ਚੰਡੀਗੜ੍ਹ, 5 ਅਗਸਤ
ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵੀਰਵਾਰ ਨੂੰ ਦਿੱਲੀ ’ਚ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨਾਲ ਮੁਲਾਕਾਤ ਕਰਕੇ ਸਰਾਵਾਂ ’ਤੇ 12 ਫ਼ੀਸਦ ਜੀਐੱਸਟੀ ਲਗਾਉਣ ਦੇ ਫ਼ੈਸਲੇ ਨੂੰ ਵਾਪਸ ਲੈਣ ਦੀ ਮੰਗ ਕੀਤੀ। ਉਨ੍ਹਾਂ ਪੰਜਾਬ ਦੇ ਕਿਸਾਨਾਂ ਦੀ ਭਲਾਈ ਅਤੇ ਜ਼ਮੀਨੀ ਪਾਣੀ ਦੇ ਸੰਕਟ ਦੇ ਹੱਲ ਲਈ ਵਿਸ਼ੇਸ਼ ਵਿੱਤੀ ਪੈਕੇਜ ਦੀ ਵੀ ਮੰਗ ਕੀਤੀ। ਬਾਅਦ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਘਵ ਚੱਢਾ ਨੇ ਕਿਹਾ ਕਿ ਦੁਨੀਆ ਭਰ ਤੋਂ ਰੋਜ਼ਾਨਾ ਲੱਖਾਂ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਲਈ ਜਾਂਦੇ ਹਨ ਅਤੇ ਉਹ ਸਰਾਵਾਂ ਵਿੱਚ ਰਹਿੰਦੇ ਹਨ। ਇਹ ਸਰਾਵਾਂ, ਹੋਟਲ ਦੀਆਂ ਧਾਰਨਾਵਾਂ ਤੋਂ ਦੂਰ ਹਨ। ਇਸ ਲਈ ਸਰਾਵਾਂ ’ਤੇ 12 ਫ਼ੀਸਦ ਜੀਐੱਸਟੀ ਲਗਾਉਣ ਦਾ ਫੈਸਲਾ ਸੰਗਤ ’ਤੇ ਵਾਧੂ ਵਿੱਤੀ ਬੋਝ ਹੈ। ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨੂੰ ਤੁਰੰਤ ਵਾਪਸ ਲਿਆ ਜਾਣਾ ਚਾਹੀਦਾ ਹੈ। ਰਾਘਵ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਇਹ ਕਦਮ ਮੁਗਲ ਦੌਰ ਦੀ ਯਾਦ ਦਿਵਾਉਂਦਾ ਹੈ ਜਦੋਂ ਔਰੰਗਜ਼ੇਬ ਨੇ ਸਰਧਾਲੂਆਂ ’ਤੇ ਜਜ਼ੀਆ ਲਗਾਇਆ ਸੀ। ਸੀਤਾਰਾਮਨ ਨਾਲ ਮੁਲਾਕਾਤ ਦੌਰਾਨ ਰਾਜ ਸਭਾ ਮੈਂਬਰ ਨੇ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦੇ ਪੱਧਰ ਵਿੱਚ ਭਾਰੀ ਗਿਰਾਵਟ ਕਾਰਨ ਪੈਦਾ ਹੋਣ ਵਾਲੇ ਸੰਕਟ ਦੇ ਹੱਲ ਲਈ ਸੂਬੇ ਨੂੰ ਵਿੱਤੀ ਪੈਕੇਜ ਜਾਰੀ ਕਰਨ ਦੀ ਵੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਖੇਤੀਬਾੜੀ ਸੂਬਾ ਹੋਣ ਦੇ ਨਾਤੇ ਪੰਜਾਬ ਨੂੰ ਵਾਧੂ ਜਲ ਸਾਧਨ ਮੁਹੱਈਆ ਕਰਵਾਏ ਜਾਣ। ਉਨ੍ਹਾਂ ਮੰਗ ਪੱਤਰ ਵਿੱਚ ਲਿਖਿਆ,‘‘ਪੰਜਾਬ ਨੇ ਸਾਲ 1960 ਅਤੇ 1970 ਦੇ ਦਹਾਕੇ ਵਿੱਚ ਦੇਸ਼ ਨੂੰ ਅਨਾਜ ਉਤਪਾਦਨ ਲਈ ਆਤਮ-ਨਿਰਭਰ ਬਣਾਇਆ। ਪੰਜਾਬ ਨੇ ਹਰੀ ਕ੍ਰਾਂਤੀ ਦੀ ਅਗਵਾਈ ਕੀਤੀ ਅਤੇ ਝੋਨਾ ਉਗਾਉਣ ਦੀ ਪਹਿਲਕਦਮੀ ਕੀਤੀ। ਝੋਨੇ ਦੀ ਕਾਸ਼ਤ ਦੇ ਨਤੀਜੇ ਵਜੋਂ ਧਰਤੀ ਹੇਠਲੇ ਪਾਣੀ ਵਿੱਚ ਚਿੰਤਾਜਨਕ ਗਿਰਾਵਟ ਆਈ ਹੈ ਜੋ ਹੁਣ ਖਤਰਨਾਕ ਪੱਧਰ ’ਤੇ ਪਹੁੰਚ ਗਿਆ ਹੈ।’’ ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਸੰਕਟ ਦੀ ਘੜੀ ਵਿੱਚ ਦੇਸ਼ ਲਈ ਖੜ੍ਹ ਕੇ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ।