ਵੈਲਿੰਗਟਨ, 19 ਜਨਵਰੀ

ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਰਨ ਨੇ ਅੱਜ ਕਿਹਾ ਹੈ ਕਿ ਉਹ ਅਸਤੀਫਾ ਦੇ ਰਹੇ ਹਨ ਅਤੇ ਦੇਸ਼ ਵਿੱਚ ਅਕਤੂਬਰ ਵਿੱਚ ਆਮ ਚੋਣਾਂ ਹੋਣਗੀਆਂ। ਆਪਣੀਆਂ ਅੱਖਾਂ ਵਿੱਚ ਹੰਝੂਆਂ ਨਾਲ ਆਰਡਰਨ ਨੇ ਨੇਪੀਅਰ ਵਿੱਚ ਪੱਤਰਕਾਰਾਂ ਨੂੰ ਕਿਹਾ ਕਿ 7 ਫਰਵਰੀ ਪ੍ਰਧਾਨ ਮੰਤਰੀ ਵਜੋਂ ਉਨ੍ਹਾਂ ਦਾ ਆਖਰੀ ਦਿਨ ਹੋਵੇਗਾ। ਉਨ੍ਹਾਂ ਕਿਹਾ, ‘ਮੇਰਾ ਅਹੁਦੇ ਦਾ ਛੇਵਾਂ ਸਾਲ ਸ਼ੁਰੂ ਹੋਣ ਵਾਲਾ ਹੈ ਅਤੇ ਹਰ ਸਾਲ ਮੈਂ ਆਪਣਾ ਸਰਵਸ਼੍ਰੇਸ਼ਠ ਪ੍ਰਦਰਸ਼ਨ ਕੀਤਾ ਹੈ।’ ਉਨ੍ਹਾਂ ਐਲਾਨ ਕੀਤਾ ਕਿ ਨਿਊਜ਼ੀਲੈਂਡ ਦੀਆਂ ਅਗਲੀਆਂ ਆਮ ਚੋਣਾਂ 14 ਅਕਤੂਬਰ ਨੂੰ ਹੋਣਗੀਆਂ ਅਤੇ ਉਹ ਉਦੋਂ ਤੱਕ ਸੰਸਦ ਮੈਂਬਰ ਵਜੋਂ ਸੇਵਾ ਨਿਭਾਉਂਦੇ ਰਹਿਣਗੇ।