ਚੰਡੀਗੜ੍ਹ : ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਮੌਤ ਮਾਮਲੇ ਵਿੱਚ ਇਸ ਵੇਲੇ ਦੀ ਸਭ ਤੋਂ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। 25 ਦਿਨਾਂ ਦੇ ਲੰਬੇ ਇੰਤਜ਼ਾਰ ਤੋਂ ਬਾਅਦ ਅੱਜ ਚੰਡੀਗੜ੍ਹ ਦੇ ਪੀਜੀਆਈ ਵਿੱਚ ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਕੀਤਾ ਜਾ ਰਿਹਾ ਹੈ। ਇਸ ਪੂਰੀ ਪ੍ਰਕਿਰਿਆ ਲਈ ਪੰਜ ਡਾਕਟਰਾਂ ਦਾ ਬੋਰਡ ਬਣਾਇਆ ਗਿਆ ਹੈ, ਜਦਕਿ ਇੱਕ ਐਸਡੀਐਮ ਦੀ ਨਿਗਰਾਨੀ ਹੇਠ ਪੋਸਟਮਾਰਟਮ ਹੋ ਰਿਹਾ ਹੈ। ਦਰਅਸਲ, ਨਾਭਾ ਜੇਲ੍ਹ ਵਿੱਚੋਂ ਲੱਖਾ ਸਿਧਾਣਾ ਅਤੇ ਮੋਹਨਜੀਤ ਸਿੰਘ ਸ਼ੇਰੋਂ ਦੀ ਰਿਹਾਈ ਤੋਂ ਬਾਅਦ ਦੇਰ ਰਾਤ ਕਰੀਬ 12 ਵਜੇ ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਨੂੰ ਸੀਬੀਆਈ ਦੀ ਨਿਗਰਾਨੀ ਹੇਠ ਚੰਡੀਗੜ੍ਹ ਲਈ ਰਵਾਨਾ ਕੀਤਾ ਗਿਆ ਸੀ। ਪਰ ਇਸ ਪੂਰੇ ਮਾਮਲੇ ਦੌਰਾਨ ਪਰਵਿੰਦਰ ਝੋਟਾ ਦੇ ਪਿਤਾ ਭੀਮ ਸਿੰਘ ਦਾ ਦਰਦ ਵੀ ਛਲਕ ਉੱਠਿਆ। ਪੀਜੀਆਈ ਪਹੁੰਚੇ ਪਿਤਾ ਨੇ ਸਰਕਾਰ ਖ਼ਿਲਾਫ਼ ਆਪਣਾ ਗੁੱਸਾ ਜ਼ਾਹਿਰ ਕਰਦਿਆਂ ਕਿਹਾ ਕਿ ਜਦੋਂ ਉਨ੍ਹਾਂ ਦਾ ਪੁੱਤ ਜਿਉਂਦਾ ਸੀ, ਉਦੋਂ ਕੋਈ ਉਸ ਦੇ ਨਾਲ ਖੜ੍ਹਾ ਨਹੀਂ ਹੋਇਆ ਅਤੇ ਹੁਣ ਕਈ ਲੋਕ ਹਮਦਰਦੀ ਜਤਾ ਰਹੇ ਹਨ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਉਨ੍ਹਾਂ ਨੂੰ ਕਿਸੇ ਦੀ ਵਿੱਤੀ ਮਦਦ ਦੀ ਲੋੜ ਨਹੀਂ ਹੈ। ਉਹ ਖੁਦ ਸਾਬਕਾ ਫ਼ੌਜੀ ਹਨ ਅਤੇ ਪਰਿਵਾਰ ਮਿਹਨਤ ਕਰਕੇ ਗੁਜ਼ਾਰਾ ਕਰਦਾ ਹੈ।
ਉੱਧਰ, ਪਿਤਾ ਨੇ ਹੁਣ ਸਰਕਾਰ ਖ਼ਿਲਾਫ਼ ਵੱਡਾ ਮੋਰਚਾ ਖੋਲ੍ਹ ਦਿੱਤਾ ਹੈ। ਭੀਮ ਸਿੰਘ ਨੇ ਮਾਨਸਾ ਦੇ ਐਸਐਸਪੀ ਵੈਭਵ ਚੌਧਰੀ ਦੀ ਬਦਲੀ ਦੀ ਮੰਗ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਪੁੱਤਰ ਦੀ ਮੌਤ ਲਈ ਐਸਐਸਪੀ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹਨ। ਪਿਤਾ ਦੀ ਮੰਗ ਹੈ ਕਿ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆ ਅਤੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਹੋਈ ਗੱਲਬਾਤ ਮੁਤਾਬਕ ਅੰਤਿਮ ਸੰਸਕਾਰ ਤੋਂ ਪਹਿਲਾਂ ਐਸਐਸਪੀ ਦੀ ਬਦਲੀ ਕੀਤੀ ਜਾਵੇ। ਉਨ੍ਹਾਂ ਸਾਫ਼ ਕਿਹਾ ਹੈ ਕਿ ਜਦੋਂ ਤੱਕ ਉਨ੍ਹਾਂ ਦੀ ਮੰਗ ਪੂਰੀ ਨਹੀਂ ਹੁੰਦੀ, ਉਹ ਅੰਨ ਦਾ ਇੱਕ ਦਾਣਾ ਵੀ ਨਹੀਂ ਖਾਣਗੇ। ਫਿਲਹਾਲ ਪੀਜੀਆਈ ਵਿੱਚ ਪੋਸਟਮਾਰਟਮ ਦੀ ਪ੍ਰਕਿਰਿਆ ਜਾਰੀ ਹੈ ਅਤੇ ਪਰਿਵਾਰ ਵੱਲੋਂ ਅੰਤਿਮ ਸੰਸਕਾਰ ਸਬੰਧੀ ਅਗਲਾ ਫ਼ੈਸਲਾ ਲਿਆ ਜਾਣਾ ਬਾਕੀ ਹੈ। ਹੁਣ ਦੇਖਣਾ ਹੋਵੇਗਾ ਕਿ ਸਰਕਾਰ ਪਿਤਾ ਦੀ ਇਸ ਮੰਗ ‘ਤੇ ਕੀ ਫ਼ੈਸਲਾ ਲੈਂਦੀ ਹੈ।














