ਚੰਡੀਗੜ੍ਹ, 9 ਜੂਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪਾਰਟੀ ਦੇ ਹੋਰ ਆਗੂਆਂ ਦੇ ਵਫ਼ਦ ਨੂੰ ਅੱਜ ਮਿਲਣ ਤੋਂ ਕਥਿਤ ਤੌਰ ‘ਤੇ ਇਨਕਾਰ ਕਰਨ ਤੋਂ ਬਾਅਦ ਕਾਂਗਰਸੀਆਂ ਨੇ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਧਰਨਾ ਦੇ ਦਿੱਤਾ। ਆਗੂਆਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਸਵੇਰੇ 10 ਵਜੇ ਮਿਲਣ ਦਾ ਸਮਾਂ ਦੇਣ ਦੇ ਬਾਵਜੂਦ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਮਿਲਣ ਤੋਂ ਇਨਕਾਰ ਕਰ ਦਿੱਤਾ। ਕਾਂਗਰਸ ਵਿਧਾਇਕ ਦਲ ਦੇ ਨੇਤਾ ਪ੍ਰਤਾਪ ਬਾਜਵਾ ਅਤੇ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਪੰਜਾਬ ਕਾਂਗਰਸ ਦੇ ਵਿਧਾਇਕਾਂ ਨੇ ਦੋਸ਼ ਲਾਇਆ ਕਿ ਉਨ੍ਹਾਂ ਨੂੰ ਤਲਾਸ਼ੀ ਲੈਣ ਦੇ ਨਾਂ ‘ਤੇ ਬੇਇੱਜ਼ਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਅੱਧਾ ਘੰਟਾ ਉਡੀਕਣ ਤੋਂ ਬਾਅਦ ਕਿਹਾ ਗਿਆ ਕਿ ਮੁੱਖ ਮੰਤਰੀ ਉਨ੍ਹਾਂ ਨੂੰ ਨਹੀਂ ਮਿਲਣਗੇ। ਇਸ ਦੇ ਰੋਸ ਵਜੋਂ ਉਹ ਮੁੱਖ ਮੰਤਰੀ ਰਿਹਾਇਸ਼ ਕੰਪਲੈਕਸ ਦੇ ਅੰਦਰ ਹੀ ਧਰਨੇ ‘ਤੇ ਬੈਠ ਗਏ।