ਗੁਹਾਟੀ:ਵਿਰਾਟ ਕੋਹਲੀ ਦੇ ਸ਼ਾਨਦਾਰ ਸੈਂਕੜੇ ਦੀ ਬਦੌਲਤ ਭਾਰਤ ਨੇ ਅੱਜ ਇੱਥੇ ਇੱਕ ਰੋਜ਼ਾ ਮੁਕਾਬਲੇ ਵਿੱਚ ਸ੍ਰੀਲੰਕਾ ਨੂੰ 67 ਦੌੜਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਲੜੀ ਵਿੱਚ 1-0 ਦੀ ਲੀਡ ਲੈ ਲਈ ਹੈ। ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਤ 50 ਓਵਰਾਂ ਵਿੱਚ ਸੱਤ ਵਿਕਟਾਂ ਦੇ ਨੁਕਸਾਨ ’ਤੇ 373 ਦੌੜਾਂ ਬਣਾਈਆਂ। ਇਸ ਵਿੱਚ ਵਿਰਾਟ ਕੋਹਲੀ ਨੇ 113, ਕਪਤਾਨ ਰੋਹਿਤ ਸ਼ਰਮਾ ਨੇ 83, ਸ਼ੁਭਮਨ ਗਿੱਲ ਨੇ 70, ਕੇ.ਐੱਲ ਰਾਹੁਲ ਨੇ 39 ਅਤੇ ਸ਼੍ਰੇਅਸ ਅਈਅਰ ਨੇ 28 ਦੌੜਾਂ ਦਾ ਯੋਗਦਾਨ ਪਾਇਆ। ਟੀਚੇ ਦਾ ਪਿੱਛਾ ਕਰਦਿਆਂ ਸ੍ਰੀਲੰਕਾ ਦੀ ਟੀਮ ਅੱਠ ਵਿਕਟਾਂ ਦੇ ਨੁਕਸਾਨ ’ਤੇ 306 ਦੌੜਾਂ ਹੀ ਬਣਾ ਸਕੀ। ਇਸ ਦੌਰਾਨ ਸ੍ਰੀਲੰਕਾ ਦੇ ਕਪਤਾਨ ਦਾਸੁਨ ਸ਼ਨਾਕਾ ਨੇ ਨਾਬਾਦ 108 ਦੌੜਾਂ ਦੀ ਪਾਰੀ ਖੇਡੀ ਪਰ ਉਹ ਆਪਣੀ ਟੀਮ ਨੂੰ ਜਿੱਤ ਨਹੀਂ ਦਿਵਾ ਸਕਿਆ। ਭਾਰਤ ਵੱਲੋਂ ਉਮਰਾਨ ਮਲਿਕ ਨੇ ਤਿੰਨ, ਮੁਹੰਮਦ ਸਿਰਾਜ ਨੇ ਦੋ ਅਤੇ ਮੁਹੰਮਦ ਸ਼ਮੀ, ਹਾਰਦਿਕ ਪੰਡਿਆ ਅਤੇ ਯੁਜ਼ਵੇਂਦਰ ਚਾਹਲ ਨੇ ਇੱਕ-ਇੱਕ ਵਿਕਟਾਂ ਲਈਆਂ।