ਇਸਲਾਮਾਬਾਦ, 5 ਅਪਰੈਲ

ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਪ੍ਰਧਾਨ ਮੰਤਰੀ ਇਮਰਾਨ ਖਾਨ ਖ਼ਿਲਾਫ਼ ਦਾਇਰ ਬੇਭਰੋਸਗੀ ਮਤੇ ‘ਤੇ ਨੈਸ਼ਨਲ ਅਸੈਂਬਲੀ ਦੀ ਕਾਰਵਾਈ ਦਾ ਰਿਕਾਰਡ ਮੰਗ ਲਿਆ ਹੈ। ਚੀਫ਼ ਜਸਟਿਸ ਉਮਰ ਅਤਾ ਬੰਦਿਆਲ ਦੀ ਅਗਵਾਈ ਵਾਲੇ ਪੰਜ ਮੈਂਬਰੀ ਬੈਂਚ ਨੇ ਇਹ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਅਦਾਲਤ ਸਿਰਫ਼ ਇਹ ਪਤਾ ਲਗਾਉਣਾ ਚਾਹੁੰਦੀ ਹੈ ਕਿ ਡਿਪਟੀ ਸਪੀਕਰ ਵੱਲੋਂ ਬੇਭਰੋਸਗੀ ਮਤੇ ਨੂੰ ਖਾਰਜ ਕਰਨ ਤੇ ਉਸ ਤੋਂ ਬਾਅਦ ਕੌਮੀ ਅਸੈਂਬਲੀ ਨੂੰ ਭੰਗ ਕਰਨ ਲਈ ਚੁੱਕੇ ਕਦਮਾਂ ਦੀ ਕੀ ਸੰਵਿਧਾਨਿਕ ਵੈਧਤਾ ਹੈ। ਇਸ ਦੌਰਾਨ ਸੁਪਰੀਮ ਕੋਰਟ ਨੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਖਿਲਾਫ਼ ਬੇਭਰੋਸਗੀ ਮਤਾ ਖਾਰਜ ਕਰਨ ਦੇ ਮਾਮਲੇ ਦੀ ਸੁਣਵਾਈ ਬੁੱਧਵਾਰ ਤੱਕ ਮੁਲਤਵੀ ਕਰ ਦਿੱਤੀ ਹੈ।