ਕਾਂਗਰਸ ਨੇ ਜਲੰਧਰ ਕੈਂਟ ਤੋਂ ਵਿਧਾਇਕ ਅਤੇ ਸਾਬਕਾ ਭਾਰਤੀ ਹਾਕੀ ਕਪਤਾਨ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਨਵਾਂ ਪ੍ਰਧਾਨ ਨਿਯੁਕਤ ਕਰ ਦਿੱਤਾ ਹੈ। ਪਾਰਟੀ ਵੱਲੋਂ ਇਹ ਫ਼ੈਸਲਾ ਪੰਜਾਬ ਕਾਂਗਰਸ ਵਿੱਚ ਪਿਛਲੇ ਕਈ ਮਹੀਨਿਆਂ ਤੋਂ ਚੱਲ ਰਹੇ ਅੰਦਰੂਨੀ ਮਤਭੇਦਾਂ ਦਰਮਿਆਨ ਲਿਆ ਗਿਆ ਹੈ।

ਰਾਜਾ ਵੜਿੰਗ ਨੇ ਅੱਜ ਕਾਂਗਰਸ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਮਗਰੋਂ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਨੇ ਰਾਹੁਲ ਗਾਂਧੀ ਨੂੰ ਆਪਣੇ ਕਾਰਜਕਾਲ ਅਤੇ ਪੰਜਾਬ ਵਿੱਚ ਪਾਰਟੀ ਦੀ ਸਥਿਤੀ ਬਾਰੇ ਜਾਣਕਾਰੀ ਦਿੱਤੀ ਸੀ।

ਕਈ ਨਾਵਾਂ ’ਤੇ ਚੱਲ ਰਹੀ ਸੀ ਚਰਚਾ
ਰਾਜਾ ਵੜਿੰਗ ਦੀ ਥਾਂ ਨਵਾਂ ਪ੍ਰਧਾਨ ਲਾਉਣ ਦੀ ਚਰਚਾ ਪਿਛਲੇ ਕੁਝ ਦਿਨਾਂ ਤੋਂ ਚਲ ਰਹੀ ਸੀ। ਪਰਗਟ ਸਿੰਘ ਤੋਂ ਇਲਾਵਾ ਵਿਜੈਇੰਦਰ ਸਿੰਗਲਾ, ਸੁਖਜਿੰਦਰ ਸਿੰਘ ਰੰਧਾਵਾ ਅਤੇ ਹੋਰ ਆਗੂਆਂ ਦੇ ਨਾਂ ਵੀ ਚਰਚਾ ਵਿੱਚ ਰਹੇ ਸਨ। ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸਚਿਨ ਪਾਇਲਟ ਵੱਲੋਂ ਸੂਬੇ ਦੇ ਆਗੂਆਂ ਅਤੇ ਪਾਰਟੀ ਅਹੁਦੇਦਾਰਾਂ ਨਾਲ ਵਿਚਾਰ-ਵਟਾਂਦਰਾ ਕਰਨ ਮਗਰੋਂ ਹਾਈਕਮਾਨ ਨੂੰ ਰਿਪੋਰਟ ਸੌਂਪੀ ਗਈ ਸੀ।
ਕਾਂਗਰਸ ਹਾਈਕਮਾਨ ਵੱਲੋਂ ਰਾਜਾ ਵੜਿੰਗ ਨੂੰ ਬਦਲਣ ਦਾ ਫ਼ੈਸਲਾ ਸੂਬਾ ਇਕਾਈ ਵਿੱਚ ਚੱਲ ਰਹੇ ਮਤਭੇਦਾਂ ਦੇ ਮੱਦੇਨਜ਼ਰ ਲਿਆ ਗਿਆ ਹੈ। ਹੁਣ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦੀ ਕਮਾਨ ਸੌਂਪਣ ਨਾਲ ਪਾਰਟੀ ਦੇ ਸੰਗਠਨ ਵਿੱਚ ਨਵਾਂ ਬਦਲਾਅ ਆਇਆ ਹੈ।