ਕੈਨੇਡਾ ਵਿਖੇ PGWP ਵਿਰੋਧ ਪ੍ਰਦਰਸ਼ਨ ਤੋਂ ਬਾਅਦ ਦੇਸ਼ ਨਿਕਾਲੇ ਦਾ ਸਾਹਮਣਾ ਕਰ ਰਹੇ ਕੈਲਗਰੀ ਦੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਹੱਕ ਵਿੱਚ 250 ਤੋਂ ਵੱਧ ਸੰਸਥਾਵਾਂ ਆ ਗਈਆਂ ਹਨ। ਕੈਨੇਡਾ ਦੀਆਂ 250 ਤੋਂ ਵੱਧ ਨਾਗਰਿਕ ਅਜ਼ਾਦੀ, ਮਨੁੱਖੀ ਅਧਿਕਾਰ, ਮਜ਼ਦੂਰ, ਧਾਰਮਿਕ, ਵਾਤਾਵਰਣ, ਪ੍ਰਵਾਸੀ ਅਤੇ ਕਮਿਊਨਿਟੀ ਸੰਸਥਾਵਾਂ ਨੇ ਕੈਲਗਰੀ ਦੇ ਉਨ੍ਹਾਂ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਸਮਰਥਨ ਵਿੱਚ ਖੁੱਲ੍ਹੇ ਪੱਤਰ ’ਤੇ ਦਸਤਖ਼ਤ ਕੀਤੇ ਹਨ, ਜਿਨ੍ਹਾਂ ਨੂੰ ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ (PGWP) ਰੱਦ ਹੋਣ ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰਨ ਤੋਂ ਬਾਅਦ ਦੇਸ਼ ਛੱਡਣ ਦੇ ਹੁਕਮਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਹ ਪੱਤਰ 2-3 ਸਤੰਬਰ 2026 ਦੇ ਆਸ-ਪਾਸ ਪ੍ਰਧਾਨ ਮੰਤਰੀ ਮਾਰਕ ਕਾਰਨੀ, ਪਬਲਿਕ ਸੇਫਟੀ ਮੰਤਰੀ ਗੈਰੀ ਆਨੰਦਾਸਾਂਗਰੀ, ਇਮੀਗ੍ਰੇਸ਼ਨ ਮੰਤਰੀ ਲੀਨਾ ਮੈਟਲੇਜ ਡਾਇਬ ਅਤੇ ਅਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਨੂੰ ਭੇਜਿਆ ਗਿਆ। ਪੱਤਰ ਵਿੱਚ 12 ਅਗਸਤ 2026 ਨੂੰ ਕੈਲਗਰੀ ਪੁਲਿਸ ਸਰਵਿਸ (CPS) ਅਤੇ ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (CBSA) ਦੀ ਕਾਰਵਾਈ ਦੀ ਨਿਰਪੱਖ ਆਜ਼ਾਦ ਜਾਂਚ ਦੀ ਮੰਗ ਕੀਤੀ ਗਈ ਹੈ। ਇਸ ਦੇ ਨਾਲ ਹੀ ਵਿਦਿਆਰਥੀਆਂ ਖ਼ਿਲਾਫ਼ ਜਾਰੀ ਕੀਤੇ ਗਏ ਬਾਹਰ ਕੱਢਣ/ਦੇਸ਼ ਨਿਕਾਲੇ ਦੇ ਹੁਕਮਾਂ ਨੂੰ ਤੁਰੰਤ ਮੁਅੱਤਲ ਕਰਨ ਦੀ ਮੰਗ ਕੀਤੀ ਗਈ ਹੈ।

ਸੰਸਥਾਵਾਂ ਨੇ ਇਹ ਵੀ ਮੰਗ ਕੀਤੀ ਹੈ ਕਿ ਅਜਿਹੀਆਂ ਸਪੱਸ਼ਟ ਨੀਤੀਆਂ ਬਣਾਈਆਂ ਜਾਣ ਜੋ ਇਹ ਯਕੀਨੀ ਬਣਾਉਣ ਕਿ ਸ਼ਾਂਤਮਈ ਪ੍ਰਦਰਸ਼ਨ ਜਾਂ ਆਪਣੇ ਹੱਕਾਂ ਲਈ ਆਵਾਜ਼ ਉਠਾਉਣਾ ਇਮੀਗ੍ਰੇਸ਼ਨ ਕਾਰਵਾਈ ਦਾ ਕਾਰਨ ਨਾ ਬਣੇ। ਇਸ ਤੋਂ ਇਲਾਵਾ, ਪੱਤਰ ਵਿੱਚ ਮੰਗ ਕੀਤੀ ਗਈ ਹੈ ਕਿ ਵਿਦਿਆਰਥੀਆਂ ਦੇ ਵਰਕ ਪਰਮਿਟਾਂ ਦੀਆਂ ਅਰਜ਼ੀਆਂ ਨੂੰ ਉਨ੍ਹਾਂ ਨਿਯਮਾਂ ਅਨੁਸਾਰ ਪ੍ਰਕਿਰਿਆ ਵਿੱਚ ਲਿਆਂਦਾ ਜਾਵੇ ਜੋ ਉਨ੍ਹਾਂ ਦੇ ਪੜ੍ਹਾਈ ਵਿੱਚ ਦਾਖ਼ਲੇ ਸਮੇਂ ਲਾਗੂ ਸਨ। ਸਮਰਥਨ ਕਰਨ ਵਾਲੀਆਂ ਸੰਸਥਾਵਾਂ ਵਿੱਚ Amnesty International Canada, United Church of Canada, Canadian Union of Public Employees (CUPE), Greenpeace ਅਤੇ ਹੋਰ ਕਈ ਸੰਸਥਾਵਾਂ ਸ਼ਾਮਲ ਹਨ।
Migrant Rights Network ਦੇ ਕੋਆਰਡੀਨੇਟਰ ਸਈਦ ਹੁਸੈਨ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਨਿਸ਼ਾਨਾ ਬਣਾਇਆ ਜਾਣਾ ਬੇਹੱਦ ਚਿੰਤਾਜਨਕ ਹੈ।