ਅੰਮ੍ਰਿਤਸਰ, 5 ਅਗਸਤ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਇੱਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਇਕ ਸਮਾਗਮ ਦੌਰਾਨ ਭਰੋਸਾ ਦਿੱਤਾ ਹੈ ਕਿ ਉਹ ਮੁੱਖ ਮੰਤਰੀ ਨਾਲ ਗੱਲਬਾਤ ਕਰਕੇ ਯੂਨੀਵਰਸਿਟੀ ਨੂੰ ਫੰਡਾਂ ਦੀ ਘਾਟ ਨਹੀਂ ਆਉਣ ਦੇਣਗੇ। ਉਨ੍ਹਾਂ ਇੱਥੇ ਗੁਰੂ ਤੇਗ ਬਹਾਦਰ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਕੌਫੀ ਟੇਬਲ ਬੁੱਕ ਅਤੇ ਪੰਜਾਬੀ-ਅੰਗਰੇਜ਼ੀ ਸ਼ਬਦ ਕੋਸ਼ ਲੋਕ ਅਰਪਣ ਕੀਤੇ। ਸ੍ਰੀ ਸੰਧਵਾਂ ਨੇ ਆਪਣੇ ਅਖ਼ਤਿਆਰੀ ਖਾਤੇ ਵਿਚੋਂ ਯੂਨੀਵਰਸਿਟੀ ਨੂੰ ਪੰਜ ਲੱਖ ਰੁਪਏ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲ ਕਰਨਗੇ ਤਾਂ ਕਿ ਯੂਨੀਵਰਸਿਟੀ ਨੂੰ ਫੰਡਾਂ ਦੀ ਘਾਟ ਨਾ ਆਵੇ। ਇਸ ਤੋਂ ਪਹਿਲਾਂ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਜਸਪਾਲ ਸਿੰਘ ਸੰਧੂ ਨੇ ਯੂਨੀਵਰਸਿਟੀ ਦੀਆਂ ਪ੍ਰਾਪਤੀਆਂ ਦੱਸਦਿਆਂ ਖ਼ਦਸ਼ਾ ਪ੍ਰਗਟਾਇਆ ਕਿ ਸੱਤਵਾਂ ਤਨਖਾਹ ਕਮਿਸ਼ਨ ਲਾਗੂ ਹੋਣ ਤੋਂ ਬਾਅਦ ਯੂਨੀਵਰਸਿਟੀ ਵਿੱਤੀ ਘਾਟੇ ਵਿੱਚ ਜਾ ਸਕਦੀ ਹੈ ਜਿਸ ਨਾਲ ਖੋਜ ਕਾਰਜ ਅਤੇ ਹੋਰ ਕੰਮ ਪ੍ਰਭਾਵਿਤ ਹੋ ਸਕਦੇ ਹਨ। ਉਨ੍ਹਾਂ ਨੇ ਯੂਨੀਵਰਸਿਟੀ ਲਈ ਦੋ ਸੌ ਕਰੋੜ ਰੁਪਏ ਦੇ ਫੰਡ ਜਾਰੀ ਕਰਨ ਦੀ ਅਪੀਲ ਕੀਤੀ। ਸ੍ਰੀ ਸੰਧਵਾਂ ਨੇ ਗੁਰੂ ਤੇਗ ਬਹਾਦਰ ਦੀਆਂ ਯਾਤਰਾਵਾਂ ਨਾਲ ਸਬੰਧਤ ਜਾਰੀ ਕੀਤੀ ਕੌਫੀ ਟੇਬਲ ਬੁੱਕ ਦੀ ਸ਼ਲਾਘਾ ਕੀਤੀ।