ਨਵੀਂ ਦਿੱਲੀ, 30 ਅਗਸਤ
ਜਰਮਨੀ ਦੇ ਰਾਜਦੂਤ ਫਿਲਿਪ ਐਕਰਮੈਨ ਨੇ ਅੱਜ ਇੱਥੇ ਕਿਹਾ ਕਿ ਭਾਰਤ ਦੀ ਸਰਹੱਦ ’ਤੇ ਚੀਨ ਦਾ ਕਬਜ਼ਾ ਕੌਮਾਂਤਰੀ ਵਿਵਸਥਾ ਦੀ ਉਲੰਘਣਾ ਹੈ ਤੇ ਇਸ ਨੂੰ ਸਵੀਕਾਰ ਨਹੀਂ ਕੀਤਾ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਯੂਕਰੇਨ ’ਤੇ ਰੂਸ ਵੱਲੋਂ ਕੀਤੇ ਗਏ ਹਮਲੇ ਨੂੰ ਲੈ ਕੇ ਯੂਰਪ ਦੇ ਗੁੱਸੇ ਨੂੰ ਵੀ ਸਮਝਣ ਦੀ ਜ਼ਰੂਰਤ ਹੈ।
ਨਵੇਂ ਨਿਯੁਕਤ ਰਾਜਦੂਤ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਅਰੁਣਾਚਲ ਪ੍ਰਦੇਸ਼ ’ਤੇ ਚੀਨ ਵੱਲੋਂ ਕੀਤੇ ਜਾ ਰਹੇ ਦਾਅਵੇ ਨੂੰ ਬਹੁਤ ਹੀ ਹੈਰਾਨ ਕਰਨ ਵਾਲਾ ਕਰਾਰ ਦਿੱਤਾ। ਰੂਸ ਵੱਲੋਂ ਯੂਕਰੇਨ ’ਤੇ ਕੀਤੇ ਗਏ ਹਮਲੇ ਨੂੰ 70 ਸਾਲਾਂ ਅੰਦਰ ਦੁਨੀਆ ਦਾ ਸਭ ਤੋਂ ਵੱਡਾ ਹਮਲਾ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਯਕੀਨ ਹੈ ਕਿ ਭਾਰਤ ਵੀ ਇਸ ਨੂੰ ਕੌਮਾਂਤਰੀ ਕਾਨੂੰਨ ਦੀ ਉਲੰਘਣਾ ਮੰਨਦਾ ਹੈ। ਉਨ੍ਹਾਂ ਕਿਹਾ ਕਿ ਹੋ ਸਕਦਾ ਹੈ ਕਿ ਯੂਕਰੇਨ ਸੰਕਟ ਨੂੰ ਲੈ ਕੇ ਭਾਰਤ ਤੇ ਯੂਰਪ ਹਰ ਮੁੱਦੇ ’ਤੇ ਇਕਮੱਤ ਨਾ ਹੋਣ ਪਰ ਦੋਵਾਂ ਧਿਰਾਂ ਦੀ ਲੋਕਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਸਮਝ ਸਾਂਝੀ ਹੈ। ਉਨ੍ਹਾਂ ਕਿਹਾ, ‘ਅਸੀਂ ਉੱਤਰੀ ਸਰਹੱਦ ’ਤੇ ਭਾਰਤ ਲਈ ਬਣੀ ਸਮੱਸਿਆ ਤੋਂ ਜਾਣੂ ਹਾਂ। ਸਾਨੂੰ ਇਹ ਨਹੀਂ ਭੁੱਲਣਾ ਚਾਹੀਦਾ ਕਿ ਚੀਨ ਦਾਅਵਾ ਕਰ ਰਿਹਾ ਹੈ ਕਿ ਅਰੁਣਾਚਲ ਪ੍ਰਦੇਸ਼ ਚੀਨ ਦਾ ਹਿੱਸਾ ਹੈ। ਸਾਨੂੰ ਇਹ ਸਪੱਸ਼ਟ ਦਿਖਾਈ ਦੇ ਰਿਹਾ ਹੈ ਕਿ ਸਰਹੱਦ ’ਤੇ ਹਾਲਾਤ ਬਹੁਤ ਸਖ਼ਤ ਹਨ ਤੇ ਇਸ ਨੂੰ ਸਵੀਕਾਰ ਨਹੀਂ ਕੀਤਾ ਜਾਣਾ ਚਾਹੀਦਾ ਹੈ।’