ਚੰਡੀਗੜ੍ਹ, 21 ਨਵੰਬਰ

ਪੰਜਾਬ ਪੁਲੀਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਕੋਟਕਪੂੁਰਾ ਵਿੱਚ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੀ ਹੱਤਿਆ ਦੇ ਮਾਮਲੇ ’ਚ ਸ਼ਾਮਲ ਛੇਵੇਂ ਸ਼ੂਟਰ ਰਮਜ਼ਾਨ ਖ਼ਾਨ ਉਰਫ਼ ਰਾਜ ਹੁੱਡਾ ਨੂੰ ਰਾਜਸਥਾਨ ਦੇ ਜੈਪੁਰ ਤੋਂ ਪੁਲੀਸ ਮੁਕਾਬਲਾ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲੀਸ ਨੇ ਹੁੱਡਾ ਦੇ ਦੋ ਸਾਥੀਆਂ ਹੈਪੀ ਮੇਹਲਾ (19) ਤੇ ਸਾਹਿਲ ਮੇਹਲਾ (18) ਵਾਸੀ ਹਨੂਮਾਨਗੜ੍ਹ ਨੂੰ ਵੀ ਹਿਰਾਸਤ ਵਿਚ ਲਿਆ ਹੈ। ਇਨ੍ਹਾਂ ਤੋਂ ਦੋ ਪਿਸਤੌਲ ਵੀ ਬਰਾਮਦ ਕੀਤੇ ਗਏ ਹਨ। ਸੂਬਾ ਪੁਲੀਸ ਮੁਖੀ ਨੇ ਦੱਸਿਆ ਕਿ ਟਾਸਕ ਫੋਰਸ ਨੇ ਮੁਲਜ਼ਮ ਰਮਜ਼ਾਨ ਖਾਨ ਦੀ ਭਾਲ ਸ਼ੁਰੂ ਕੀਤੀ ਸੀ। ਇਸ ਤੋਂ ਬਾਅਦ ਡੀਐੱਸਪੀ ਬਿਕਰਮ ਬਰਾੜ ਤੇ ਡੀਐੱਸਪੀ ਰਾਜਨ ਪਰਮਿੰਦਰ ਦੀ ਅਗਵਾਈ ’ਚ ਪੁਲੀਸ ਟੀਮਾਂ ਨੇ ਜੈਪੁਰ ਵਿਚ ਵਿਨਾਇਕ ਐਨਕਲੇਵ ਕਲੋਨੀ ਦੀ ਇੱਕ ਇਮਾਰਤ ’ਚ ਮੁਲਜ਼ਮ ਦੀ ਲੋਕੇਸ਼ਨ ਦਾ ਪਤਾ ਲਗਾਉਣ ਵਿੱਚ ਸਫਲਤਾ ਹਾਸਲ ਕੀਤੀ। ਇੱਥੇ ਉਹ ਕਿਰਾਏ ਦੇ ਮਕਾਨ ਵਿੱਚ ਆਪਣੇ ਦੋ ਸਾਥੀਆਂ ਨਾਲ ਛੁਪਿਆ ਹੋਇਆ ਸੀ। ਯਾਦਵ ਨੇ ਦੱਸਿਆ ਕਿ ਕੇਂਦਰੀ ਜਾਂਚ ਏਜੰਸੀਆਂ ਅਤੇ ਰਾਜਸਥਾਨ ਪੁਲੀਸ ਨੇ ਸਾਂਝੇ ਅਪਰੇਸ਼ਨ ਦੌਰਾਨ ਰਮਜ਼ਾਨ ਨੂੰ ਫੜਨ ਦੀ ਕੋਸ਼ਿਸ਼ ਕੀਤੀ ਪਰ ਉਸ ਨੇ ਪੁਲੀਸ ਪਾਰਟੀ ’ਤੇ ਗੋਲੀ ਚਲਾ ਦਿੱਤੀ। ਇਸੇ ਦੌਰਾਨ ਪੰਜਾਬ ਪੁਲੀਸ ਦੀ ਟੀਮ ਵੱਲੋਂ ਕੀਤੀ ਜਵਾਬੀ ਗੋਲੀਬਾਰੀ ਵਿੱਚ ਉਹ ਜ਼ਖ਼ਮੀ ਹੋ ਗਿਆ। ਉਸ ਨੂੰ ਜੈਪੁਰ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਸ ਤੋਂ ਪਹਿਲਾਂ ਏਜੀਟੀਐੱਫ ਨੇ ਪ੍ਰਦੀਪ ਸਿੰਘ ਦੀ ਹੱਤਿਆ ਦੇ ਮਾਮਲੇ ਵਿੱਚ ਸ਼ਾਮਲ ਦੋ ਮੁੱਖ ਸ਼ੂਟਰਾਂ ਮਨਪ੍ਰੀਤ ਸਿੰਘ ਉਰਫ਼ ਮਨੀ ਤੇ ਭੁਪਿੰਦਰ ਸਿੰਘ ਉਰਫ਼ ਗੋਲਡੀ ਤੇ ਇਨ੍ਹਾਂ ਦੀ ਮਦਦ ਕਰਨ ਵਾਲੇ ਬਲਜੀਤ ਸਿੰਘ ਉਰਫ਼ ਮੰਨਾ ਨੂੰ ਗ੍ਰਿਫ਼ਤਾਰ ਕੀਤਾ ਸੀ। ਪੁਲੀਸ ਨੇ ਮਨੀ ਅਤੇ ਗੋਲਡੀ ਦੇ ਦੱਸਣ ’ਤੇ ਦੋ ਪਿਸਤੌਲ, ਇਕ ਕਾਰ ਵੀ ਬਰਾਮਦ ਕੀਤੀ ਹੈ।

ਜ਼ਿਕਰਯੋਗ ਹੈ ਕਿ 10 ਨਵੰਬਰ ਨੂੰ ਸਵੇਰੇ ਕੋਟਕਪੂਰਾ ਵਿੱਚ ਪ੍ਰਦੀਪ ਸਿੰਘ ਨੂੰ ਉਸ ਦੀ ਦੁਕਾਨ ਦੇ ਬਾਹਰ ਗੋਲੀ ਮਾਰ ਕੇ ਮਾਰ ਦਿੱਤਾ ਗਿਆ ਸੀ। ਮੌਕੇ ’ਤੇ ਪੁਲੀਸ ਗਾਰਡ ਵੀ ਮੌਜੂਦ ਸੀ।

ਵਾਰਦਾਤ ਦੀ ਜ਼ਿੰਮੇਵਾਰੀ ਕੈਨੇਡਾ ਅਧਾਰਿਤ ਗੈਂਗਸਟਰ ਗੋਲਡੀ ਬਰਾੜ ਨੇ ਲਈ ਸੀ। ਪੁਲੀਸ ਨੇ ਮਗਰੋਂ ਇਸ ਮਾਮਲੇ ਵਿਚ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕੀਤੀ ਸੀ।