ਲੁਧਿਆਣਾ, 12 ਸਤੰਬਰ

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਝੋਨੇ ਦੀ ਵਾਢੀ ਦੇ ਆਗਾਮੀ ਸੀਜ਼ਨ ਦੌਰਾਨ ਪਰਾਲੀ ਸਾੜਨ ਤੋਂ ਰੋਕਣ ਲਈ ਹਰ ਸੰਭਵ ਕਦਮ ਚੁੱਕੇਗੀ। ਇੱਥੇ ਸਰਕਟ ਹਾਊਸ ਵਿੱਚ ਮੀਡੀਆ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਨੇ ਪਰਾਲੀ ਦੇ ਪ੍ਰਬੰਧਨ ਲਈ ਕਮਰਕੱਸੇ ਕਰ ਲਏ ਹਨ ਅਤੇ ਇਸ ਸੀਜ਼ਨ ਵਿੱਚ ਪਰਾਲੀ ਦੇ ਢੁੱਕਵੇਂ ਪ੍ਰਬੰਧਨ ਲਈ 56000 ਮਸ਼ੀਨਾਂ ਵੰਡੀਆਂ ਜਾਣਗੀਆਂ, ਜਿਸ ਨਾਲ ਸੂਬੇ ਵਿੱਚ ਮਸ਼ੀਨਾਂ ਦੀ ਕੁੱਲ ਗਿਣਤੀ 1,46,422 ਹੋ ਜਾਵੇਗੀ। ਇਸ ਤੋਂ ਪਹਿਲਾਂ 2018 ਤੋਂ 2022 ਤੱਕ ਕਿਸਾਨਾਂ ਨੂੰ 90,422 ਮਸ਼ੀਨਾਂ ਵੰਡੀਆਂ ਜਾ ਚੁੱਕੀਆਂ ਹਨ।

ਇਸ ਸਾਲ ਮਸ਼ੀਨਾਂ ਦੀ ਵੰਡ ਦੇ ਪ੍ਰੋਗਰਾਮ ਵਿੱਚ ਨਵੀਂ ਪਹਿਲ ਦਾ ਜ਼ਿਕਰ ਕਰਦਿਆਂ ਮੰਤਰੀ ਨੇ ਕਿਹਾ ਕਿ ਹੁਣ ਛੋਟੇ ਕਿਸਾਨਾਂ ਨੂੰ ਵੀ ਸੁਪਰਸੀਡਰ, ਹੈਪੀ ਸੀਡਰ, ਜ਼ੀਰੋ ਡਰਿੱਲ ਵਰਗੀਆਂ ਮਸ਼ੀਨਾਂ ਮਿਲਣਗੀਆਂ ਕਿਉਂਕਿ ਅਜਿਹੀਆਂ 500 ਮਸ਼ੀਨਾਂ ਸੂਬੇ ਦੇ 154 ਬਲਾਕਾਂ ਵਿੱਚ ਭੇਜੀਆਂ ਜਾਣਗੀਆਂ।

ਸ੍ਰੀ ਧਾਲੀਵਾਲ ਨੇ ਦੱਸਿਆ ਕਿ 15 ਸਤੰਬਰ ਤੋਂ ਬਾਅਦ ਉਨ੍ਹਾਂ ਸਮੇਤ ਖੇਤੀਬਾੜੀ ਵਿਭਾਗ ਦੇ ਦਰਜਾ ਚਾਰ ਮੁਲਾਜ਼ਮਾਂ ਤੋਂ ਲੈ ਕੇ ਡਾਇਰੈਕਟਰ ਰੈਂਕ ਤੱਕ ਦੇ ਅਧਿਕਾਰੀ ਫੀਲਡ ਵਿੱਚ ਹੀ ਰਹਿਣਗੇ ਅਤੇ ਘਰ-ਘਰ ਜਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਪ੍ਰਤੀ ਜਾਗਰੂਕ ਕਰਨ ਕਰਨਗੇ।ਇਸ ਦੌਰਾਨ ਸ੍ਰੀ ਧਾਲੀਵਾਲ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਕਈ ਕਿਸਾਨ ਖੇਤੀ ਸੰਦਾਂ ’ਤੇ ਸਬਸਿਡੀ ਦਾ ਲਾਭ ਲੈਣ ਵਿੱਚ ਅਸਫਲ ਰਹੇ ਅਤੇ ਖੇਤੀ ਸੰਦਾਂ ’ਤੇ ਸਬਸਿਡੀ ਵਿੱਚ 150 ਕਰੋੜ ਰੁਪਏ ਦਾ ਘਪਲਾ ਸਾਹਮਣੇ ਆਇਆ ਹੈ, ਜਿਸ ਦੀ ਰਿਪੋਰਟ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੌਂਪ ਦਿੱਤੀ ਗਈ ਹੈ। ਇਸ ਮੌਕੇ ਵਿਧਾਇਕ ਰਜਿੰਦਰਪਾਲ ਕੌਰ ਛੀਨਾ, ਜੀਵਨ ਸਿੰਘ ਸੰਗੋਵਾਲ, ਗੁਰਪ੍ਰੀਤ ਬੱਸੀ ਗੋਗੀ ਤੇ ਦਲਜੀਤ ਸਿੰਘ ਗਰੇਵਾਲ ਆਦਿ ਵੀ ਹਾਜ਼ਰ ਸਨ।