ਚੰਡੀਗੜ੍ਹ, 12 ਸਤੰਬਰ

ਐਨਆਈਏ ਨੇ ਅਤਿਵਾਦੀ ਸਮੂਹਾਂ ਨਾਲ ਸਬੰਧ ਰੱਖਣ ਵਾਲੇ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸਣ ਲਈ ਸੋਮਵਾਰ ਨੂੰ ਪੰਜਾਬ, ਹਰਿਆਣਾ ਅਤੇ ਦਿੱਲੀ ਦੇ ਟਿਕਾਣਿਆਂ ‘ਤੇ ਛਾਪੇ ਮਾਰੇ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਹ ਛਾਪੇ ਖਾਸ ਤੌਰ ‘ਤੇ ਸਿੱਧੂ ਮੂਸੇਵਾਲਾ ਹੱਤਿਆ ਕਾਂਡ ਵਿੱਚ ਨਹੀਂ, ਸਗੋਂ ਗੈਂਗਸਟਰਾਂ ਵਿਰੁੱਧ ਦਿੱਲੀ ਪੁਲੀਸ ਵੱਲੋਂ ਯੂਏਪੀਏ ਐਕਟ ਤਹਿਤ ਦਰਜ ਕੀਤੀਆਂ ਐੱਫ.ਆਈ.ਆਰ. ਤਹਿਤ ਮਾਰੇ ਗਏ ਹਨ, ਜਿਨ੍ਹਾਂ ਨੂੰ ਐਨਆਈਏ ਨੂੰ ਸੌਂਪਿਆ ਗਿਆ ਸੀ।  ਉਨ੍ਹਾਂ ਕਿਹਾ ਕਿ ਪੰਜਾਬ ਪੁਲੀਸ ਇਸ ਵਿੱਚ ਸਹਿਯੋਗ ਦੇ ਰਹੀ ਹੈ। ਐਂਟੀ ਗੈਂਗਸਟਰ ਟਾਸਕ ਫੋਰਸ ਦੇ ਮੁਖੀ ਏਡੀਜੀਪੀ ਪ੍ਰਮੋਦ ਬਾਨ ਪੰਜਾਬ ਪੁਲੀਸ ਦੀਆਂ ਟੀਮਾਂ ਦੀ ਅਗਵਾਈ ਕਰ ਰਹੇ ਹਨ। ਐਨਆਈਏ ਦੇ ਬੁਲਾਰੇ ਨੇ ਕਿਹਾ, “ਐਨਆਈਏ ਨੇ ਸਿੱਧੂ ਮੂਸੇਵਾਲਾ ਕੇਸ ਦੀ ਕੋਈ ਜਾਂਚ ਸ਼ੁਰੂ ਨਹੀਂ ਕੀਤੀ ਹੈ। ਉਨ੍ਹਾਂ ਕਿਹਾ ਕਿ ਐਨਆਈਏ ਨੇ ਗੈਂਗਸਟਰਾਂ ਦੇ ਨੈਟਵਰਕ ਸਬੰਧੀ ਵੱਖਰੇ ਕੇਸ ਦਰਜ ਕੀਤੇ ਹਨ, ਜਿਨ੍ਹਾਂ ਸਬੰਧੀ ਇਹ ਛਾਪੇ ਮਾਰੇ ਗਏ ਹਨ। ’’