ਨਵੀਂ ਦਿੱਲੀ, 8 ਜੂਨ

ਦਿੱਲੀ ਪੁਲੀਸ ਦੇ ਸਪੈਸ਼ਲ ਪੁਲੀਸ ਕਮਿਸ਼ਨਰ (ਵਿਸ਼ੇਸ਼ ਸੈੱਲ) ਐੱਚ.ਐੱਸ. ਧਾਲੀਵਾਲ ਨੇ ਬੁੱਧਵਾਰ ਨੂੰ ਦੱਸਿਆ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਹੀ ਸਿੱਧੂ ਮੂਸੇਵਾਲਾ ਹੱਤਿਆ ਕੇਸ ਦਾ ਮਾਸਟਰਮਾਈਂਡ ਹੈ। ਇਸ ਸਮੇਂ ਲਾਰੈਂਸ ਬਿਸ਼ਨੋਈ ਦਿੱਲੀ ਪੁਲੀਸ ਦੀ ਹਿਰਾਸਤ ਵਿੱਚ ਹੈ। ਮੀਡੀਆ ਨੂੰ ਸੰਬੋਧਨ ਕਰਦਿਆਂ ਸ੍ਰੀ ਧਾਲੀਵਾਲ ਨੇ ਕਿਹਾ ਕਿ ਪੁਲੀਸ ਨੇ ਮੂਸੇਵਾਲਾ ਦੀ ਹੱਤਿਆ ਕਰਨ ਵਾਲੇ ਮੇਨ ਸ਼ੂਟਰ ਦੇ ਕਰੀਬੀ ਸਾਥੀ ਸਿਦੇਸ਼ ਹੀਰਾਮਨ ਕਾਮਲੇ ਉਰਫ ਮਹਾਕਾਲ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਅਨੁਸਾਰ ਮਹਾਕਾਲ ਨੂੰ ਪੂਣੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਤੇ ਇਸ ਹੱਤਿਆ ਕਾਂਡ ਨਾਲ ਸਬੰਧਤ ਪੰਜ ਹੋਰ ਸ਼ੱਕੀ ਵਿਅਕਤੀਆਂ ਦੀ ਸ਼ਨਾਖ਼ਤ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਮੂਸੇਵਾਲਾ ਦੀ 29 ਮਈ ਨੂੰ ਹੱਤਿਆ ਕਰ ਦਿੱਤੀ ਗਈ ਸੀ।