ਚੰਡੀਗੜ੍ਹ, 5 ਅਪਰੈਲ
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾਈ ਆਗੂਆਂ ਨਾਲ ਕੀਤੀ ਮੀਟਿੰਗ ਦੌਰਾਨ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਸਹਿਮਤੀ ਜ਼ਾਹਿਰ ਕੀਤੀ ਹੈ। ਮੁੱਖ ਮੰਤਰੀ ਨੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਨਰਮੇ ਦੀ ਕੁੱਲ ਬਿਜਾਈ ਦਾ ਪੰਜਾਹ ਫੀਸਦੀ ਨੁਕਸਾਨ ਨੂੰ ਆਧਾਰ ਮੰਨ ਕੇ ਮੁਆਵਜ਼ਾ ਦੇਣ ਅਤੇ ਇਸ ਦਾ ਦਸ ਫੀਸਦੀ ਮੁਆਵਜ਼ਾ ਮਜ਼ਦੂਰਾਂ ਨੂੰ ਦੇਣ, ਨਰਮਾ ਚੁਗਣ ਵਾਲੇ ਮਜ਼ਦੂਰਾਂ ਦੀ ਸ਼ਨਾਖਤ ਲਈ ਪਿੰਡਾਂ ’ਚ ਇਜਲਾਸ ਕਰਨ, ਲੰਬੀ ’ਚ ਲਾਠੀਚਾਰਜ ਦੇ ਮਾਮਲੇ ’ਚ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਤੇ ਮਲੋਟ ਦੇ ਡੀਐੱਸਪੀ ਖ਼ਿਲਾਫ਼ ਸਖਤ ਕਾਨੂੰਨੀ ਤੇ ਵਿਭਾਗੀ ਕਾਰਵਾਈ ਕਰਨ ਅਤੇ ਮਜ਼ਦੂਰਾਂ-ਕਿਸਾਨਾਂ ’ਤੇ ਦਰਜ ਕੇਸ ਵਾਪਸ ਲੈਣ ਆਦਿ ਮੰਗਾਂ ਪ੍ਰਵਾਨ ਕਰ ਲੈਣ ਤੋਂ ਬਾਅਦ ਦੋਹਾਂ ਜਥੇਬੰਦੀਆਂ ਵੱਲੋਂ ਮੁਕਤਸਰ ਦੇ ਡੀਸੀ ਦਫਤਰ ਅੱਗੇ ਚੱਲ ਰਿਹਾ ਅਣਮਿੱਥੇ ਸਮੇਂ ਦਾ ਧਰਨਾ ਮੁਲਤਵੀ ਕਰ ਦਿੱਤਾ ਗਿਆ ਹੈ। ਦੋਹਾਂ ਜਥੇਬੰਦੀਆਂ ਦੇ ਜਨਰਲ ਸਕੱਤਰਾਂ ਸੁਖਦੇਵ ਸਿੰਘ ਕੋਕਰੀ ਕਲਾਂ ਤੇ ਲਛਮਣ ਸਿੰਘ ਸੇਵੇਵਾਲਾ ਨੇ ਮੁੱਖ ਮੰਤਰੀ ਨਾਲ ਮੀਟਿੰਗ ਮਗਰੋਂ ਬਿਆਨ ਰਾਹੀਂ ਇਹ ਜਾਣਕਾਰੀ ਦਿੱਤੀ।