ਚੇਤਨਪੁਰਾ/ਅਜਨਾਲਾ, ਸਾਬਕਾ ਉਪ ਮੁੱਖ ਮੰਤਰੀ  ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਖ਼ੁਦਕੁਸ਼ੀ ਕਰਨ ਵਾਲੇ ਪਿੰਡ ਤੇੜਾ ਕਲਾਂ ਦੇ ਕਿਸਾਨ ਮੇਜਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ  ਕਾਂਗਰਸ ਨੇ ਆਪਣੇ ਚੋਣ ਮਨੋਰਥ ਪੱਤਰ ਵਿੱਚ ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ਼ ਕਰਨ ਦਾ ਵਾਅਦਾ ਕੀਤਾ ਸੀ ਪਰ ਸਰਕਾਰ ਵਾਅਦੇ ਤੋਂ ਮੁੱਕਰ ਗਈ ਹੈ।
ਸ੍ਰੀ ਬਾਦਲ ਨੇ ਕਿਹਾ ਕਿ ਕਿਸਾਨ ਨੇ ਖ਼ੁਦਕੁਸ਼ੀ ਨੋਟ ਵਿੱਚ ਸਿੱਧੇ ਤੌਰ ’ਤੇ ਕਾਂਗਰਸ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ ਅਤੇ ਲਿਖਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਦੌਰਾਨ ਪੰਜਾਬ ਦੇ ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ਼ ਕਰਨ ਦਾ ਵਾਅਦਾ ਕੀਤਾ ਸੀ ਤੇ ਉਹ ਪੂਰਾ ਨਹੀਂ ਕੀਤਾ, ਜੋ ਸਰਾਸਰ ਧੋਖਾ ਹੈ। ਉਨ੍ਹਾਂ ਮੇਜਰ ਸਿੰਘ ਦੀ ਖ਼ੁਦਕੁਸ਼ੀ ਲਈ ਕਾਂਗਰਸ ਸਰਕਾਰ ਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕਰਦਿਆਂ ਕਿਸਾਨ ਦੇ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ, 10 ਲੱਖ ਦਾ ਮੁਆਵਜ਼ਾ ਤੇ ਸਾਰਾ ਕਰਜ਼ਾ ਮੁਆਫ਼  ਕਰਨ ਦੀ ਮੰਗ ਕੀਤੀ। ਸ੍ਰੀ ਬਾਦਲ ਨੇ ਕਿਹਾ ਕਿ ਜੇਕਰ ਸਰਕਾਰ ਨੇ ਇਹ ਮੰਗਾਂ ਨਾ ਮੰਨੀਆਂ ਤਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਘਰਸ਼ ਵਿੱਢਿਆ ਜਾਵੇਗਾ। ਸ੍ਰੀ ਬਾਦਲ ਨੇ ਖ਼ੁਦਕੁਸ਼ੀ ਕਰਨ ਵਾਲੇ ਕਿਸਾਨ ਦੀ ਬੇਟੀ ਨੂੰ ਕੋਰਸ ਕਰਨ ਮਗਰੋਂ ਨੌਕਰੀ ਦਿਵਾਉਣ ਦਾ ਐਲਾਨ ਕੀਤਾ।
ਸ੍ਰੀ ਬਾਦਲ ਨੂੰ ਜਦੋਂ ਪੁੱਛਿਆ ਕਿ ਅਕਾਲੀ-ਭਾਜਪਾ ਸਰਕਾਰ ਵੇਲੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕਿਉਂ ਨਹੀਂ ਕੀਤਾ ਸੀ ਤਾਂ ਉਨ੍ਹਾਂ ਕਿਹਾ ਕਿ ਸਾਬਕਾ ਸਰਕਾਰ ਨੇ ਕੋਈ ਝੂਠਾ ਵਾਅਦਾ ਨਹੀਂ ਕੀਤਾ ਸੀ। ਕਿਸਾਨਾਂ ਨਾਲ ਜੋ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਸਰਕਾਰ ਬਣਨ ਉਪਰੰਤ ਹੀ ਪੂਰਾ ਕਰ ਦਿੱਤਾ ਗਿਆ ਸੀ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਗੁਲਜ਼ਾਰ ਸਿੰਘ ਰਣੀਕੇ, ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲਾ, ਜਥੇਦਾਰ ਵੀਰ ਸਿੰਘ ਲੋਪੋਕੇ, ਮਲਕੀਤ ਸਿੰਘ ਏ ਆਰ, ਵਿਰਸਾ ਸਿੰਘ ਵਲਟੋਹਾ, ਰਵਿੰਦਰ ਸਿੰਘ ਬ੍ਰਹਮਪੁਰਾ, ਡਾ. ਦਲਬੀਰ ਸਿੰਘ ਵੇਰਕਾ ਤੇ ਹਰਮੀਤ ਸਿੰਘ ਸੰਧੂ ਹਾਜ਼ਰ ਸਨ।