ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ‘ਚ ਵਾਪਸੀ ਹੋਵੇਗੀ ਜਾਂ ਨਹੀਂ? ਪੰਜਾਬ ਦੀ ਸਿਆਸਤ ‘ਚ ਪਿਛਲੇ ਕਈ ਦਿਨਾਂ ਤੋਂ ਇਸ ਸਵਾਲ ਨੂੰ ਲੈ ਕੇ ਚਰਚਾਵਾਂ ਦਾ ਬਾਜ਼ਾਰ ਗਰਮ ਹੈ… ਪਰ ਹੁਣ ਇਨ੍ਹਾਂ ਸਾਰੀਆਂ ਚਰਚਾਵਾਂ ‘ਤੇ ਪਰਨੀਤ ਕੌਰ ਨੇ ਵੱਡਾ ਬਿਆਨ ਦੇ ਕੇ ਵਿਰਾਮ ਲਗਾਉਣ ਦੀ ਕੋਸ਼ਿਸ਼ ਕੀਤੀ ਹੈ। ਪਰਨੀਤ ਕੌਰ ਨੇ ਸਾਫ਼ ਕਰ ਦਿੱਤਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਸਮੇਤ ਉਨ੍ਹਾਂ ਦਾ ਪੂਰਾ ਪਰਿਵਾਰ ਭਾਜਪਾ ਵਿੱਚ ਹੈ ਅਤੇ ਭਾਜਪਾ ਵਿੱਚ ਹੀ ਰਹੇਗਾ। ਇੰਨਾ ਹੀ ਨਹੀਂ, ਉਨ੍ਹਾਂ ਨੇ ਕਾਂਗਰਸ ਵੱਲੋਂ ਕੈਪਟਨ ਦੀ ਵਾਪਸੀ ਨੂੰ ਲੈ ਕੇ ਕੀਤੀ ਜਾ ਰਹੀ ਬਿਆਨਬਾਜ਼ੀ ਨੂੰ ਵੀ ਸਿਰੇ ਤੋਂ ਖਾਰਜ ਕਰ ਦਿੱਤਾ ਹੈ। ਪਰਨੀਤ ਕੌਰ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਆਪਣਾ ਸਟੈਂਡ ਸਪੱਸ਼ਟ ਕਰ ਚੁੱਕੇ ਹਨ। ਉਹ ਵਾਰ-ਵਾਰ ਆਪਣੇ ਫ਼ੈਸਲੇ ਨਹੀਂ ਬਦਲਦੇ ਅਤੇ ਇੱਕ ਵਾਰ ਲਿਆ ਫ਼ੈਸਲਾ ਵਾਪਸ ਲੈਣ ਵਾਲਿਆਂ ਵਿੱਚੋਂ ਨਹੀਂ ਹਨ। ਇਸ ਲਈ ਉਨ੍ਹਾਂ ਮੁਤਾਬਕ ਕੈਪਟਨ ਦੀ ਕਾਂਗਰਸ ਵਿੱਚ ਵਾਪਸੀ ਦਾ ਮੁੱਦਾ ਹੁਣ ਪੂਰੀ ਤਰ੍ਹਾਂ ਖ਼ਤਮ ਹੋ ਚੁੱਕਾ ਹੈ।
ਉੱਧਰ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੇ ਸੋਨੀਆ ਗਾਂਧੀ ਦੇ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਅਤੇ ਕਾਂਗਰਸ ਵਿੱਚ ਵਾਪਸੀ ਨੂੰ ਲੈ ਕੇ ਕੀਤੀ ਗਈ ਟਿੱਪਣੀ ‘ਤੇ ਵੀ ਪਰਨੀਤ ਕੌਰ ਨੇ ਤਿੱਖਾ ਪਲਟਵਾਰ ਕੀਤਾ ਹੈ। ਚੰਨੀ ਵੱਲੋਂ ED ਕੇਸਾਂ ਦਾ ਹਵਾਲਾ ਦੇ ਕੇ ਕੀਤੇ ਗਏ ਤੰਜ ਦਾ ਜਵਾਬ ਦਿੰਦਿਆਂ ਪਰਨੀਤ ਕੌਰ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਨੂੰ ਉਨ੍ਹਾਂ ਦੀ ਚਿੰਤਾ ਕਰਨ ਦੀ ਬਜਾਏ ਆਪਣੇ ED ਕੇਸਾਂ ਦੀ ਚਿੰਤਾ ਕਰਨੀ ਚਾਹੀਦੀ ਹੈ। ਇਸ ਬਿਆਨ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਬਿਆਨਬਾਜ਼ੀ ਤੇਜ਼ ਹੋਣ ਦੇ ਆਸਾਰ ਹਨ। ਇਸ ਦੌਰਾਨ ਵਿਦੇਸ਼ਾਂ ਵਿੱਚ ਜਾ ਕੇ ਭਾਰਤੀ ਸਿਆਸਤ ਬਾਰੇ ਬਿਆਨਬਾਜ਼ੀ ਕਰਨ ਵਾਲਿਆਂ ‘ਤੇ ਵੀ ਪਰਨੀਤ ਕੌਰ ਨੇ ਆਪਣੀ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਕਿਹਾ ਕਿ ਜਿਹੜੇ ਲੋਕਾਂ ਨੇ ਸਿਆਸੀ ਆਊਟਰੀਚ ਕਰਨੀ ਹੈ, ਉਹ ਭਾਰਤ ਦੇ ਅੰਦਰ ਹੀ ਕਰਨ। ਉਨ੍ਹਾਂ ਮੁਤਾਬਕ ਦੇਸ਼ ਤੋਂ ਬਾਹਰ ਜਾ ਕੇ ਸਿਆਸੀ ਅਸਥਿਰਤਾ ਪੈਦਾ ਕਰਨ ਜਾਂ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ਕਰਨ ਦਾ ਕੋਈ ਮਤਲਬ ਨਹੀਂ ਹੈ।
ਪਰਨੀਤ ਕੌਰ ਨੇ ਕਿਹਾ ਕਿ ਹਰ ਕਿਸੇ ਨੂੰ ਆਪਣੇ ਦੇਸ਼ ਵਿੱਚ ਆਪਣੀ ਪਾਰਟੀ ਦੀ ਗੱਲ ਕਰਨ ਦਾ ਪੂਰਾ ਹੱਕ ਹੈ, ਪਰ ਇੱਕ ਅਣਲਿਖਿਆ ਨਿਯਮ ਇਹ ਵੀ ਹੈ ਕਿ ਵਿਦੇਸ਼ਾਂ ਵਿੱਚ ਆਪਣੇ ਹੀ ਦੇਸ਼ ਦੀ ਬਦਨਾਮੀ ਨਹੀਂ ਹੋਣੀ ਚਾਹੀਦੀ। ਇਸ ਦੇ ਨਾਲ ਹੀ ਪੰਜਾਬ ਵਿੱਚ ਭਾਜਪਾ ਦੇ ਸਿਆਸੀ ਭਵਿੱਖ ਬਾਰੇ ਗੱਲ ਕਰਦਿਆਂ ਪਰਨੀਤ ਕੌਰ ਨੇ ਪੂਰਾ ਭਰੋਸਾ ਜਤਾਇਆ ਕਿ ਇਸ ਵਾਰ ਪੰਜਾਬ ਵਿੱਚ ਭਾਜਪਾ ਸਰਕਾਰ ਬਣਾਉਣ ਵਿੱਚ ਕਾਮਯਾਬ ਹੋਵੇਗੀ। ਸੋ ਹੁਣ ਇੱਕ ਪਾਸੇ ਕੈਪਟਨ ਦੀ ਕਾਂਗਰਸ ਵਿੱਚ ਵਾਪਸੀ ਦੀਆਂ ਚਰਚਾਵਾਂ ‘ਤੇ ਪਰਨੀਤ ਕੌਰ ਨੇ ਪੂਰਨ ਵਿਰਾਮ ਲਗਾਇਆ ਹੈ, ਉੱਥੇ ਹੀ ਦੂਜੇ ਪਾਸੇ ਚੰਨੀ ਨੂੰ ਦਿੱਤੇ ਜਵਾਬ ਅਤੇ ਪੰਜਾਬ ਵਿੱਚ ਭਾਜਪਾ ਸਰਕਾਰ ਬਣਨ ਦੇ ਦਾਅਵੇ ਨੇ ਸੂਬੇ ਦੀ ਸਿਆਸਤ ਨੂੰ ਹੋਰ ਗਰਮਾ ਦਿੱਤਾ ਹੈ।
