ਫਰੀਦਕੋਟ, 15 ਮਾਰਚ

ਕੋਟਕਪੂਰਾ ਗੋਲੀ ਕਾਂਡ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਹੋਣ ਤੋਂ ਬਾਅਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਗ੍ਰਿਫ਼ਤਾਰੀ ਤੋਂ ਬਚਣ ਲਈ ਇੱਥੇ ਅਦਾਲਤ ਵਿੱਚ ਦਿੱਤੀ ਅਗਾਊਂ ਜ਼ਮਾਨਤ ਦੀ ਅਰਜ਼ੀ ਉੱਪਰ ਅੱਜ ਕਰੀਬ ਤਿੰਨ ਘੰਟੇ ਲੰਬੀ ਬਹਿਸ ਹੋਈ। ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਨੇ ਜ਼ਮਾਨਤ ਦੀਆਂ ਅਰਜ਼ੀਆਂ ਉੱਪਰ ਬਹਿਸ ਮੁਕੰਮਲ ਹੋਣ ਤੋਂ ਬਾਅਦ ਇਸ ਕੇਸ ਦੀ ਸੁਣਵਾਈ 15 ਮਾਰਚ ਤੱਕ ਮੁਲਤਵੀ ਕਰ ਦਿੱਤੀ ਹੈ। 15 ਮਾਰਚ ਨੂੰ ਇਸ ਕੇਸ ਵਿੱਚ ਕੋਈ ਫੈਸਲਾ ਆਉਣ ਦੀ ਸੰਭਾਵਨਾ ਹੈ।ਵਿਸ਼ੇਸ਼ ਜਾਂਚ ਟੀਮ ਨੇ ਅੱਜ ਬਹਿਸ ਦੌਰਾਨ ਅਦਾਲਤ ਨੂੰ ਦੱਸਿਆ ਕਿ ਕੋਟਕਪੂਰਾ ਗੋਲੀ ਕਾਂਡ ਵਿੱਚ ਸੁਖਬੀਰ ਸਿੰਘ ਬਾਦਲ ਅਤੇ ਪ੍ਰਕਾਸ਼ ਸਿੰਘ ਬਾਦਲ ਨੇ ਸਾਜ਼ਿਸ਼ ਰਚੀ ਸੀ ਅਤੇ ਪੜਤਾਲ ਦੌਰਾਨ ਸਾਹਮਣੇ ਆਇਆ ਕਿ 2012 ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬਾਦਲ ਸਰਕਾਰ ਨੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਸਵਾਂਗ ਰਚਾਉਣ ਦੇ ਮਾਮਲੇ ਵਿੱਚ ਕਲੀਨ ਚਿੱਟ ਦੇ ਕੇ ਪੰਜਾਬ ਵਿੱਚ ਫਿਰਕੂ ਮਾਹੌਲ ਬਣਾ ਕੇ ਵੋਟਾਂ ਹਾਸਲ ਕਰਨ ਦੀ ਕੋਸ਼ਿਸ਼ ਕੀਤੀ। ਜਾਂਚ ਟੀਮ ਨੇ ਕਿਹਾ ਕਿ ਜੇਕਰ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਨੂੰ ਜ਼ਮਾਨਤ ’ਤੇ ਰਿਹਾਅ ਕੀਤਾ ਜਾਂਦਾ ਹੈ ਤਾਂ ਇਸ ਨਾਲ ਮੁਕੱਦਮੇ ਅਤੇ ਇਸ ਦੇ ਗਵਾਹਾਂ ਉੱਪਰ ਪ੍ਰਭਾਵ ਪੈਣ ਦਾ ਖਦਸ਼ਾ ਹੈ। ਸਾਬਕਾ ਮੁੱਖ ਮੰਤਰੀ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਆਰ.ਐੱਸ. ਚੀਮਾ ਨੇ ਅਦਾਲਤ ਨੂੰ ਦੱਸਿਆ ਕਿ ਮੁਲਜ਼ਮ ਪੜਤਾਲ ਦੌਰਾਨ ਤਿੰਨ ਵਾਰ ਵਿਸ਼ੇਸ਼ ਜਾਂਚ ਟੀਮ ਸਾਹਮਣੇ ਪੇਸ਼ ਹੋ ਚੁੱਕੇ ਹਨ ਅਤੇ ਉਨ੍ਹਾਂ ਨੇ ਪੜਤਾਲ ਦੌਰਾਨ ਪੂਰਾ ਸਹਿਯੋਗ ਕੀਤਾ ਹੈ। ਜੇਕਰ ਚੱਲਦੇ ਮੁਕੱਦਮੇ ਤੱਕ ਮੁਲਜ਼ਮਾਂ ਨੂੰ ਜ਼ਮਾਨਤ ਦੇ ਦਿੱਤੀ ਜਾਵੇ ਤਾਂ ਉਹ ਕੇਸ ਦਾ ਸਾਹਮਣਾ ਕਰਨ ਲਈ ਤਿਆਰ ਹਨ। ਇਸ ਤੋਂ ਇਲਾਵਾ ਫਰੀਦਕੋਟ ਦੇ ਸਾਬਕਾ ਐੱਸ.ਐੱਸ.ਪੀ ਸੁਖਮਿੰਦਰ ਸਿੰਘ ਮਾਨ ਦੀ ਜ਼ਮਾਨਤ ਉੱਪਰ ਵੀ ਬਹਿਸ ਹੋਈ। ਸੁਖਮਿੰਦਰ ਸਿੰਘ ਮਾਨ ਨੇ ਵੀ ਆਪਣੀ ਜ਼ਮਾਨਤ ਅਰਜ਼ੀ ਵਿੱਚ ਖੁਦ ਨੂੰ ਬੇਕਸੂਰ ਦੱਸਿਆ। ਜਾਂਚ ਟੀਮ ਨੇ ਸੁਖਮਿੰਦਰ ਸਿੰਘ ਮਾਨ ਉੱਪਰ ਸਾਜ਼ਿਸ਼ ਨੂੰ ਅੰਜ਼ਾਮ ਦੇਣ ਦੇ ਇਲਜ਼ਾਮ ਲਾਏ ਹਨ।