ਜੋਧਪੁਰ, 13 ਅਗਸਤ

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਕਿਹਾ ਕਿ ਭਾਰਤ ਨੇ ਚੀਨ ਨੂੰ ਆਪਣੇ ਖੇਤਰ ਵਿੱਚ ਦਾਖ਼ਲ ਹੋਣ ਦਾ ਮੌਕਾ ਨਹੀਂ ਦਿੱਤਾ। ਉਨ੍ਹਾਂ ਵਿਰੋਧੀ ਧਿਰਾਂ ਨੂੰ ਦੇਸ਼ ਦੀ ਸੁਰੱਖਿਆ ਨਾਲ ਜੁੜੇ ਮੁੱਦਿਆਂ ’ਤੇ ਸਿਆਸਤ ਨਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਭਾਰਤ ਦੇ ਲੋਕਾਂ ਦੀ ਸੁਰੱਖਿਆ ਲਈ ਪਾਬੰਦ ਹੈ। ਰਾਜਨਾਥ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਦੇਸ਼ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਢੁਕਵਾਂ ਜਵਾਬ ਦਿੱਤਾ ਜਾਵੇਗਾ। ਉਨ੍ਹਾਂ ਕਿਹਾ, ‘‘ਇਸ ਤਰ੍ਹਾਂ ਦੀਆਂ ਕਈ ਘਟਨਾਵਾਂ ਹੋਈਆਂ ਹਨ, ਜਿਨ੍ਹਾਂ ਬਾਰੇ ਸਿਰਫ਼ ਦੋ ਜਾਂ ਤਿੰਨ ਜਣੇ ਜਾਣਦੇ ਹਨ। ਮੈਂ ਇਸ ਸਬੰਧੀ ਵੇਰਵੇ ਸਾਂਝੇ ਨਹੀਂ ਕਰ ਸਕਦਾ, ਪਰ ਅਸੀਂ ਉਨ੍ਹਾਂ ਨੂੰ ਸਾਡੇ ਖੇਤਰ ਵਿੱਚ ਘੁਸਪੈਠ ਕਰਨ ਦਾ ਮੌਕਾ ਨਹੀਂ ਦਿੱਤਾ।’’ ਉਨ੍ਹਾਂ ਕਿਹਾ ਕਿ ਹਥਿਆਰਬੰਦ ਬਲ ਨਵੀਨਤਮ ਹਥਿਆਰਾਂ ਅਤੇ ਤਕਨੀਕ ਨਾਲ ਲੈਸ ਹਨ ਅਤੇ ਉਹ ਭਵਿੱਖ ਦੇ ਸਾਰੇ ਖ਼ਤਰਿਆਂ ਨਾਲ ਨਜਿੱਠਣ ਲਈ ਤਿਆਰ ਹਨ।