਤੇ ਨਾਇਕਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਅਜ਼ਾਦੀ ਦੇ ਲਗਭਗ 80 ਸਾਲਾਂ ਬਾਅਦ ਵੀ ਦੇਸ਼ ਮਹਾਨ ਰਾਸ਼ਟਰੀ ਨੇਤਾਵਾਂ ਦੇ ਸੁਪਨਿਆਂ ਨੂੰ ਪੂਰਾ ਨਹੀਂ ਕਰ ਸਕਿਆ ਹੈ। ਹਾਲਾਂਕਿ, ਅਹੁਦਾ ਸੰਭਾਲਣ ਦੇ ਪਹਿਲੇ ਹੀ ਦਿਨ ਤੋਂ ਸਾਡੀ ਸਰਕਾਰ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ।”

ਸੂਬਾ ਸਰਕਾਰ ਦੀਆਂ ਪ੍ਰਮੁੱਖ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਸਾਡੀ ਸਰਕਾਰ ਨੇ ਲੋਕਾਂ ਦੀ ਸਹੂਲਤ ਲਈ ਸੁਖਾਲੀ ਰਜਿਸਟਰੀ ਦਾ ਇਤਿਹਾਸਕ ਕਦਮ ਚੁੱਕਿਆ ਹੈ। ਨੌਜਵਾਨਾਂ ਨੂੰ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ‘ਤੇ 68,000 ਤੋਂ ਵੱਧ ਨੌਕਰੀਆਂ ਦਿੱਤੀਆਂ ਗਈਆਂ ਹਨ। ਪੰਜਾਬ ਦੇ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ। ਪੂਰੇ ਸੂਬੇ ਵਿੱਚ ਲਗਭਗ 43,000 ਕਿਲੋਮੀਟਰ ਸੜਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਨੇ ਦਿਨ ਵੇਲੇ ਕਿਸਾਨਾਂ ਨੂੰ ਬਿਜਲੀ ਦਿੱਤੀ ਹੈ ਅਤੇ ਪੰਜਾਬ ਵਿੱਚ 14,000 ਕਿਲੋਮੀਟਰ ਲੰਬੀਆਂ ਪਾਈਪਾਂ ਵਿਛਾਈਆਂ ਹਨ, ਜੋ ਕਿ ਦਿੱਲੀ ਅਤੇ ਕੈਨੇਡਾ ਦੇ ਵੈਨਕੂਵਰ ਵਿਚਕਾਰ ਦੀ ਦੂਰੀ ਦੇ ਬਰਾਬਰ ਹੈ। ਅਸੀਂ ਇਨ੍ਹਾਂ ਪਾਈਪਾਂ ਰਾਹੀਂ ਖੇਤਾਂ ਨੂੰ 21,000 ਕਿਊਸਿਕ ਪਾਣੀ ਦੀ ਸਪਲਾਈ ਕਰ ਰਹੇ ਹਾਂ, ਜਿਸ ਕਾਰਨ ਨਹਿਰੀ ਸਿੰਚਾਈ ਵਿੱਚ ਵਾਧਾ ਹੋਇਆ ਹੈ।”

ਮੁੱਖ ਮੰਤਰੀ ਨੇ ਦੱਸਿਆ, “ਨਹਿਰਾਂ ਅਤੇ ਦਰਿਆਵਾਂ ਵਿੱਚ ਰੀਚਾਰਜ ਪੁਆਇੰਟ ਬਣਾਏ ਗਏ ਹਨ ਤਾਂ ਜੋ ਪਾਣੀ ਦਾ ਪੱਧਰ ਸੁਧਰ ਸਕੇ। ਨਤੀਜੇ ਵਜੋਂ ਪਾਣੀ ਦਾ ਪੱਧਰ ਦੋ ਤੋਂ ਚਾਰ ਮੀਟਰ ਤੱਕ ਵੱਧ ਗਿਆ ਹੈ। ਮੇਰੇ ਯਤਨਾਂ ਦਾ ਇੱਕੋ-ਇੱਕ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਹਰ ਕੋਈ ਖੁਸ਼ ਰਹੇ ਅਤੇ ਇਸੇ ਲਈ ਮੈਂ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਦਿਨ-ਰਾਤ ਕੰਮ ਕਰ ਰਿਹਾ ਹਾਂ।”

ਸਿੱਖਿਆ ਬਾਰੇ ਬੋਲਦਿਆਂ ਉਨ੍ਹਾਂ ਕਿਹਾ, “ਜਦੋਂ ਅਸੀਂ 2022 ਵਿੱਚ ਅਹੁਦਾ ਸੰਭਾਲਿਆ ਸੀ ਤਾਂ ਪੰਜਾਬ ਸਿੱਖਿਆ ਦੇ ਖੇਤਰ ਵਿੱਚ 27ਵੇਂ ਨੰਬਰ ‘ਤੇ ਸੀ। ਅੱਜ, ਭਾਰਤ ਸਰਕਾਰ ਦੇ ਸਿੱਖਿਆ ਸਰਵੇਖਣ ਅਨੁਸਾਰ ਪੰਜਾਬ ਸਿੱਖਿਆ ਖੇਤਰ ਵਿੱਚ ਸਭ ਤੋਂ ਅੱਗੇ ਹੈ। ਅੱਜ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ ਦੀ ਪ੍ਰੀਖਿਆ ਪਾਸ ਕੀਤੀ ਹੈ।”ਉਨ੍ਹਾਂ ਅੱਗੇ ਕਿਹਾ, “ਇਹ ਮੁਫ਼ਤ ਦੀਆਂ ਰਿਉੜੀਆਂ ਨਹੀਂ ਸਗੋਂ ਮਿਆਰੀ ਸਿੱਖਿਆ ਹੈ ਜੋ ਆਮ ਆਦਮੀ ਨੂੰ ਗਰੀਬੀ ‘ਚੋਂ ਕੱਢ ਕੇ ਉਸ ਦੀ ਤਕਦੀਰ ਬਦਲ ਸਕਦੀ ਹੈ।”